ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਰਾਹੁਲ ਗਾਂਧੀ ਨੇ ਘੇਰੀ ਸਰਕਾਰ
ਮ੍ਰਿਤਕ ਕਿਸਾਨਾਂ ਦੇ ਵੇਰਵੇ ਕੀਤੇ ਪੇਸ਼, ਕਿਹਾ ਸਾਡੇ ਕੋਲੋਂ ਸੂਚੀ ਲੈ ਕੇ ਮੁਆਵਜ਼ਾ ਦੇਵੇ ਸਰਕਾਰ

ਨਵੀਂ ਦਿੱਲੀ, 3 ਦਸੰਬਰ(ਵਿਸ਼ਵ ਵਾਰਤਾ)-ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਰਾਹੁਲ ਨੇ ਕਿਹਾ ਕਿ ਉਨ੍ਹਾਂ ਕੋਲ 403 ਕਿਸਾਨਾਂ ਦੇ ਨਾਂ ਹਨ। ਜੇਕਰ ਸਰਕਾਰ ਚਾਹੇ ਤਾਂ ਇਸ ਸੂਚੀ ਦੇ ਆਧਾਰ ਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇ ਸਕਦੀ ਹੈ। ਰਾਹੁਲ ਗਾਂਧੀ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਕੁਝ ਦਿਨ ਪਹਿਲਾਂ ਸਰਕਾਰ ਨੂੰ ਸਦਨ ਵਿੱਚ ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਲੋਕਾਂ ਦੀ ਗਿਣਤੀ ਬਾਰੇ ਸਵਾਲ ਪੁੱਛਿਆ ਗਿਆ ਸੀ। ਫਿਰ ਸਰਕਾਰ ਨੇ ਅਜਿਹੇ ਕਿਸੇ ਰਿਕਾਰਡ ਦੀ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ। ਇਸ ਤੋਂ ਬਾਅਦ ਕਾਂਗਰਸ ਨੇ ਇਸ ਦਿਸ਼ਾ ਵਿੱਚ ਕੰਮ ਕੀਤਾ। ਹੁਣ ਪੰਜਾਬ ਵਿੱਚ ਕਾਂਗਰਸ ਦੀ ਚੰਨੀ ਸਰਕਾਰ ਕੋਲ 403 ਕਿਸਾਨਾਂ ਦੇ ਨਾਂ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਚੰਨੀ ਸਰਕਾਰ ਨੇ ਅੰਦੋਲਨ ਵਿੱਚ ਮਾਰੇ ਗਏ 403 ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਇਨ੍ਹਾਂ 403 ਕਿਸਾਨਾਂ ਦੀ ਸੂਚੀ ਸਰਕਾਰ ਨੂੰ ਸੌਂਪ ਦਿੱਤੀ ਹੈ।
ਉਹਨਾਂ ਨੇ ਕਿਹਾ ਕਿ ਮੋਦੀ ਸਰਕਾਰ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਨਹੀਂ ਦੇਣਾ ਚਾਹੁੰਦੀ। ਉਨ੍ਹਾਂ ਮ੍ਰਿਤਕ ਕਿਸਾਨਾਂ ਦੀ ਯਾਦ ਵਿੱਚ 2 ਮਿੰਟ ਦਾ ਮੌਨ ਵੀ ਨਹੀਂ ਰੱਖਿਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਲਈ ਮੁਆਫੀ ਮੰਗਣੀ ਚਾਹੀਦੀ ਹੈ। ਰਾਹੁਲ ਗਾਂਧੀ ਨੇ ਇਲਜ਼ਾਮ ਲਗਾਇਆ, ‘ਮੇਰਾ ਕਹਿਣਾ ਹੈ ਕਿ ਦੋ ਤੋਂ ਤਿੰਨ ਉਦਯੋਗਪਤੀ ਹਨ, ਜੋ ਪ੍ਰਧਾਨ ਮੰਤਰੀ ਦੇ ਦੋਸਤ ਹਨ। ਉਹ ਉਨ੍ਹਾਂ ਲਈ ਕੁਝ ਵੀ ਕਰਨਗੇ। ਜਦੋਂ ਕਿਸਾਨਾਂ ਨੂੰ ਲੋੜ ਹੁੰਦੀ ਹੈ ਤਾਂ ਉਹ ਕਹਿੰਦੇ ਹਨ ਕਿ ਇਹ ਲੋਕ ਨਹੀਂ ਹਨ। ਅਸੀਂ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦੇ ਹਾਂ। ਇਹ ਘੱਟੋ-ਘੱਟ ਸਨਮਾਨ ਦਾ ਮਾਮਲਾ ਹੈ। ਪ੍ਰਧਾਨ ਮੰਤਰੀ ਦੇ ਗਲਤ ਕਾਨੂੰਨ ਕਾਰਨ 700 ਲੋਕਾਂ ਦੀ ਮੌਤ ਹੋ ਗਈ ਸੀ, ਜਿਸ ਕਰਕੇ ਉਨ੍ਹਾਂ ਨੂੰ ਇਸ ਦੀ ਜ਼ਿੰਮੇਵਾਰੀ ਲੈਣੀ ਪਵੇਗੀ।






















