ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਰਣਦੀਪ ਸਿੰਘ ਨਾਭਾ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
ਚੰਡੀਗੜ੍ਹ, 30 ਨਵੰਬਰ (ਵਿਸ਼ਵ ਵਾਰਤਾ) ਕਰਾਪ ਰੈਜ਼ੀਡਿਊ ਮੈਨੇਜਮੈਂਟ ਸਕੀਮ ਅਧੀਨ ਖ਼ਰੀਦ ਕੀਤੀਆਂ ਗਈਆਂ ਵੱਖ-ਵੱਖ ਖੇਤੀ ਮਸ਼ੀਨਾਂ ਦੀ ਵੈਰੀਫਿਕੇਸ਼ਨ ਅਤੇ ਜ਼ਿਲ੍ਹੇ ਭਰ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਖੇਤੀਬਾੜੀ ਸਬੰਧੀ ਤਕਨੀਕੀ ਜਾਣਕਾਰੀ ਦੇਣ ਵਾਸਤੇ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਸੀ ਆਰ ਐਮ ਅਤੇ ਆਤਮਾ ਸਕੀਮ ਅਧੀਨ ਅੱਜ 30 ਨਵੰਬਰ ਨੂੰ ਦਾਣਾ ਮੰਡੀ ਕਰਤਾਰਪੁਰ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਸ਼੍ਰੀ ਰਣਦੀਪ ਸਿੰਘ ਨਾਭਾ ਬਤੌਰ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਨਗੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਘਨਸ਼ਿਆਮ ਥੋਰੀ ਵਿਸ਼ੇਸ਼ ਮਹਿਮਾਨ ਵਜੋਂ ਪੁੱਜਣਗੇ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਇੱਕ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਇਸ ਤੋਂ ਇਲਾਵਾ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਮਾਹਰ ਵੀ ਕੈਂਪ ਵਿੱਚ ਪੁੱਜ ਕੇ ਕਿਸਾਨਾਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਨਾਲ ਸਬੰਧਤ ਕੁੱਲ 1451 ਕਿਸਾਨਾਂ ਨੇ ਖੇਤੀ ਮਸ਼ੀਨਾਂ ਸਬਸਿਡੀ ‘ਤੇ ਪ੍ਰਾਪਤ ਕਰਨ ਲਈ ਅਪਲਾਈ ਕੀਤਾ ਸੀ, ਜਿਸ ਉਪਰੰਤ 1278 ਯੋਗ ਲਾਭਪਾਤਰੀਆਂ ਨੂੰ ਡਰਾਅ ਵਿੱਚ ਸ਼ਾਮਿਲ ਕੀਤਾ ਗਿਆ ਸੀ। ਹੁਣ ਸਰਕਾਰ ਵੱਲੋਂ ਜਾਰੀ ਬਜਟ ਅਨੁਸਾਰ 760 ਕਿਸਾਨ ਲਾਭਪਾਤਰੀਆਂ ਨੂੰ ਮਸ਼ੀਨ ਖ਼ਰੀਦ ਕਰਨ ਲਈ ਸੈਂਕਸ਼ਨ ਪੱਤਰ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਮਸ਼ੀਨਾਂ ਦੀ ਖ਼ਰੀਦ ਉਪਰੰਤ ਵੇਰੀਫਿਕੇਸ਼ਨ ਕਰਵਾਉਣੀ ਹੁੰਦੀ ਹੈ, ਜਿਸ ਉਪਰੰਤ ਬਣਦੀ ਸਬਸਿਡੀ ਦੀ ਰਾਸ਼ੀ ਕਿਸਾਨ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇਗੀ।























