ਸੀਐਮ ਚੰਨੀ ਦੇ ਭਰਾ ਕਾਂਗਰਸੀ ਉਮੀਦਵਾਰ ਦੇ ਖਿਲਾਫ਼ ਉਤਰਨਗੇ ਚੋਣ ਮੈਦਾਨ ‘ਚ- ਆਜ਼ਾਦ ਚੋਣ ਲੜਨ ਦਾ ਕੀਤਾ ਐਲਾਨ
ਚੰਡੀਗੜ੍ਹ, 16ਜਨਵਰੀ(ਵਿਸ਼ਵ ਵਾਰਤਾ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਵੱਲੋਂ ਕਾਂਗਰਸ ਦੀ ਟਿਕਟ ਨਾ ਮਿਲਣ ‘ਤੇ ਬਸੀ ਪਠਾਣਾ ਵਿਧਾਨ ਸਭਾ ਹਲਕਾ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ। ਭਰਵੇਂ ਇਕੱਠ ਅਤੇ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਡਾ. ਮਨੋਹਰ ਸਿੰਘ ਨੇ ਕਿਹਾ ਕਿ ਬਸੀ ਪਠਾਣਾ ਦੇ ਮੌਜੂਦਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਦੀ ਕਾਰਗੁਜ਼ਾਰੀ ਕਰਕੇ ਹਲਕੇ ਅਤੇ ਪਿੰਡਾਂ ਦੇ ਵਿਚ ਵਿਧਾਇਕ ਗੁਰਪ੍ਰੀਤ ਸਿੰਘ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਗਾਮੀ ਦਿਨਾਂ ਵਿੱਚ ਉਹ ਆਪਣੇ ਸਮਰਥਕਾਂ ਦੀ ਰਾਏ ਨਾਲ ਵਿਧਾਨ ਸਭਾ ਹਲਕਾ ਬਸੀ ਪਠਾਣਾ ਤੋਂ ਆਜ਼ਾਦ ਚੋਣ ਲੜਨਗੇ।
ਦੱਸ ਦੱਈਏ ਕਿ ਐਸ.ਐਮ.ਓ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਡਾ: ਮਨੋਹਰ ਨੇ ਚੋਣ ਲੜਨ ਦੀ ਇੱਛਾ ਪ੍ਰਗਟਾਈ ਸੀ। ਡਾ. ਮਨੋਹਰ ਸਿੰਘ ਖਰੜ ਸਿਵਲ ਹਸਪਤਾਲ, ਮੋਹਾਲੀ ਵਿਖੇ ਸੀਨੀਅਰ ਮੈਡੀਕਲ ਅਫਸਰ (SMO) ਵਜੋਂ ਤਾਇਨਾਤ ਸਨ। ਉਨ੍ਹਾਂ ਨੇ ਅਗਸਤ 2021 ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।






















