ਯੁਕਰੇਨ ’ਚ ਫਸੇ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ
ਹੁਸ਼ਿਆਰਪੁਰ, 25 ਫਰਵਰੀ:(ਵਿਸ਼ਵ ਵਾਰਤਾ) ਯੁਕਰੇਨ ਵਿਚ ਫਸੇ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਤਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਮੋਹਰੀ ਭੂਮਿਕਾ ਨਿਭਾਉਂਦਿਆਂ ਸ਼ੁੱਕਰਵਾਰ ਨੂੰ ਦੋ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ, ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਰਾਜ ਸਰਕਾਰ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ।
ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਤ ਯੁਕਰੇਨ ਵਿਚ ਫਸੇ ਵਿਅਕਤੀਆਂ ਦੀ ਸੂਚਨਾ ਹੈਲਪਲਾਈਨ ਨੰਬਰਾਂ 01882-220301 ਅਤੇ ਮੋਬਾਇਲ ਨੰਬਰ 94173-55560 ’ਤੇ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਹ ਸੂਚਨਾ ਇਸ ਲਈ ਇਕੱਤਰ ਕੀਤੀ ਜਾ ਰਹੀ ਹੈ, ਤਾਂ ਜੋ ਇਹ ਸੂਚਨਾ ਮੰਗੇ ਜਾਣ ’ਤੇ ਰਾਜ ਸਰਕਾਰ ਰਾਹੀਂ ਵਿਦੇਸ਼ ਮੰਤਰਾਲੇ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾ ਸਕੇ ਅਤੇ ਕਿਸੇ ਪ੍ਰਕਾਰ ਦੀ ਦੇਰੀ ਨਾ ਹੋਵੇ।
ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਜਿਹੜੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੁਕਰੇਨ ਵਿਚ ਫਸੇ ਹਨ, ਉਹ ਇਸ ਹੈਲਪਲਾਈਨ ਨੰਬਰ ਤੋਂ ਇਲਾਵਾ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਮਰਾ ਨੰਬਰ 105 ਵਿਚ ਦਫ਼ਤਰੀ ਸਮੇਂ ਦੌਰਾਨ ਸੂਚਨਾ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਚਨਾ ਵਿਚ ਯੁਕਰੇਨ ਗਏ ਵਿਅਕਤੀ ਦਾ ਨਾਮ, ਪਿਤਾ ਦਾ ਨਾਮ, ਪਾਸਪੋਰਟ ਨੰਬਰ, ਯੂਨੀਵਰਸਿਟੀ/ਕਾਲਜ ਦਾ ਨਾਮ, ਯੁਕਰੇਨ ਵਿਚ ਉਨ੍ਹਾਂ ਦੀ ਰਿਹਾਇਸ਼ ਦਾ ਪਤਾ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਸਾਂਝੀ ਕੀਤੀ ਜਾਵੇ।