ਸੁਪਰੀਮ ਕੋਰਟ ਪਹੁੰਚਿਆ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਲਾਪਰਵਾਹੀ ਦਾ ਮਾਮਲਾ

ਚੰਡੀਗੜ੍ਹ,6 ਜਨਵਰੀ (ਵਿਸ਼ਵ ਵਾਰਤਾ)- ਬੀਤੇ ਦਿਨ ਹੋਈ ਪ੍ਰਧਾਨ ਮੰਤਰੀ ਦੇ ਕਾਫਲੇ ਵਿੱਚ ਲਾਪਰਵਾਹੀ ਦੀ ਘਟਨਾ ਦਾ ਮਾਮਲਾ ਹੁਣ ਸੁਪਰੀਮ ਕੋਰਟ ਵਿੱਚ ਪਹੁੰਚ ਚੁੱਕਾ ਹੈ। ਸੁਪਰੀਮ ਕੋਰਟ ਦੇ ਇੱਕ ਸੀਨੀਅਰ ਵਕੀਲ ਨੇ ਦੇਸ਼ ਦੀ ਸਰਵਉੱਚ ਅਦਾਲਤ ਵਿੱਚ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਨ ਅਤੇ ਨਾਲ ਹੀ ਸੂਬਾ ਸਰਕਾਰ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਨ ਲਈ ਪਟੀਸ਼ਨ ਪਾਈ ਹੈ। ਜਿਸ ਤੇ ਚੀਫ ਜਸਟਿਸ ਆਫ ਇੰਡੀਆ ਐਨਵੀ ਰਮੰਨਾ ਵੱਲੋਂ ਕੱਲ੍ਹ ਨੂੰ ਸੁਣਵਾਈ ਦਾ ਭਰੋਸਾ ਦਿੱਤਾ ਗਿਆ ਹੈ। ਇੱਥੇ ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਅੱਜ ਸਵੇਰੇ ਹੀ ਇਸ ਮਾਮਲੇ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਜਾ ਚੁੱਕਾ ਹੈ। ਇਸ ਕਮੇਟੀ ਵਿੱਚ ਜਸਟਿਸ (ਸੇਵਾ-ਮੁਕਤ) ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਅਨੁਰਾਗ ਵਰਮਾ ਸ਼ਾਮਲ ਹੋਣਗੇ। ਬੁਲਾਰੇ ਨੇ ਅੱਗੇ ਕਿਹਾ ਕਿ ਇਹ ਕਮੇਟੀ ਤਿੰਨ ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ।























