ਪੰਜਾਬ ‘ਚ ਫਿਰ ਵਧ ਰਹੇ ਨੇ ਕੋਰੋਨਾ ਦੇ ਮਾਮਲੇ
ਪੰਜਾਬ ਸਰਕਾਰ ਵੱਲੋਂ ਅਲਰਟ ਜਾਰੀ
ਪੜ੍ਹੋ, ਜਾਰੀ ਕੀਤੇ ਦਿਸ਼ਾ-ਨਿਰਦੇਸ਼
ਚੰਡੀਗੜ੍ਹ, 20ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਸਮੇਤ ਦੇਸ਼ ਭਰ ਵਿੱਚ ਫਿਰ ਤੋਂ ਵਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਮੰਤਰੀ ਨੇ ਅਲਰਟ ਜਾਰੀ ਕੀਤਾ ਹੈ। ਦੱਸ ਦੱਈਏ ਕਿ ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੀਬ 21 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਹੁਣ ਪੰਜਾਬ ਦੇ ਸਿਹਤ ਮੰਤਰੀ ਨੇ ਕਿਹਾ ਹੈ ਕਿ, ਪੰਜਾਬ ਦੇ ਲੋਕਾਂ ਨੂੰ ਆਪਣੀ ਸਿਹਤ ਦਾ ਖੁਦ ਧਿਆਨ ਰੱਖਣਾ ਹੋਵੇਗਾ। ਉਨ੍ਹਾਂ ਕਿਹਾ ਕਿ, ਦੇਸ਼ ਵਿੱਚ ਕੋਰੋਨਾ ਕੇਸ ਵੱਧ ਰਹੇ ਹਨ, ਪੰਜਾਬ ਸਰਕਾਰ ਲੋਕਾਂ ਨੂੰ ਅਪੀਲ ਕਰਦੀ ਹੈ ਕਿ, ਉਹ ਮਾਸਕ ਪਹਿਨਣ। ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਗੁਰੇਜ਼ ਕਰਨ। ਹਾਲਾਂਕਿ ਮਾਸਕ ਨਾ ਪਹਿਨਣ ਵਾਲਿਆਂ ਨੂੰ ਜ਼ੁਰਮਾਨਾ ਲਗਾਉਣ ਬਾਰੇ ਸਿਹਤ ਮੰਤਰੀ ਨੇ ਕੋਈ ਬਿਆਨ ਨਹੀਂ ਦਿੱਤਾ।
ਸਿਹਤ ਮੰਤਰੀ ਵਿਜੈ ਸਿੰਗਲਾ ਨੇ ਦੱਸਿਆ ਕਿ ਸੂਬੇ ਵਿੱਚ ਕੋਰੋਨਾ ਨੂੰ ਲੈ ਕੇ ਅਜੇ ਸਖਤੀ ਨਹੀਂ ਕੀਤੀ ਜਾ ਰਹੀ ਜਿਸ ਕਰਕੇ ਸਿਰਫ ਇਕ ਐਡਵਾਈਜ਼ਰੀ ਜ਼ਰੂਰ ਜਾਰੀ ਕੀਤੀ ਜਾ ਰਹੀ ਹੈ ਤਾਂਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ ਤੇ ਲੋਕ ਖੁਦ ਵੀ ਸੁਚੇਤ ਰਹਿਣ ਪਰ ਅਜੇ ਸਖਤੀ ਨਹੀਂ ਕੀਤੀ ਜਾ ਰਹੀ ਕਿਉਂਕਿ ਕੋਰੋਨਾ ਅਜੇ ਕੰਟਰੋਲ ਵਿਚ ਹੈ।
ਇਥੇ ਇਹ ਗੱਲ ਦਾ ਜ਼ਿਕਰ ਕਰਨਾ ਬਣਦਾ ਹੈ ਕਿ ਬੀਤੇ ਦਿਨੀਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਾਰੀਆਂ ਜਨਤਕ ਥਾਵਾਂ ‘ਤੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਸ਼ਾਪਿੰਗ ਮਾਲ, ਸਕੂਲ, ਕਾਲਜ, ਹੋਟਲ, ਰੈਸਟੋਰੈਂਟ ਵਿਚ ਬਿਨਾਂ ਮਾਸਕ ਦੇ ਐਂਟਰੀ ਨਹੀਂ ਹੋ ਸਕੇਗੀ।