ਟਿਕਰੀ ਬਾਰਡਰ ਤੇ ਸ਼ਹੀਦ ਹੋਈਆਂ ਬੀਬੀਆਂ ਲਈ ਸਰਕਾਰ ਵੱਲੋਂ ਐਲਾਨੀ ਮੁਆਵਜ਼ਾ ਰਾਸ਼ੀ ਰੱਦ,ਉਗਰਾਹਾਂ ਜਥੇਬੰਦੀ ਵੱਲੋਂ 5 ਦੀ ਥਾਂ 10 ਲੱਖ ਰੁਪਏ ਦੀ ਮੰਗ
ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ 2 ਨਵੰਬਰ ਨੂੰ ਧਰਨਾ ਦੇਣ ਦਾ ਐਲਾਨ

ਮਾਨਸਾ, 30 ਅਕਤੂਬਰ(ਵਿਸ਼ਵ ਵਾਰਤਾ)-ਕਿਸਾਨਾਂ ਦੇ ਹਰ ਸੰਘਰਸ਼ ਵਿੱਚ ਸ਼ਾਮਲ ਹੋਣ ਵਾਲੀਆਂ ਅਤੇ ਦਿੱਲੀ ਦੇ ਟਿੱਕਰੀ ਬਾਰਡਰ ’ਤੇ ਟਿੱਪਰ ਦੀ ਟੱਕਰ ਕਾਰਨ ਸ਼ਹੀਦ ਹੋਈਆਂ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਦਿਆਲੂਵਾਲਾ ਦੀਆਂ ਤਿੰਨ ਬੀਬੀਆਂ ਅਮਰਜੀਤ ਕੌਰ,ਸੁਖਵਿੰਦਰ ਕੌਰ ਅਤੇ ਗੁਰਮੇਲ ਕੌਰ ਲਈ ਪੰਜਾਬ ਸਰਕਾਰ ਵੱਲੋਂ ਐਲਾਨੀ ਗਈ ਪੰਜ-ਪੰਜ ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਰੱਦ ਕਰਦਿਆਂ ਮੰਗ ਕੀਤੀ ਹੈ ਕਿ ਮੁਆਵਜ਼ਾ ਰਾਸ਼ੀ ਵਧਾਕੇ 10-10 ਲੱਖ ਰੁਪਏ ਕੀਤੀ ਜਾਵੇ।ਇਨ੍ਹਾਂ ਬੀਬੀਆਂ ਦਾ ਸੰਗਰਾਮੀ ਨਾਅਰਿਆਂ ਹੇਠ ਬੀਤੀ ਕੱਲ੍ਹ ਦੇਰ ਸ਼ਾਮ ਨੂੰ ਪਿੰਡ ਖੀਵਾ ਦਿਆਲੂਵਾਲਾ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਸੀ। ਜਥੇਬੰਦੀ ਨੇ ਐਲਾਨ ਕੀਤਾ ਕਿ 2 ਨਵੰਬਰ ਨੂੰ ਡਿਪਟੀ ਕਮਿਸ਼ਨਰ ਮਾਨਸਾ ਦੇ ਦਫ਼ਤਰ ਅੱਗੇ ਧਰਨਾ ਸ਼ੁਰੂ ਕੀਤਾ ਜਾਵੇਗਾ।
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਅਤੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਪੰਜਾਬ ਸਰਕਾਰ ਦੇ ਐਲਾਨ ਕੀਤੇ ਮੁਆਵਜ਼ੇ ਨੂੰ ਸ਼ਹੀਦ ਦੇ ਪਰਿਵਾਰਾਂ ਨਾਲ ਕੋਝਾ ਮਜ਼ਾਕ ਦੱਸਦਿਆਂ ਕਿਹਾ ਕਿ ਉਤਰ ਪ੍ਰਦੇਸ਼ ਵਿੱਚ ਇਸੇ ਤਰ੍ਹਾਂ ਦੀ ਘਟਨਾ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਦੇ ਸਕਦੀ ਹੈ,ਪਰ ਖੀਵਾ ਦਿਆਲੂਵਾਲਾ ਦੀਆਂ ਸ਼ਹੀਦ ਹੋਈਆਂ ਬੀਬੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਵਧਾਕੇ ਕਿਉਂ ਨਹੀਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਉਤਰ ਪ੍ਰਦੇਸ਼ ਵਿੱਚ 50 ਲੱਖ ਰੁਪਏ ਮੁਆਵਜ਼ਾ ਦੇਣਾ ਚੰਗੀ ਗੱਲ ਹੈ, ਪਰ ਜਥੇਬੰਦੀ ਅਜੇ ਵੀ ਮਹਿਸੂਸ ਕਰਦੀ ਹੈ ਕਿ ਇਹ ਟਿੱਕਰੀ ਬਾਰਡਰ ’ਤੇ ਟਿੱਪਰ ਦੀ ਟੱਕਰ ਕਾਰਨ ਵਾਪਰੀ ਇਹ ਘਟਨਾ ਵੀ ਉਸੇ ਤਰ੍ਹਾਂ ਦੀ ਜਾਪਦੀ ਹੈ, ਜਿਸ ਦੀ ਬਕਾਇਦਾ ਇਨਕੁਆਰੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਯੂ.ਪੀ ਵਿੱਚ ਮਰਦ ਕਿਸਾਨਾਂ ਦੀਆਂ ਸ਼ਹੀਦੀਆਂ ਹੋਈਆਂ ਸਨ, ਪਰ ਟਿੱਕਰੀ ਬਾਰਡਰ ਨੇੜੇ ਵਾਪਰੀ ਘਟਨਾ ਵਿੱਚ ਇੱਕੋ ਪਿੰਡ ਦੀਆਂ ਤਿੰਨ ਬੀਬੀਆਂ ਸ਼ਹੀਦ ਹੋਈਆਂ ਹਨ ਅਤੇ ਦੋ ਫੱਟੜ ਹੋਈਆਂ ਹਨ, ਪਰ ਫਿਰ ਵੀ ਚੰਨੀ ਸਰਕਾਰ ਨੇ ਸ਼ਹੀਦ ਹੋਈਆਂ ਬੀਬੀਆਂ ਦੇ ਪਰਿਵਾਰਾਂ ਨਾਲ ਇਨਸਾਫ਼ ਨਹੀਂ ਕੀਤਾ ਹੈ।
ਕਿਸਾਨ ਆਗੂਆਂ ਨੇ ਮੰਗ ਕੀਤੀ ਕਿ 10-10 ਲੱਖ ਰੁਪਏ ਮੁਆਵਜ਼ਾ, ਪਰਿਵਾਰ ਦੇ ਇੱਕ-ਇੱਕ ਜੀਅ ਨੂੰ ਸਰਕਾਰੀ ਨੌਕਰੀ ਸਮੇਤ ਸਮੁੱਚੇ ਕਰਜ਼ੇ ਮੁਆਫ਼ ਕੀਤਾ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਘਟਨਾ ’ਚ ਜਖ਼ਮੀ ਹੋਈਆਂ ਇਸੇ ਪਿੰਡ ਦੀਆਂ ਦੋ ਔਰਤਾਂ ਨੂੰ ਇਲਾਜ ਲਈ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇ।






















