ਸਾਰਿਆਂ ਲਈ ਬਰਾਬਰੀ ਵਾਲਾ ਸਮਾਜ ਸਿਰਜਣ ਲਈ ਸਿੱਖਿਆ ਅਹਿਮ ਸਾਧਨ ਹੈ: ਕੈਬਨਿਟ ਮੰਤਰੀ
ਚੰਡੀਗੜ੍ਹ, 22 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਬੀਤੇ ਦਿਨ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰਨ ਲਈ ਈ-ਪੋਰਟਲ ਲਾਂਚ ਕੀਤਾ।
ਡਾ. ਬੀ. ਆਰ. ਅੰਬੇਡਕਰ ਭਵਨ, ਮੋਹਾਲੀ ਵਿਖੇ ਐਸ.ਸੀ. ਸਕਾਲਰਸ਼ਿਪ ਸਬੰਧੀ ਕਰਵਾਏ ਸਿਖਲਾਈ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਸਾਧਨ ਮੁਹੱਈਆ ਕਰਵਾਉਣਾ ਵਿਭਾਗ ਦੀ ਨਿਵੇਕਲੀ ਪਹਿਲਕਦਮੀ ਹੈ ਤਾਂ ਜੋ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਕੀਤੀ ਜਾ ਸਕੇ ਅਤੇ ਉਨ੍ਹਾਂ ਦੀ ਊਰਜਾ ਨੂੰ ਸਾਕਾਰਤਮਕ ਢੰਗ ਨਾਲ ਵਰਤਿਆ ਜਾ ਸਕੇ। ਡਾ. ਬੀ. ਆਰ. ਅੰਬੇਡਕਰ ਦੀਆਂ ਸਿੱਖਿਆਵਾਂ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਸਾਰਿਆਂ ਲਈ ਬਰਾਬਰੀ ਵਾਲਾ ਸਮਾਜ ਸਿਰਜਣ ਦੀ ਦਿਸ਼ਾ ਵਿੱਚ ਸਿੱਖਿਆ ਇਕ ਅਹਿਮ ਸਾਧਨ ਹੈ ਅਤੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਲਈ ਕਿਫ਼ਾਇਤੀ ਸਿੱਖਿਆ ਦੇ ਮੌਕੇ ਪ੍ਰਦਾਨ ਕਰਨਾ ਹੀ ਸੰਵਿਧਾਨ ਦੇ ਨਿਰਮਾਤਾ ਨੂੰ ਅਸਲ ਸ਼ਰਧਾਂਜਲੀ ਹੈ।























