ਵੱਡੀ ਖ਼ਬਰ
ਗੰਨੇ ਦਾ ਭਾਅ ਵਧਾਉਣ ਅਤੇ ਬਕਾਇਆ ਲੈਣ ਸਬੰਧੀ ਕਿਸਾਨ ਆਗੂਆਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਜਾਰੀ
ਕਿਸਾਨਾਂ ਦਾ ਵੱਡਾ ਐਲਾਨ- ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਮੰਗਲਵਾਰ ਨੂੰ ਹੋਵੇਗਾ ਪੰਜਾਬ ਬੰਦ
ਚੰਡੀਗੜ੍ਹ, 22ਅਗਸਤ(ਵਿਸ਼ਵ ਵਾਰਤਾ)- ਪੰਜਾਬ ਦੇ ਕਿਸਾਨ ਜੋ ਕਿ ਗੰਨੇ ਦੇ ਘੱਟੋ -ਘੱਟ ਸਮਰਥਨ ਮੁੱਲ ਵਿੱਚ ਵਾਧੇ ਅਤੇ ਪੰਜਾਬ ਵਿੱਚ ਬਕਾਏ ਦੀ ਅਦਾਇਗੀ ਦੀ ਮੰਗ ਕਰ ਰਹੇ ਹਨ ਅਤੇ ਪਿਛਲੇ ਕਈ ਦਿਨਾਂ ਤੋਂ ਰੇਲਵੇ ਟਰੈਕਾਂ ਅਤੇ ਰਾਜ ਮਾਰਗਾਂ ‘ਤੇ ਬੈਠੇ ਹਨ, ਉਹਨਾਂ ਨੇ ਅੱਜ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਚੰਡੀਗੜ੍ਹ ਵਿੱਚ ਗੱਲਬਾਤ ਸ਼ੁਰੂ ਕੀਤੀ ਹੈ।

ਇਸ ਸਮੇਂ ਇਹ ਜਾਣਕਾਰੀ ਮਿਲੀ ਹੈ ਕਿ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਕਈ ਉੱਚ ਅਧਿਕਾਰੀਆਂ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਕਿਸਾਨ ਭਵਨ ਵਿਖੇ ਜਾਰੀ ਹੈ। ਜਿਸ ਵਿੱਚ ਬਲਬੀਰ ਸਿੰਘ ਰਾਜੇਵਾਲ ਤੇ ਹੋਰ ਕਈ ਕਿਸਾਨ ਨੇਤਾ ਮੌਜੂਦ ਹਨ।
ਦੱਸਣਯੋਗ ਗੱਲ ਇਹ ਹੈ ਕਿ ਮੰਤਰੀ ਰੰਧਾਵਾ ਨੂੰ ਮਿਲਣ ਤੋਂ ਪਹਿਲਾਂ ਹੀ ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਮੰਗਲਵਾਰ ਤੋਂ ਪੰਜਾਬ ਬੰਦ ਰਹੇਗਾ।ਭਾਕਿਊ ਦੋਆਬਾ ਦੇ ਐਮਐਸ ਰਾਏ ਨੇ ਕਿਹਾ ਕਿ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਉਠਾ ਰਹੇ ਹਨ, ਪਰ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।

ਜਿਸ ਕਾਰਨ ਹੁਣ ਉਨ੍ਹਾਂ ਨੂੰ ਸੜਕਾਂ ਤੇ ਉਤਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਰੱਖੜੀ ਦੇ ਤਿਉਹਾਰ ਕਾਰਨ ਅਸੀਂ ਪੰਜਾਬ ਬੰਦ ਦੇ ਫੈਸਲੇ ਨੂੰ ਮੁਲਤਵੀ ਕਰ ਦਿੱਤਾ, ਪਰ ਜੇ ਮੰਗ ਪੂਰੀ ਨਾ ਹੋਈ ਤਾਂ ਮੰਗਲਵਾਰ ਤੋਂ ਬੰਦ ਦਾ ਸੱਦਾ ਦਿੱਤਾ ਜਾਵੇਗਾ।
ਤੁਹਾਨੂੰ ਦੱਸ ਦੇਈਏ ਕਿ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਜਲੰਧਰ ਵਿੱਚ ਹਾਈਵੇ ਅਤੇ ਰੇਲਵੇ ਟ੍ਰੈਕ ਨੂੰ ਜਾਮ ਕਰ ਦਿੱਤਾ ਹੈ। ਜਿਸ ਕਾਰਨ ਆਵਾਜਾਈ ਕਈ ਦਿਨਾਂ ਤੋਂ ਪ੍ਰਭਾਵਿਤ ਹੋ ਰਹੀ ਹੈ। ਕਿਸਾਨ ਸੂਬਾ ਸਰਕਾਰ ਤੋਂ ਉਨ੍ਹਾਂ ਦੇ ਬਕਾਏ ਦੀ ਅਦਾਇਗੀ ਦੀ ਮੰਗ ਕਰ ਰਹੇ ਹਨ।























