ਸੰਯੁਕਤ ਕਿਸਾਨ ਮੋਰਚੇ ਨੇ ਮੀਟਿੰਗ ‘ਚ ਲਿਆ ਵੱਡਾ ਫੈਸਲਾ
21 ਮਾਰਚ ਨੂੰ ਪੈਂਡਿੰਗ ਮਸਲਿਆਂ ਨੂੰ ਲੈ ਕੇ ਕਰਨਗੇ ਦੇਸ਼ ਭਰ ‘ਚ ਪ੍ਰਦਰਸ਼ਨ
ਬੀਬੀਐਮਬੀ ਮੁੱਦੇ ਨੂੰ ਲੈ ਕੇ 25 ਮਾਰਚ ਨੂੰ ਚੰਡੀਗੜ੍ਹ ‘ਚ ਟ੍ਰੈਕਟਰ ਮਾਰਚ
ਚੰਡੀਗੜ੍ਹ, 14 ਮਾਰਚ(ਵਿਸ਼ਵ ਵਾਰਤਾ) ਅੱਜ ਦਿੱਲੀ ‘ਚ ਹੋਈ ਸੰਯੁਕਤ ਕਿਸਾਨ ਮੋਰਚੇ (ਐੱਸ.ਕੇ.ਐੱਮ.) ਦੀ ਬੈਠਕ ‘ਚ ਫਿਰ ਤੋਂ ਕਿਸਾਨ ਅੰਦੋਲਨ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ। ਕਿਸਾਨ ਆਗੂ ਡਾ: ਦਰਸ਼ਨਪਾਲ ਨੇ ਦੱਸਿਆ ਕਿ 21 ਮਾਰਚ ਨੂੰ ਦੇਸ਼ ਭਰ ਵਿਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਤੋਂ ਬਾਅਦ 25 ਮਾਰਚ ਨੂੰ ਚੰਡੀਗੜ੍ਹ ਤੋਂ ਟਰੈਕਟਰ ਮਾਰਚ ਕੱਢਿਆ ਜਾਵੇਗਾ। ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਕਿਸਾਨ ਇੱਕ ਹਫ਼ਤੇ ਤੱਕ ਪ੍ਰਦਰਸ਼ਨ ਕਰਨਗੇ।
ਸੋਮਵਾਰ ਨੂੰ ਦਿੱਲੀ ‘ਚ ਸੰਯੁਕਤ ਕਿਸਾਨ ਮੋਰਚਾ ਦੀ ਪ੍ਰਸਤਾਵਿਤ ਬੈਠਕ ਨੂੰ ਲੈ ਕੇ ਮੀਡੀਆ ‘ਚ ਚੱਲ ਰਹੀ ਚਰਚਾ ਨੂੰ ਦੇਖਦੇ ਹੋਏ ਕਿਹਾ ਜਾ ਰਿਹਾ ਹੈ ਕਿ ਐੱਸ.ਕੇ.ਐੱਮ. ਫਿਰ ਤੋਂ ਕਿਸਾਨ ਅੰਦੋਲਨ ਸ਼ੁਰੂ ਕਰਨ ਦਾ ਫੈਸਲਾ ਲੈ ਸਕਦੀ ਹੈ। ਅੰਦੋਲਨ ਨੂੰ ਮੁਲਤਵੀ ਕਰਨ ਦੌਰਾਨ ਕੇਂਦਰ ਸਰਕਾਰ ਨਾਲ ਕਈ ਮੁੱਦਿਆਂ ‘ਤੇ ਗੱਲਬਾਤ ਵੀ ਸਿਰੇ ਨਹੀਂ ਚੜ੍ਹ ਸਕੀ। ਘੱਟੋ-ਘੱਟ ਸਮਰਥਨ ਮੁੱਲ ‘ਤੇ ਨਾ ਤਾਂ ਕੋਈ ਚਰਚਾ ਹੋਈ ਹੈ ਅਤੇ ਨਾ ਹੀ ਕਿਸਾਨਾਂ ‘ਤੇ ਦਰਜ ਸਾਰੇ ਕੇਸ ਵਾਪਸ ਲਏ ਗਏ ਹਨ।























