
ਚੰਡੀਗੜ, 20 ਫਰਵਰੀ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ ਦੇ ਪਹਿਲੇ ਚੀਫ਼ ਕਮਿਸ਼ਨਰ ਸਵਰਗੀ ਡਾ. ਐਮ.ਐਸ. ਰੰਧਾਵਾ ਦੀ ਪਤਨੀ ਸ੍ਰੀਮਤੀ ਇਕਬਾਲ ਕੌਰ ਰੰਧਾਵਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸ੍ਰੀਮਤੀ ਇਕਬਾਲ ਕੌਰ 101 ਵਰਿਆਂ ਦੇ ਸਨ ਜੋ ਸੰਖੇਪ ਬਿਮਾਰੀ ਮਗਰੋਂ ਇੱਥੋਂ ਦੇ ਇਕ ਨਿੱਜੀ ਹਸਪਤਾਲ ਵਿੱਚ ਚੱਲ ਵਸੇ। ਉਹ ਆਪਣੇ ਪਿੱਛੇ ਦੋ ਪੁੱਤਰੀਆਂ ਤੇ ਇਕ ਪੁੱਤ ਛੱਡ ਗਏ ਹਨ।
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਕਬਾਲ ਕੌਰ ਨੂੰ ਡਾ. ਰੰਧਾਵਾ ਲਈ ਦਿ੍ਰੜ ਇਰਾਦੇ ਵਾਲੀ ਅਤੇ ਪ੍ਰੇਰਨਾਦਾਇਕ ਸ਼ਖਸੀਅਤ ਦੱਸਿਆ। ਡਾ. ਰੰਧਾਵਾ ਨੇ ਲੁਧਿਆਣਾ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸਥਾਪਨਾ ਕਰਕੇ ਸੂਬੇ ਵਿੱਚ ਹਰੀ ਕ੍ਰਾਂਤੀ ਲਿਆਉਣ ਦਾ ਮੁੱਢ ਬੰਨਣ ਵਿੱਚ ਅਹਿਮ ਰੋਲ ਅਦਾ ਕੀਤਾ। ਚੰਡੀਗੜ ਨੂੰ ਸੁੰਦਰ ਸ਼ਹਿਰ ਵਜੋਂ ਵਿਕਸਤ ਕਰਨ ਦੇ ਨਾਲ-ਨਾਲ ਕਲਾ ਤੇ ਸੱਭਿਆਚਾਰ ਦਾ ਪਾਸਾਰ ਕਰਨ ਵਿੱਚ ਵੀ ਉਨਾਂ ਨੇ ਅਹਿਮ ਯੋਗਦਾਨ ਪਾਇਆ।
ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਕ ਮੈਂਬਰਾਂ ਤੇ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।





















