
ਅੰਮ੍ਰਿਤਸਰ/ਚੰਡੀਗੜ੍ਹ, 20 ਫਰਵਰੀ (ਵਿਸ਼ਵ ਵਾਰਤਾ) : ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਜੋ ਕਿ 7 ਦਿਨਾਂ ਦੇ ਭਾਰਤ ਦੌਰੇ ਉਤੇ ਆਏ ਹੋਏ ਹਨ, ਭਲਕੇ 21 ਫਰਵਰੀ ਨੂੰ ਪੰਜਾਬ ਪਹੁੰਚ ਰਹੇ ਹਨ| ਸ੍ਰੀ ਟਰੂਡੋ ਸਵੇਰੇ 10 ਵਜੇ ਅੰਮ੍ਰਿਤਸਰ ਪਹੁੰਚਣਗੇ, ਜਿਥੇ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ| ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਕੈਨੇਡੀਅਨ ਪ੍ਰਧਾਨ ਮੰਤਰੀ ਬੇਹੱਦ ਉਤਸ਼ਾਹਿਤ ਹਨ, ਉਥੇ ਪ੍ਰਸ਼ਾਸਨ ਵੱਲੋਂ ਵੀ ਉਨ੍ਹਾਂ ਦੀ ਇਸ ਫੇਰੀ ਨੂੰ ਲੈ ਕੇ ਸੁਰੱਖਿਆ ਪੁਖਤਾ ਪ੍ਰਬੰਧ ਕੀਤੇ ਗਏ ਹਨ| ਸ੍ਰੀ ਟਰੂਡੋ ਦਾ ਅੰਮ੍ਰਿਤਸਰ ਹਵਾਈ ਅੱਡੇ ਕੈਪਟਨ ਅਮਰਿੰਦਰ ਸਿੰਘ ਸਵਾਗਤ ਕਰਨਗੇ ਅਤੇ ਇੱਥੋਂ ਉਹ ਸਿੱਧਾ ਸੜਕੀ ਮਾਰਗ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਪਹੁੰਚਣਗੇ| ਇਸ ਰਸਤੇ ਵਿਚ ਸੁਰੱਖਿਆ ਵਿਵਸਥਾ ਬੇਹੱਦ ਕਰੜੀ ਕਰ ਦਿੱਤੀ ਗਈ ਹੈ|
ਕੈਪਟਨ ਅਮਰਿੰਦਰ ਸਿੰਘ ਤੇ ਜਸਟਿਨ ਟਰੂਡੋ ਵਿਚਾਲੇ ਹੋਵੇਗੀ ਮੁਲਾਕਾਤ
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਜਸਟਿਨ ਟਰੂਡੋ ਨਾਲ ਅੰਮ੍ਰਿਤਸਰ ਵਿਖੇ ਮੁਲਾਕਾਤ ਕਰਨਗੇ| ਇਹ ਮੁਲਾਕਾਤ ਇੱਥੋਂ ਦੇ ਤਾਜ ਹੋਟਲ ਵਿਚ ਹੋਵੇਗੀ|
3 ਘੰਟੇ ਅੰਮ੍ਰਿਤਸਰ ਰੁਕਣਗੇ ਟਰੂਡੋ
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੰਮ੍ਰਿਤਸਰ ਵਿਖੇ ਲਗਪਗ ਤਿੰਨੇ ਘੰਟੇ ਲਈ ਰੁਕਣਗੇ| ਇੱਥੋਂ ਉਹ ਦਿੱਲੀ ਲਈ ਰਵਾਨਾ ਹੋ ਜਾਣਗੇ|
ਸ਼੍ਰੋਮਣੀ ਕਮੇਟੀ ਨੇ ਕੀਤੀ ਜ਼ੋਰਦਾਰ ਤਿਆਰੀ
ਕੈਨੇਡੀਅਨ ਪ੍ਰਧਾਨ ਮੰਤਰੀ ਦੇ ਸਵਾਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੁਰਜ਼ੋਰ ਤਿਆਰੀਆਂ ਕੀਤੀਆਂ ਹਨ| ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਜਸਟਿਨ ਟਰੂਡੋ ਦਾ ਪੰਥਕ ਰਵਾਇਤਾਂ ਅਨੁਸਾਰ ਸਵਾਗਤ ਅਤੇ ਸਨਮਾਨ ਕੀਤਾ ਜਾਵੇਗਾ|
ਟਰੂਡੋ ਦੀ ਫੇਰੀ ਨੂੰ ਲੈ ਕੇ ਸਿੱਖ ਭਾਈਚਾਰੇ ‘ਚ ਉਤਸ਼ਾਹ
ਕੈਨੇਡੀਅਨ ਪ੍ਰਧਾਨ ਮੰਤਰੀ ਭਲਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਜਾ ਰਹੇ ਹਨ| ਉਨ੍ਹਾਂ ਦੀ ਇਸ ਫੇਰੀ ਨੂੰ ਲੈ ਕੇ ਸਿੱਖ ਭਾਈਚਾਰੇ ਵਿਚ ਕਾਫੀ ਉਤਸ਼ਾਹ ਹੈ| ਇਸ ਤੋਂ ਇਲਾਵਾ ਕੈਨੇਡਾ ਵਿਚ ਵਸਦੇ ਸਿੱਖਾਂ ਵਿਚ ਵੀ ਉਨ੍ਹਾਂ ਦੀ ਇਸ ਫੇਰੀ ਨੂੰ ਲੈ ਕੇ ਖੁਸ਼ੀ ਜ਼ਾਹਿਰ ਕੀਤੀ ਗਈ ਹੈ| ਦੱਸਣਯੋਗ ਹੈ ਕਿ ਕੈਨੇਡਾ ਵਿਚ ਵੱਡੀ ਗਿਣਤੀ ਵਿਚ ਸਿੱਖ ਭਾਈਚਾਰੇ ਦੇ ਲੋਕ ਰਹਿੰਦੇ ਹਨ ਅਤੇ ਜਸਟਿਨ ਟਰੂਡੋ ਉਥੋਂ ਦੇ ਧਾਰਮਿਕ ਸਮਾਗਮਾਂ ਵਿਚ ਅਕਸਰ ਸ਼ਿਰਕਤ ਕਰਦੇ ਹਨ|
ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਵੀ ਕਰਨਗੇ ਮੁਲਾਕਾਤ
ਇਸ ਦੌਰਾਨ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਵੀ ਕੈਨੇਡੀਅਨ ਪ੍ਰਧਾਨ ਮੰਤਰੀ ਨਾਲ ਅੰਮ੍ਰਿਤਸਰ ਵਿਖੇ ਮੁਲਾਕਾਤ ਕਰਨਗੇ|
ਅੰਮ੍ਰਿਤਸਰ ਵਿਚ ਸੁਰੱਖਿਆ ਦੇ ਕਰੜੇ ਪ੍ਰਬੰਧ
ਕੈਨੇਡੀਅਨ ਪ੍ਰਧਾਨ ਮੰਤਰੀ ਦੀ ਆਮਦ ਨੂੰ ਲੈ ਕੇ ਅੰਮ੍ਰਿਸਰ ਵਿਚ ਸੁਰੱਖਿਆ ਵਿਵਸਥਾ ਬੇਹੱਦ ਕਰੜੀ ਕਰ ਦਿੱਤੀ ਗਈ ਹੈ| ਇਸ ਤੋਂ ਪਹਿਲਾਂ ਕੈਨੇਡੀਅਨ ਵਫਦ ਨੇ ਅੰਮ੍ਰਿਤਸਰ ਵਿਚ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲਿਆ ਸੀ|






















