ਸਿੱਖਿਆ ਵਿਭਾਗ ਪੰਜਾਬ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੇ ਸਕੂਲ ਮੁਖੀਆਂ ਲਈ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਚੰਡੀਗੜ੍ਹ, 2 ਮਾਰਚ(ਵਿਸ਼ਵ ਵਾਰਤਾ)ਪਿਛਲੇ ਦੋ ਸਾਲਾਂ ਤੋਂ ਕੋਵਿਡ-19 ਨੇ ਪੂਰੇ ਦੇਸ਼ ਨੂੰ ਪ੍ਰਭਾਵਿਤ ਕੀਤਾ ਹੈ। ਜਿਸ ਦੇ ਚਲਦਿਆਂ ਪ੍ਰਸ਼ਾਸਨ, ਸਿਹਤ ਵਿਭਾਗ ਵੱਲੋਂ ਟੀਕਾਕਰਨ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ,ਹੁਣ ਸਿੱਖਿਆ ਵਿਭਾਗ ਪੰਜਾਬ ਨੇ ਵੀ ਇਸ ਪ੍ਰਤੀ ਹੋਰ ਗੰਭੀਰਤਾ ਦਿਖਾਈ ਹੈ। ਵਿਭਾਗ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਸਕੂਲਾਂ ‘ਚ ਕੋਵਿਡ-19 ਟੀਕਾਕਰਨ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।
ਸਿੱਖਿਆ ਵਿਭਾਗ ਨੇ ਕੋਵਿਡ-19 ਟੀਕਾਕਰਨ ਸਬੰਧੀ ਜਾਗਰੂਕਤਾ ਲਈ ਸਕੂਲਾਂ ‘ਚ ਵੱਖ-ਵੱਖ ਗਤੀਵਿਧੀਆਂ ਕਰਵਾਉਣ ਦੀ ਗੱਲ ਕਹੀ ਹੈ। ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਸਬੰਧੀ ਸਕੂਲਾਂ ‘ਚ ਵੱਖ-ਵੱਖ ਸਹਿ-ਪਾਠਕ੍ਰਮ ਗਤੀਵਿਧੀਆਂ ਕਰਵਾ ਕੇ ਸਮਾਜ ਨੂੰ ਜਾਗਰੂਕ ਕੀਤਾ ਜਾਵੇ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਟੀਕਾਕਰਨ ਮੁਹਿੰਮ ਸਬੰਧੀ ਸਮਾਜ ਨੂੰ ਜਾਗਰੂਕ ਕਰਨ ਲਈ ਸਕੂਲੀ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ। ਵਿਦਿਆਰਥੀ ਸਮਾਜ ਨੂੰ ਜਾਗਰੂਕ ਕਰਨ ‘ਚ ਅਹਿਮ ਭੂਮਿਕਾ ਨਿਭਾਉਣਗੇ। ਸਿੱਖਿਆ ਵਿਭਾਗ ਨੇ ਇਹ ਵੀ ਕਿਹਾ ਹੈ ਕਿ ਇਸ ਸਮੇਂ ਵੀ ਕੋਵਿਡ-19 ਟੀਕਾਕਰਨ ਨੂੰ ਲੈ ਕੇ ਲੋਕਾਂ ਦੇ ਮਨਾਂ ਵਿੱਚ ਕਸ਼ਮਕਸ਼ ਹੈ, ਜਿਸ ਨੂੰ ਦੂਰ ਕਰਨ ਲਈ ਸਕੂਲਾਂ ਵਿੱਚ ਰੈਲੀਆਂ ਕੀਤੀਆਂ ਜਾਣ ਜਾਂ ਕਿਸੇ ਹੋਰ ਪ੍ਰਚਾਰ ਰਾਹੀਂ ਟੀਕਾਕਰਨ ਸਬੰਧੀ ਸਮਾਜ ਨੂੰ ਜਾਣਕਾਰੀ ਦਿੱਤੀ ਜਾਵੇ।























