ਭਾਜਪਾ ਆਗੂਆਂ ਦੀ ਮੀਟਿੰਗ ਦਾ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ

ਬਠਿੰਡਾ, 4 ਸਤੰਬਰ ( ਕੁਲਬੀਰ ਬੀਰਾ ) ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਿਆਂਦੇ ਖੇਤੀ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਆਗੂਆਂ ਦੀਆਂ ਜਨਤਕ ਕਾਰਵਾਈਆਂ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ ਹੋਇਆ ਹੈ। ਕੱਲ੍ਹ 5 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੁਜ਼ੱਫਰਨਗਰ ਯੂਪੀ ਦੇ ਵਿੱਚ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਲਈ ਬਠਿੰਡਾ ਜ਼ਿਲ੍ਹੇ ਤੋਂ ਵੱਡੀ ਪੱਧਰ ਤੇ ਕਿਸਾਨ ਆਗੂ ਤੇ ਵਰਕਰ ਅੱਜ ਰੈਲੀ ਲਈ ਰਵਾਨਾ ਹੋ ਗਏ ਹਨ। ਬਠਿੰਡਾ ਜ਼ਿਲ੍ਹਾ ਦੇ ਭਾਜਪਾ ਆਗੂਆਂ ਨੇ ਇਹ ਮੌਕਾ ਤੱਕਦਿਆਂ ਅੱਜ ਬਠਿੰਡਾ ਸ਼ਹਿਰ ਦੇ ਸੁੱਖ ਸਾਗਰ ਹੋਟਲ ਵਿਚ ਮੀਟਿੰਗ ਰੱਖੀ ਹੋਈ ਸੀ, ਜਿਸ ਦਾ ਵਿਰੋਧ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨ ਆਗੂਆਂ ਕੁਲਵੰਤ ਸ਼ਰਮਾ ਰਾਏ ਕੇ ਕਲਾਂ , ਸਿਮਰਜੀਤ ਸਿੰਘ ਚੱਕ ਫਤਿਹ ਸਿੰਘ ਵਾਲਾ , ਦੀਨਾ ਸਿਵੀਆਂ , ਅੰਮ੍ਰਿਤ ਪਾਲ ਸਿੰਘ ਮੌੜ, ਚੜਤ ਸਿੰਘ ਦੀ ਅਗਵਾਈ ਵਿੱਚ ਕਿਸਾਨ ਵਰਕਰ ਵੱਡੀ ਗਿਣਤੀ ਵਿਚ ਉੱਥੇ ਪਹੁੰਚ ਗਏ ਅਤੇ ਪੁਲੀਸ ਦੀਆਂ ਰੋਕਾਂ ਤੋੜ ਕੇ ਸੁੱਖ ਸਾਗਰ ਹੋਟਲ ਦਾ ਘਿਰਾਓ ਕਰ ਲਿਆ। ਕਿਸਾਨਾਂ ਵੱਲੋਂ ਕੀਤੀ ਜਾ ਰਹੀ ਨਾਅਰੇਬਾਜ਼ੀ ਦੌਰਾਨ ਕੀਤੇ ਵਿਰੋਧ ਸਦਕਾ ਭਾਜਪਾ ਆਗੂਆਂ ਨੂੰ ਮੀਟਿੰਗ ਵਿਚਕਾਰ ਛੱਡ ਕੇ ਜਾਣਾ ਪਿਆ। ਕਿਸਾਨ ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨੇ ਕਾਲੇ ਕਾਨੂੰਨਾਂ ਨੂੰ ਹੋਲਡ ਤੇ ਕੀਤਾ ਹੋਇਆ ਹੈ., ਪਰ ਕੇਂਦਰ ਸਰਕਾਰ ਧੱਕੇ ਨਾਲ ਖੇਤੀ ਵਿੱਚ ਕਾਰਪੋਰੇਟਾਂ ਦਾ ਦਾਖਲਾ ਕਰ ਰਹੀ ਹੈ। ਹਿਮਾਚਲ ਅਤੇ ਕਸ਼ਮੀਰ ਵਿੱਚ ਸੇਬਾਂ ਦੇ ਫਲਾਂ ਦੀ ਖਰੀਦ ਅਡਾਨੀ ਗਰੁੱਪ ਵੱਲੋਂ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨਾਲ ਕੀਤੇ ਰੇਟਾਂ ਤੋਂ ਘੱਟ ਰੇਟਾਂ ਤੇ ਸੇਬਾਂ ਨੂੰ ਖ਼ਰੀਦ ਕੇ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ । ਖੇਤੀ ਖੇਤਰ ਵਿਚ ਵਿਦੇਸ਼ੀ ਨਿਵੇਸ਼ ਦਾ ਰਾਹ ਪੱਧਰਾ ਕਰ ਕੇ ਖੇਤੀ ਨੂੰ ਕਾਰਪੋਰੇਟਾਂ ਹਵਾਲੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੂੰ ਕਾਰਪੋਰੇਟ ਕੰਪਨੀਆਂ ਦੇ ਮੁਨਾਫ਼ਿਆਂ ਦੇ ਹਿੱਤਾਂ ਦਾ ਫਿਕਰ ਸਤਾ ਰਿਹਾ ਹੈ ।ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਵਿੱਚ ਟੌਲ ਪਲਾਜ਼ੇ ਬੰਦ ਕੀਤੇ ਹੋਏ ਹਨ ਉਨ੍ਹਾਂ ਨੂੰ ਚਲਾਉਣ ਲਈ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਜਾ ਰਹੇ ਹਨ । ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨਾ ਚਿਰ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਓਨਾ ਚਿਰ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰ ਠੱਪ ਰੱਖੇ ਜਾਣਗੇ ਅਤੇ ਭਾਜਪਾ ਆਗੂਆਂ ਦੀਆਂ ਜਨਤਕ ਰੈਲੀਆਂ, ਮੀਟਿੰਗਾਂ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ।






















