ਦੇਖੋ, ਕਿਸ ਦਿਨ ਮੁੜ ਸ਼ੁਰੂ ਹੋਵੇਗੀ ਅੰਮ੍ਰਿਤਸਰ ਤੋਂ ਯੂਕੇ ਦੀ ਉਡਾਣ

ਅੰਮ੍ਰਿਤਸਰ,30ਅਗਸਤ(ਵਿਸ਼ਵ ਵਾਰਤਾ)-: ਕੋਰੋਨਾ ਮਹਾਂਮਾਰੀ ਕਾਰਨ ਪਿਛਲੇ ਕਾਫੀ ਸਮੇਂ ਤੋਂ ਬੰਦ ਪਈਆਂ ਅੰਤਰਰਾਸ਼ਟਰੀ ਉਡਾਣਾਂ ਹੁਣ ਮੁੜ ਤੋਂ ਸ਼ੁਰੂ ਹੋ ਰਹੀਆਂ ਹਨ। ਭਾਰਤ ਅਤੇ ਯੂਕੇ ਵਿਚਕਾਰ ਉਡਾਣਾਂ ਦੀ ਵੱਡੀ ਮੰਗ ਨੂੰ ਮੁੱਖ ਰੱਖਦੇ ਹੋਏ ਏਅਰ ਇੰਡੀਆ 3 ਸਤੰਬਰ ਤੋਂ ਆਪਣੀ ਅੰਮ੍ਰਿਤਸਰ – ਬਰਮਿੰਘਮ ਸਿੱਧੀ ਉਡਾਣ ਮੁੜ ਸ਼ੁਰੂ ਕਰ ਰਹੀ ਹੈ। ਯੂਕੇ ਸਰਕਾਰ ਵਲੋਂ 8 ਅਗਸਤ ਤੋਂ ਭਾਰਤ ਦਾ ਨਾਮ ‘ਲਾਲ’ ਸੂਚੀ ਤੋਂ ਹਟਾ ਕੇ ਇਸਨੂੰ ‘ਏਂਬਰ’ ਸੂਚੀ ਵਿੱਚ ਪਾ ਦਿੱਤੇ ਜਾਣ ਤੋਂ ਬਾਅਦ ਉਡਾਣਾਂ ਦੋਨਾਂ ਮੁਲਕਾਂ ਵਿਚਕਾਰ ਉਡਾਣਾਂ ਦੀ ਗਿਣਤੀ ਨੂੰ ਵਧਾਇਆ ਜਾ ਰਿਹਾ ਹੈ।
ਇਸ ਸੰਬੰਧੀ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਏਅਰ ਇੰਡੀਆ ਦੀ ਵੈਬਸਾਈਟ ’ਤੇ ਤਾਜ਼ਾ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਅਤੇ ਬਰਮਿੰਘਮ ਵਿਚਕਾਰ ਹਰ ਹਫਤੇ ਵਿੱਚ ਇਕ ਸਿੱਧੀ ਉਡਾਣ 3 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ। ਇਹ ਉਡਾਣ ਹਰ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਤੋਂ ਦੁਪਹਿਰ 3:00 ਵਜੇ ਉਡਾਣ ਭਰੇਗੀ ਅਤੇ ਉਸੇ ਦਿਨ ਸ਼ਾਮ 5:20 ਵਜੇ ਬਰਮਿੰਘਮ ਪਹੁੰਚੇਗੀ। ਵਾਪਸੀ ਦੀ ਉਡਾਣ ਸ਼ਨੀਵਾਰ ਸ਼ਾਮ ਨੂੰ 7:30 ਵਜੇ ਬਰਮਿੰਘਮ ਤੋਂ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਐਤਵਾਰ ਸਵੇਰੇ 7:35 ਵਜੇ ਅੰਮ੍ਰਿਤਸਰ ਪਹੁੰਚੇਗੀ। ਏਅਰ ਇੰਡੀਆ ਇਸ ਰੂਟ ‘ਤੇ ਬੋਇੰਗ 787 ਡ੍ਰੀਮਲਾਈਨ ਜਹਾਜ਼ ਦੀ ਵਰਤੋਂ ਕਰੇਗੀ। ਇਨ੍ਹਾਂ ਉਡਾਣਾਂ ਦੀ ਬੁਕਿੰਗ ਏਅਰ ਇੰਡੀਆ ਦੀ ਵੈਬਸਾਈਟ ਤੇ ਕੀਤੀ ਜਾ ਸਕਦੀ ਹੈ।






















