ਕੈਪਟਨ ਅਮਰਿੰਦਰ ਸਿੰਘ ਦਿੱਲੀ ਦੇ ਸਫਲ ਦੌਰੇ ਤੋਂ ਵਾਪਸ ਪਰਤੇ ਪੰਜਾਬ
15 ਅਗਸਤ ਤੋਂ ਬਾਅਦ ਕਿਸੇ ਵੀ ਸਮੇਂ ਕਰ ਸਕਦੇ ਹਨ ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ
ਪ੍ਰਧਾਨ ਮੰਤਰੀ ਅਤੇ ਕਾਂਗਰਸ ਪ੍ਰਧਾਨ ਸਮੇਤ ਕਈ ਮੰਤਰੀਆਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ,12 ਅਗਸਤ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ 2 ਦਿਨਾ ਦਿੱਲੀ ਦੌਰੇ ਤੋਂ ਪੰਜਾਬ ਵਾਪਸ ਪਰਤੇ ਹਨ। ਪੰਜਾਬ ਦੇ ਮੁੱਖ ਮੰਤਰੀ ਦਿੱਲੀ ਦੌਰੇ ਤੋਂ ਪੂਰੇ ਜੋਸ਼ ਨਾਲ ਪੰਜਾਬ ਪਹੁੰਚੇ ਹਨ ਕਿਉਂਕਿ 2 ਦਿਨਾਂ ਦੇ ਦੌਰੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਮੰਤਰੀ ਮਨਸੁੱਖ ਮੰਡਵੀਆ ਅਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਬਹੁਤ ਚੰਗੇ ਮਾਹੌਲ ਵਿੱਚ ਮੁਲਾਕਾਤ ਕੀਤੀ। ਜਿਸ ਕਾਰਨ ਕੈਪਟਨ ਪੂਰੀ ਊਰਜਾ ਨਾਲ ਦਿੱਲੀ ਤੋਂ ਪਰਤੇ ਹਨ। ਹੁਣ ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚ ਚਰਚਾ ਦਾ ਦੌਰ ਸ਼ੁਰੂ ਹੋ ਗਿਆ ਹੈ ਕਿਉਂਕਿ ਹੁਣ ਕੈਪਟਨ 15 ਅਗਸਤ ਤੋਂ ਬਾਅਦ ਪੰਜਾਬ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ ਕਰ ਸਕਦੇ ਹਨ।
ਜਾਣਕਾਰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕੈਪਟਨ ਵੱਲੋਂ ਸਿੱਧੂ ਬਾਰੇ ਦਿੱਤੀ ਗਈ ਫੀਡਬੈਕ ਤੋਂ ਬਾਅਦ ਸੋਨੀਆ ਗਾਂਧੀ ਨੇ ਸੂਬੇ ਦੇ ਇੰਚਾਰਜ ਹਰੀਸ਼ ਰਾਵਤ ਨੂੰ ਪੰਜਾਬ ਜਾ ਕੇ ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ।






















