ਪੰਜਾਬ ਭਰ ’ਚ ਸੋਮਵਾਰ ਨੂੰ ਸਕੂਲ ਅਤੇ ਕਾਲਜ ਬੰਦ ਰੱਖਣ ਦਾ ਐਲਾਨ
ਪੜ੍ਹੋ, ਕੀ ਹੈ ਕਾਰਨ
ਚੰਡੀਗੜ੍ਹ, 9 ਅਪ੍ਰੈਲ(ਵਿਸ਼ਵ ਵਾਰਤਾ)-ਗੁਰਦਾਸਪੁਰ ਜ਼ਿਲ੍ਹੇ ਦੇ ਇਕ ਨਿੱਜੀ ਸਕੂਲ ਦੀ 4 ਸਾਲਾ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਮਾਮਲੇ ਵਿੱਚ ਸਕੂਲ ਦੇ ਚੇਅਰਮੈਨ ਸਵਿੰਦਰ ਗਿੱਲ ਅਤੇ ਪ੍ਰਿੰਸੀਪਲ ਦੀ ਕੀਤੀ ਗਈ ਗ੍ਰਿਫਤਾਰੀ ਦੇ ਵਿਰੋਧ ’ਚ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਵੱਲੋਂ (ਸੋਮਵਾਰ) 11 ਅਪ੍ਰੈਲ ਨੂੰ ਨਿੱਜੀ ਵਿਦਿਅਕ ਸੰਸਥਾਵਾਂ ਬੰਦ ਰੱਖਣਾ ਦਾ ਐਲਾਨ ਕੀਤਾ ਗਿਆ ਹੈ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਮੋਹਿਤ ਮਹਾਜਨ ਨੇ ਕਿਹਾ ਕਿ ਫੈਡਰੇਸ਼ਨ ਬੱਚੀ ਨਾਲ ਹੋਈ ਇਸ ਘਟਨਾ ਦੀ ਨਿਖੇਧੀ ਕਰਦੀ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਇਸ ਤਰ੍ਹਾਂ ਦਾ ਘਿਨਾਉਣਾ ਕਾਰਾ ਕਰਨ ਵਾਲੇ ਦੋਸ਼ੀ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਕੂਲ ਦੇ ਚੇਅਰਮੈਨ ਸਵਿੰਦਰ ਸਿੰਘ ਗਿੱਲ ਅਤੇ ਪ੍ਰਿੰਸੀਪਲ ਜੈਦੀਪ ਸਿੰਘ ਬੇਕਸੂਰ ਹਨ, ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਸਕੂਲਾਂ ਦੇ ਪ੍ਰਬੰਧਕਾਂ ਵਿੱਚ ਇਸ ਗੱਲ ਦਾ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 11 ਅਪ੍ਰੈਲ ਨੂੰ ਪੰਜਾਬ ਭਰ ਵਿੱਚ ਵਿਦਿਅਕ ਸੰਸਥਾਵਾਂ ਬੰਦ ਰੱਖੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਬੇਕਸੂਰ ਸਕੂਲ ਪ੍ਰਬੰਧਕਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਸਮੂਹ ਜਥੇਬੰਦੀਆਂ ਸੜਕਾਂ ਉਤੇ ਉਤਰਕੇ ਸੰਘਰਸ਼ ਕਰਨਗੀਆਂ।























