ਜੰਮੂ-ਕਸ਼ਮੀਰ ਵਿੱਚ ਹੋਏ ਅੱਤਵਾਦੀ ਹਮਲੇ ਦੀ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕੀਤੀ ਨਿੰਦਿਆ
ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਅਤੇ ਨੌਕਰੀ ਦਾ ਕੀਤਾ ਐਲਾਨ
ਚੰਡੀਗੜ੍ਹ, 11ਅਕਤੂਬਰ(ਵਿਸ਼ਵ ਵਾਰਤਾ) ਅੱਜ ਜੰਮੂ-ਕਸ਼ਮੀਰ ਦੇ ਪੂੰਛ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਫੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ। ਇਹਨਾਂ ਵਿੱਚੋਂ ਤਿੰਨ ਪੰਜਾਬ ਨਾਲ ਸੰਬੰਧਿਤ ਸਨ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਹਨਾਂ ਨੇ ਸੂਬੇਦਾਰ ਜਸਵਿੰਦਰ ਸਿੰਘ, ਨਾਇਕ ਮਨਦੀਪ ਸਿੰਘ ਅਤੇ ਸਿਪਾਹੀ ਗੱਜਣ ਸਿੰਘ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।
ਬਹਾਦਰ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੂਰਬੀਰਾਂ ਵੱਲੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਦਿਖਾਈ ਗਈ ਸਮਰਪਣ ਭਾਵਨਾ ਅਤੇ ਇੱਥੋਂ ਤੱਕ ਕਿ ਆਪਣੀਆਂ ਜ਼ਿੰਦਗੀਆਂ ਖ਼ਤਰੇ ਵਿਚ ਪਾ ਦੇਣ ਦਾ ਸਾਹਸ ਬਾਕੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਸ਼ਿੱਦਤ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਾ ਰਹੇਗਾ।
ਦੱਸਣਯੋਗ ਹੈ ਕਿ ਮੈਕਾਨਾਈਜ਼ਡ ਇਨਫੈਂਟਰੀ (1 ਸਿੱਖ) ਦੇ ਯੂਨਿਟ-4 ਦੇ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਕਪੂਰਥਲਾ ਜ਼ਿਲ੍ਹੇ ਵਿਚ ਸਥਿਤ ਪਿੰਡ ਮਾਨਾ ਤਲਵੰਡੀ ਦੇ ਵਾਸੀ ਸਨ ਜੋ ਆਪਣੇ ਪਿੱਛੇ ਪਤਨੀ ਸਰਦਾਰਨੀ ਰਾਜ ਕੌਰ ਅਤੇ ਧੀ ਸਿਮਰਜੀਤ ਕੌਰ ਛੱਡ ਗਏ। ਇਸੇ ਤਰ੍ਹਾਂ 11 ਸਿੱਖ ਦੇ ਨਾਇਕ ਮਨਦੀਪ ਸਿੰਘ ਜੋ ਗੁਰਦਾਸਪੁਰ ਜ਼ਿਲ੍ਹੇ ਵਿਚ ਘਣੀਕੇ ਬਾਂਗਰ (ਅਲੀਵਾਲ ਤੋਂ ਫਤਿਹਗੜ੍ਹ ਚੂੜੀਆਂ ਰੋਡ) ਨੇੜੇ ਪਿੰਡ ਚੱਠਾ ਸ਼ੀਰਾ ਦੇ ਸਨ, ਆਪਣੇ ਪਿੱਛੇ ਪਤਨੀ ਸਰਦਾਰਨੀ ਮਨਦੀਪ ਕੌਰ ਅਤੇ ਦੋ ਪੁੱਤਰ ਛੱਡ ਗਏ ਅਤੇ 23 ਸਿੱਖ ਦੇ ਸਿਪਾਹੀ ਗੱਜਣ ਸਿੰਘ ਰੋਪੜ ਜ਼ਿਲ੍ਹੇ ਵਿਚ ਪਿੰਡ ਪਛਰੰਦਾ ਦੇ ਵਾਸੀ ਸਨ, ਜਿਨ੍ਹਾਂ ਦਾ ਵਿਆਹ ਚਾਰ ਮਹੀਨੇ ਪਹਿਲਾਂ ਹੀ ਹੋਇਆ ਸੀ ਜੋ ਆਪਣੇ ਪਿੱਛੇ ਪਤਨੀ ਸਰਦਾਰਨੀ ਹਰਪ੍ਰੀਤ ਕੌਰ ਛੱਡ ਗਏ।



https://twitter.com/CHARANJITCHANNI/status/1447586166438457348?t=PoQwKbRbIPqQAg48RYT8SA&s=19























