ਗਠਜੋੜ ਨੂੰ ਲੈ ਕੇ ਭਾਜਪਾ ਨੇਤਾਵਾਂ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਸਰਗਰਮੀਆਂ ਤੇਜ਼
ਕੈਪਟਨ ਨੇ ਪੰਜਾਬ ਭਾਜਪਾ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 17 ਦਸੰਬਰ(ਵਿਸ਼ਵ ਵਾਰਤਾ)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਰਤੀ ਜਨਤਾ ਪਾਰਟੀ ਅਤੇ ਪੰਜਾਬ ਲੋਕ ਕਾਂਗਰਸ ਪਾਰਟੀ ਵਿਚਾਲੇ ਗਠਜੋੜ ਨੂੰ ਅੰਤਿਮ ਰੂਪ ਦੇਣ ਲਈ ਅੱਜ ਦਿੱਲੀ ਪਹੁੰਚੇ ਹੋਏ ਹਨ। ਉਹ ਤਿੰਨ ਦਿਨ ਦਿੱਲੀ ‘ਚ ਰਹਿਣਗੇ ਤੇ ਭਾਜਪਾ ਦੇ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਇਹਨਾਂ ਮੀਟਿੰਗਾਂ ਦੌਰਾਨ ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਦੀ ਚਰਚਾ ਹੋਣੀ ਹੈ।
ਜ਼ਿਕਰਯੋਗ ਹੈ ਕਿ ਕੈਪਟਨ ਨੇ ਜ਼ਿਲ੍ਹਾ ਪੱਧਰ ਤੇ ਆਪਣੀ ਪਾਰਟੀ ਦਾ ਜਥੇਬੰਦਕ ਢਾਂਚਾ ਉਸਾਰਨਾ ਸ਼ੁਰੂ ਕਰ ਦਿੱਤਾ ਹੈ। ਇਥੇ ਇਹ ਕਹਿਣਾ ਸਹੀ ਹੋਵੇਗਾ ਕਿ ਸੀਟਾਂ ਨੂੰ ਲੈ ਕੇ ਤਸਵੀਰ ਸਪੱਸ਼ਟ ਹੋਣ ਤੋਂ ਬਾਅਦ ਦੋਵੇਂ ਪਾਰਟੀਆਂ ਆਪੋ-ਆਪਣੇ ਖੇਤਰਾਂ ‘ਚ ਜ਼ੋਰ ਲਗਾ ਸਕਦੀਆਂ ਹਨ।
ਅੱਜ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਵਿਚਾਲੇ ਪੰਜਾਬ ਵਿਧਾਨ ਸਭਾ ਚੋਣਾਂ ‘ਚ ਗਠਜੋੜ ਅਤੇ ਸੀਟਾਂ ਦੀ ਵੰਡ ਨੂੰ ਲੈ ਕੇ ਗੱਲਬਾਤ ਹੋਈ। ਕੈਪਟਨ ਨੇ ਟਵੀਟ ਕਰ ਕੇ ਲਿਖਿਆ ਕਿ ਉਨ੍ਹਾਂ ਨੇ ਭਾਜਪਾ ਇੰਚਾਰਜ ਨਾਲ ਬੈਠਕ ‘ਚ ਸੀਟਾਂ ਦੀ ਵੰਡ ਤੇ ਚਰਚਾ ਕੀਤੀ। ਮੁਲਾਕਾਤ ਤੋਂ ਬਾਅਦ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ, ‘ਅੱਜ ਹੋਈ ਇਸ ਗੱਲਬਾਤ ਤੋਂ ਬਾਅਦ ਮੈਂ ਕਹਿ ਸਕਦਾ ਹਾਂ ਕਿ ਇਹ ਤੈਅ ਹੈ ਕਿ ਅਸੀਂ ਇਕੱਠੇ ਮਿਲ ਕੇ ਚੋਣ ਲੜਾਂਗੇ। ਸੀਟਾਂ ਦੀ ਵੰਡ ਬਾਰੇ ਸਹੀ ਸਮੇਂ ਤੇ ਦੱਸਿਆ ਜਾਵੇਗਾ।






















