ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਵੱਲੋਂ ਜੱਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮੋਹਿੰਦਰ ਕੌਰ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 29 ਜੁਲਾਈ(ਵਿਸ਼ਵ ਵਾਰਤਾ)-: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਰਹੂਮ ਜੱਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮੋਹਿੰਦਰ ਕੌਰ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹ 91 ਵਰਿਆਂ ਦੇ ਸਨ ਜਿਨਾਂ ਦਾ ਬੀਤੀ ਰਾਤ ਪੀ.ਜੀ.ਆਈ. ਵਿਖੇ ਲੰਮੀ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਦੋ ਧੀਆਂ ਅਤੇ ਦੋ ਪੁੱਤਰ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਗਜੀਤ ਸਿੰਘ ਤਲਵੰਡੀ ਛੱਡ ਗਏ ਹਨ।
ਆਪਣੇ ਸ਼ੋਕ ਸੰਦੇਸ਼ ਵਿੱਚ ਉਹਨਾਂ ਨੇ ਕਿਹਾ, ‘‘ਮੈਨੂੰ ਸਰਦਾਰਨੀ ਮੋਹਿੰਦਰ ਕੌਰ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਜੋ ਕਿ ਉੱਚ ਗੁਣਾਂ ਦੀ ਧਾਰਨੀ ਅਤੇ ਨੇਕ ਨੀਅਤ ਵਾਲੀ ਸਖ਼ਸ਼ੀਅਤ ਸਨ।’’
ਉਹਨਾਂ ਨੇ ਦੁਖੀ ਪਰਿਵਾਰ, ਸਾਕ-ਸਨੇਹੀਆਂ ਤੇ ਦੋਸਤਾਂ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।





















