ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ
CTU ਦੀਆਂ ਬੱਸਾਂ ’ਚ ਐਂਟਰੀ ਨੂੰ ਲੈ ਕੇ ਚੁੱਕਿਆ ਇਹ ਕਦਮ

ਚੰਡੀਗੜ੍ਹ, 30ਅਗਸਤ(ਵਿਸ਼ਵ ਵਾਰਤਾ)- ਕੋਰੋਨਾ ਦੀ ਤੀਜੀ ਲਹਿਰ ਦੇ ਡਰ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਕ ਅਹਿਮ ਫੈਸਲਾ ਲੈਂਦਿਆਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਪ੍ਰਸ਼ਾਸਨ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜੇਕਰ ਮੁਸਾਫ਼ਰਾਂ ਨੇ ਮਾਸਕ ਨਹੀਂ ਪਾਇਆ ਹੈ ਤਾਂ ਉਨ੍ਹਾਂ ਨੂੰ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (CTU) ਦੀਆਂ ਲੰਬੇ ਅਤੇ ਲੋਕਲ ਰੂਟ ਦੀਆਂ ਬੱਸਾਂ ਵਿੱਚ ਐਂਟਰੀ ਨਹੀਂ ਦਿੱਤੀ ਜਾਵੇਗੀ ।

ਇਸ ਸਬੰਧੀ ਪ੍ਰਸ਼ਾਸਨ ਵੱਲੋਂ CTU ਨੂੰ ਵੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਨ੍ਹਾਂ ਹੁਕਮਾਂ ਵਿੱਚ ਪ੍ਰਸ਼ਾਸਨ ਵੱਲੋਂ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਦੇ ਨਾਲ ਹੀ ਇਹ ਫ਼ੈਸਲਾ ਲਿਆ ਗਿਆ ਹੈ ਕਿ RLA ਯਾਨੀ ਕਿ ਰਜਿਸਟ੍ਰਿੰਗ ਐਂਡ ਲਾਈਸੈਂਸਿੰਗ ਅਥਾਰਟੀ ਵਿੱਚ ਹੁਣ ਸਿਰਫ਼ ਉਨ੍ਹਾਂ ਬਿਨੈਕਾਰਾਂ ਨੂੰ ਹੀ ਦਾਖ਼ਲਾ ਮਿਲੇਗਾ, ਜਿਨ੍ਹਾਂ ਦੇ ਕੋਰੋਨਾ ਦੀ ਘੱਟੋ-ਘੱਟ ਇੱਕ ਡੋਜ਼ ਲੱਗ ਚੁੱਕੀ ਹੋਵੇਗੀ ਜਾਂ ਉਨ੍ਹਾਂ ਨੂੰ ਪਿਛਲੇ 72 ਘੰਟਿਆਂ ਦੀ ਕੋਵਿਡ ਨੈਗੇਟਿਵ ਰਿਪੋਰਟ ਲਿਆਉਣੀ ਪਵੇਗੀ।
ਇਥੇ ਇਹ ਗੱਲ ਵਰਨਣਯੋਗ ਹੈ ਕਿ ਚੰਡੀਗੜ੍ਹ ਹਾਊਸਿੰਗ ਬੋਰਡ ਵੱਲੋਂ ਵੀ ਆਪਣੇ ਅਧਿਕਾਰੀਆਂ, ਕਰਮਚਾਰੀਆਂ ਅਤੇ ਵਿਜ਼ੀਟਰਜ਼ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਸੀ. ਐੱਚ. ਬੀ. ਦਫ਼ਤਰ ਆਉਣ ਲਈ ਵਿਜ਼ੀਟਰਜ਼ ਕੋਲ ਕੋਰੋਨਾ ਦੀ ਨੈਗੇਟਿਵ ਰਿਪੋਰਟ ਜਾਂ ਵੈਕਸੀਨ ਦੀ ਇੱਕ ਡੋਜ਼ ਲੱਗੀ ਹੋਣੀ ਲਾਜ਼ਮੀ ਹੈ।






















