ਸੂਬੇ ‘ਚ ਕੋਰੋਨਾ ਦਾ ਕਹਿਰ ਜਾਰੀ
ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਆਏ ਕੋਰੋਨਾ ਦੀ ਲਪੇਟ ‘ਚ
ਚੰਡੀਗੜ੍ਹ, 6ਜਨਵਰੀ(ਵਿਸ਼ਵ ਵਾਰਤਾ)-ਅੱਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਤੋਂ ਉਹ ਥਕਾਵਟ ਅਤੇ ਦਰਦ ਮਹਿਸੂਸ ਕਰ ਰਹੇ ਸਨ, ਜਿਸ ਕਾਰਨ ਡਾਕਟਰ ਦੀ ਸਲਾਹ ‘ਤੇ ਉਹਨਾਂ ਦਾ ਕਰੋਨਾ ਟੈਸਟ ਕਰਵਾਇਆ ਗਿਆ ਜੋ ਪਾਜ਼ੀਟਿਵ ਆਇਆ।
ਉਨ੍ਹਾਂ ਨੂੰ ਫਿਲਹਾਲ ਕੋਰੋਨਾ ਵੈਕਸੀਨ ਕਾਰਨ ਕੋਈ ਗੰਭੀਰ ਲੱਛਣ ਜਾਂ ਹੋਰ ਸਰੀਰਕ ਸਮੱਸਿਆਵਾਂ ਨਹੀਂ ਹੈ। ਉਨ੍ਹਾਂ ਨੇ ਫੋਨ ‘ਤੇ ਆਪਣੀ ਸਥਿਤੀ ਬਾਰੇ ਦੱਸਦਿਆਂ ਜਿੱਥੇ ਪਿਛਲੇ ਸਮੇਂ ਤੋਂ ਉਨ੍ਹਾਂ ਦੇ ਸੰਪਰਕ ‘ਚ ਆਏ ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰ ਅਤੇ ਹੋਰ ਮੈਂਬਰਾਂ ਤੋਂ ਦੂਰੀ ਬਣਾ ਕੇ ਰੱਖਣ ਅਤੇ ਆਪਣੀ ਸਿਹਤ ਦਾ ਖਿਆਲ ਰੱਖਣ।
ਇਸ ਦੇ ਨਾਲ ਹੀ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਉਹ ਕਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਮਾਸਕ ਪਹਿਨਣ ਅਤੇ ਇੱਕ ਦੂਜੇ ਤੋਂ ਦੂਰੀ ਬਣਾਈ ਰੱਖਣ ਵਿੱਚ ਲਾਪਰਵਾਹੀ ਨਾ ਵਰਤਣ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਖਤਰੇ ਨਾਲ ਨਜਿੱਠਣ ਲਈ ਜੋ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਉਨ੍ਹਾਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਣਾ ਚਾਹੀਦਾ ਹੈ।






















