7 ਅਪ੍ਰੈਲ ਤੋਂ 7 ਮਈ ਤੱਕ ਹਫ਼ਤੇ ਦੇ ਸੱਤ ਦਿਨ ਚੱਲਣਗੇ ਸੇਵਾ ਕੇਂਦਰ-ਡੀ ਸੀ ਵਿਸ਼ੇਸ਼ ਸਾਰੰਗਲ
ਨਵਾਂਸ਼ਹਿਰ, 5 ਅਪ੍ਰੈਲ(ਵਿਸ਼ਵ ਵਾਰਤਾ)-ਸੇਵਾ ਕੇਂਦਰਾਂ ’ਤੇ ਬਿਨੈਕਾਰਾਂ ਦੀ ਭਾਰੀ ਭੀੜ ਨੂੰ ਦੇਖਦੇ ਹੋਏ ਅਤੇ ਆਮ ਲੋਕਾਂ ਦੀ ਸਹੂਲਤ ਲਈ ਜ਼ਿਲ੍ਹੇ ਵਿਚ ਹੁਣ ਸਾਰੇ ਸੇਵਾ ਕੇਂਦਰ 7 ਅਪ੍ਰੈਲ ਅਤੇ 7 ਮਈ ਤੱਕ ਹਫ਼ਤੇ ਵਿਚ ਸੱਤ ਦਿਨ ਕੰਮ ਕਰਨਗੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸੇਵਾ ਕੇਂਦਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਡਿਊਟੀ ਰੋਸਟਰ-1 ਲਈ ਸਟਾਫ ਸਵੇਰੇ 8 ਵਜੇ ਤੋਂ ਸਵੇਰੇ 4 ਵਜੇ ਤੱਕ ਕੰਮ ਕਰੇਗਾ ਅਤੇ ਉਨ੍ਹਾਂ ਦੇ ਦੁਪਹਿਰ ਦੇ ਖਾਣੇ ਦਾ ਸਮਾਂ ਦੁਪਹਿਰ 12 ਤੋਂ 12.30 ਵਜੇ ਤੱਕ ਹੋਵੇਗਾ। ਇਸੇ ਤਰ੍ਹਾਂ ਡਿਊਟੀ ਰੋਸਟਰ-2 ਵਿੱਚ ਸਟਾਫ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਕੰਮ ਕਰੇਗਾ ਅਤੇ ਦੁਪਹਿਰ ਦੇ ਖਾਣੇ ਦਾ ਸਮਾਂ ਦੁਪਹਿਰ 2 ਤੋਂ 2.30 ਵਜੇ ਤੱਕ ਹੋਵੇਗਾ।
ਉਨ੍ਹਾਂ ਦੱਸਿਆ ਕਿ 100 ਫੀਸਦੀ ਕਾਊਂਟਰ ਆਮ ਲੋਕਾਂ ਲਈ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਖੁੱਲ੍ਹੇ ਰਹਿਣਗੇ ਅਤੇ 50 ਫੀਸਦੀ ਕਾਊਂਟਰ ਸਵੇਰੇ 8 ਤੋਂ 10 ਵਜੇ ਅਤੇ ਸ਼ਾਮ 4 ਤੋਂ ਸ਼ਾਮ 6 ਵਜੇ ਤੱਕ ਖੁੱਲ੍ਹਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਸੇਵਾ ਕੇਂਦਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਸਿਰਫ਼ ਡਿਊਟੀ ਰੋਸਟਰ-1, ਸਟਾਫ਼ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਕੰਮ ਕਰੇਗਾ ਅਤੇ ਦੁਪਹਿਰ ਦੇ ਖਾਣੇ ਦਾ ਸਮਾਂ ਦੁਪਹਿਰ 12 ਤੋਂ 12.30 ਵਜੇ ਤੱਕ ਹੋਵੇਗਾ। ਇਸ ਸਮੇਂ ਦੌਰਾਨ 50 ਪ੍ਰਤੀਸ਼ਤ ਕਾਊਂਟਰ ਖੁੱਲ੍ਹਣਗੇ।
ਡੀ ਸੀ ਵਿਸ਼ੇਸ਼ ਸਾਰੰਗਲ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰ ਖੋਲ੍ਹੇ ਗਏ ਹਨ ਅਤੇ ਇਨ੍ਹਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।























