‘ਆਪ’ ਨੇ ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਪ੍ਰਚਾਰ ਲਈ 10 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਚੰਡੀਗੜ੍ਹ, 08 ਦਸੰਬਰ(ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਵੇਖਦੇ ਹੋਏ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪਾਰਟੀ ਨੇ ਚੋਣ ਪ੍ਰਚਾਰ ਲਈ 10 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ‘ਆਪ’ ਨੇ ਬੁੱਧਵਾਰ ਨੂੰ ਸਾਰੇ 10 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ। ‘ਆਪ’ ਦੇ ਸਟਾਰ ਪ੍ਰਚਾਰਕਾਂ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਰਾਜ ਸਭਾ ਮੈਂਬਰ ਸੰਜੇ ਸਿੰਘ, ਪੰਜਾਬ ਪ੍ਰਧਾਨ ਭਗਵੰਤ ਮਾਨ, ਰਾਜ ਸਭਾ ਮੈਂਬਰ ਐਨਡੀ ਗੁਪਤਾ, ਦਿੱਲੀ ਸਰਕਾਰ ਵਿੱਚ ਮੰਤਰੀ ਇਮਰਾਨ ਹੁਸੈਨ, ਮੰਤਰੀ ਰਾਜਿੰਦਰ ਪਾਲ ਗੌਤਮ, ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਦਿੱਲੀ ਦੀ ਵਿਧਾਇਕ ਆਤਿਸ਼ੀ ਮਾਰਲੇਨਾ ਅਤੇ ਪੰਜਾਬ ਯੂਥ ਵਿੰਗ ਦੀ ਪ੍ਰਧਾਨ ਅਨਮੋਲ ਗਗਨ ਮਾਨ ਸ਼ਾਮਲ ਹਨ। ਨਿਗਮ ਚੋਣਾਂ ਦੌਰਾਨ ਸਾਰੇ ਸਟਾਰ ਪ੍ਰਚਾਰਕ ਚੰਡੀਗੜ੍ਹ ਵਾਸੀਆਂ ਨੂੰ ਉਨ੍ਹਾਂ ਨਾਲ ਸਬੰਧਤ ਮੁੱਦਿਆਂ, ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਤੋਂ ਜਾਣੂ ਕਰਵਾਉਣ ਸਮੇਤ ਸ਼ਹਿਰ ਦੇ ਵਿਕਾਸ ਲਈ ‘ਕੰਮ ਦੀ ਰਾਜਨੀਤੀ’ ‘ਤੇ ਆਪਣੀ ਆਵਾਜ਼ ਬੁਲੰਦ ਕਰਨਗੇ।






















