12ਵੀਂ ਜਮਾਤ ਦੀ ਕਿਤਾਬ ਵਿੱਚ ਗਲਤ ਇਤਿਹਾਸ ਛਾਪਣ ਦਾ ਮਾਮਲਾ ਭਖ਼ਿਆ-ਸਿੱਖਿਆ ਬੋਰਡ ਦੇ ਬਾਹਰ ਵੱਖ-ਵੱਖ ਜੱਥੇਬੰਦੀਆਂ ਵੱਲੋਂ ਧਰਨੇ ਪ੍ਰਦਰਸ਼ਨ
ਸਿਆਸੀ ਪਾਰਟੀਆਂ ਵਿੰਨ੍ਹ ਰਹੀਆਂ ਹਨ ਇੱਕ ਦੂਜੇ ‘ਤੇ ਨਿਸ਼ਾਨੇ
ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਸਖਤ ਕਾਰਵਾਈ ਕਰਨ ਦਾ ਐਲਾਨ
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਵਿੱਚ ਗਲਤ ਇਤਿਹਾਸਕ ਜਾਣਕਾਰੀ ਛਾਪਣ ਨੂੰ ਲੈ ਕੇ ਭਖਿਆ ਵਿਵਾਦ ਹੁਣ ਹੋਰ ਵੀ ਤਿੱਖਾ ਹੋ ਗਿਆ ਹੈ। ਪੰਜਾਬ ਦੀਆਂ ਵੱਖ ਵੱਖ ਸਿਆਸੀ ਅਤੇ ਹੋਰ ਧਾਰਮਿਕ ਜੱਥੇਬੰਦੀਆਂ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਹਰ ਧਰਨੇ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਜਥੇਦਾਰ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਸਿੱਖਿਆ ਬੋਰਡ ਦੇ ਬਾਹਰ ਚੱਲ ਰਿਹਾ ਲੜੀਵਾਰ ਧਰਨਾ ਸੋਮਵਾਰ ਨੂੰ 23ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਇਸ ਧਰਨੇ ਨੂੰ ਡਾ.ਪਿਆਰਾ ਲਾਲ ਗਰਗ ਅਤੇ ਲੱਖਾ ਸਿਧਾਣਾ ਨੇ ਵੀ ਹਿਮਾਇਤ ਦੇ ਦਿੱਤੀ ਹੈ ਅਤੇ ਉਹਨਾਂ ਨੇ ਬਾਕਾਇਦਾ ਇਸ ਧਰਨੇ ਵਿੱਚ ਸ਼ਾਮਿਲ ਹੋਣ ਲਈ ਲੋਕਾਂ ਨੂੰ ਅਪੀਲ ਵੀ ਕੀਤੀ ਹੈ। ਉਧਰ, ਇਸ ਵਿਵਾਦਤ ਕਿਤਾਬ ਸਬੰਧੀ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਂਚ ਕਰਵਾਈ ਜਾ ਰਹੀ ਹੈ, ਜਿਸ ਦੀ ਰਿਪੋਰਟ 5 ਮਾਰਚ ਤੱਕ ਆ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੀ ਵਿਅਕਤੀ ਜਾਂ ਅਧਿਕਾਰੀ ਗੈਰ ਜ਼ਿੰਮੇਵਾਰ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਆਮ ਆਦਮੀ ਪਾਰਟੀ (ਆਪ) ਨੇ 12ਵੀਂ ਜਮਾਤ ਲਈ ਇਤਿਹਾਸ ਦੀਆਂ ਵਿਵਾਦਿਤ ਕਿਤਾਬਾਂ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਸੱਤਾਧਾਰੀ ਕਾਂਗਰਸ ਦੇ ਨਾਲ-ਨਾਲ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪਿਛਲੀ ਅਕਾਲੀ-ਭਾਜਪਾ ਸਰਕਾਰ ਉੱਤੇ ਇਤਿਹਾਸ ਖਾਸ ਕਰ ਸਿੱਖ ਇਤਿਹਾਸ ਅਤੇ ਗੁਰੂ ਦੀ ਬਾਣੀ ਨਾਲ ਖਿਲਵਾੜ ਕਰਨ ਦੇ ਗੰਭੀਰ ਦੋਸ਼ ਲਗਾਏ ਹਨ।






















