ਮੋਤੀ ਮਹਿਲ ਦਾ ਘਿਰਾਓ ਕਰਨਗੇ ਬੇਰੁਜ਼ਗਾਰ B Ed ਟੈੱਟ ਪਾਸ ਅਧਿਆਪਕ

ਸੰਗਰੂਰ, 9 ਸਤੰਬਰ(ਵਿਸ਼ਵ ਵਾਰਤਾ)-ਪਿਛਲੇ ਲੰਬੇ ਸਮੇਂ ਤੋਂ ਆਪਣੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਖਿਲਾਫ਼ ਤਿੱਖਾ ਸੰਘਰਸ਼ ਕਰ ਰਹੇ ਬੇਰੁਜਗਾਰ ਬੀ.ਐਡ. ਟੈਟ ਪਾਸ ਅਧਿਆਪਕਾਂ ਨੇ 12 ਸਤੰਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਪਟਿਆਲੇ ਵਿਖੇ ਰੋਸ ਰੈਲੀ ਕਰਕੇ ਮੁੱਖ ਮੰਤਰੀ ਦੇ ਨਿਵਾਸ ਸਥਾਨ ਮੋਤੀ ਮਹਿਲ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।
ਇਥੇ ਇਹ ਗੱਲ ਵਰਨਣਯੋਗ ਹੈ ਕਿ ਬੇਰੁਜ਼ਗਾਰ ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਹਨ ਅਤੇ ਇਸ ਸੰਬੰਧੀ ਪੰਜਾਬ ਸਰਕਾਰ ਨਾਲ ਅਨੇਕਾਂ ਮੀਟਿੰਗਾਂ ਵੀ ਹੋ ਚੁੱਕੀਆਂ ਹਨ, ਪਰੰਤੂ ਕਿਸੇ ਵੀ ਮੀਟਿੰਗ ‘ਚ ਕੋਈ ਹੱਲ ਨਹੀਂ ਨਿਕਲਿਆ ਹੈ।
ਬੇਰੁਜ਼ਗਾਰ ਬੀ ਐਡ ਟੈੱਟ ਪਾਸ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਪੰਜਾਬ ਸਰਕਾਰ ਘਰ ਘਰ ਨੌਕਰੀ ਦੇ ਵਾਅਦੇ ਤੋਂ ਭੱਜ ਚੁੱਕੀ ਹੈ। ਇਸ ਸੰਬੰਧੀ ਬੇਰੁਜ਼ਗਾਰਾਂ ਦੀਆਂ ਜਿੰਨੀਆਂ ਵੀ ਪੰਜਾਬ ਸਰਕਾਰ ਨਾਲ ਮੀਟਿੰਗਾਂ ਹੋਈਆਂ ਹਨ ਇਨ੍ਹਾਂ ਹੋਈਆਂ ਮੀਟਿੰਗਾਂ ਵਿੱਚ ਬੇਰੁਜ਼ਗਾਰਾਂ ਨੂੰ ਲਾਰਿਆਂ ਤੋਂ ਬਿਨਾਂ ਕੁਝ ਵੀ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ 12 ਸਤੰਬਰ ਨੂੰ ਪਟਿਆਲੇ ਵਿਖੇ ਬੇਰੁਜ਼ਗਾਰਾਂ ਵੱਲੋਂ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ ਅਤੇ ਜਦੋਂ ਤੱਕ ਬੇਰੁਜ਼ਗਾਰਾਂ ਦੀਆਂ ਸਾਰੀਆਂ ਮੰਗਾਂ ਸਰਕਾਰ ਦੁਆਰਾ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਤਦ ਤੱਕ ਸੰਘਰਸ਼ ਜਾਰੀ ਰਹੇਗਾ।
ਇਸ ਸਮੇਂ ਅਮਨ ਸੇਖਾ, ਸੰਦੀਪ ਸਿੰਘ, ਗਗਨਦੀਪ ਕੌਰ ,ਪ੍ਰਿਤਪਾਲ ਕੌਰ, ਗੁਰਪ੍ਰੀਤ ਕੌਰ, ਨਰਿੰਦਰ ਸਿੰਘ, ਮੱਖਣ ਸ਼ੇਰੋਂ, ਅਵਤਾਰ ਸਿੰਘ, ਮਨਦੀਪ ਸਿੰਘ, ਮਨਪ੍ਰੀਤ ਸਿੰਘ, ਅਮਰੀਕ ਸਿੰਘ, ਲਖਵੀਰ ਕੌਰ, ਅਮਰਜੀਤ, ਗੁਰਸਿਮਰਤ, ਸੰਦੀਪ ਕੌਰ, ਸੁਖਵਿੰਦਰ ਸਿੰਘ, ਰਣਬੀਰ ਸਿੰਘ, ਜਸਪਾਲ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ।
ਦੱਸ ਦੱਈਏ ਕਿ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਸ਼ਹਿਰ ਸੰਗਰੂਰ ਵਿਖੇ ਸਿਵਲ ਹਸਪਤਾਲ ਵਾਲੀ ਟੈਂਕੀ ਤੇ ਬੀ.ਐਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਮੁਨੀਸ਼ ਫਾਜ਼ਿਲਕਾ 20ਵੇਂ ਦਿਨ ਵੀ ਲਗਾਤਾਰ ਟੈਂਕੀ ਤੇ ਡਟਿਆ ਹੋਇਆ ਹੈ।






















