ਪਰਮਜੀਤ ਸਿੰਘ ਸਰਨਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਦਾ ਦੌਰਾ
ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਪੰਥਕ ਏਕਤਾ ਦਿੱਤਾ ਸੱਦਾ
ਚੰਡੀਗੜ੍ਹ,29 ਅਪ੍ਰੈਲ(ਵਿਸ਼ਵ ਵਾਰਤਾ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਨੇ ਬੀਤੇ ਕੱਲ੍ਹ ਗੁਰਦੁਆਰਾ ਰਕਾਬਗੰਜ ਕੰਪਲੈਕਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਦੌਰਾ ਕੀਤਾ। ਉਨ੍ਹਾਂ ਨੂੰ ਸਿੱਖ ਕੈਦੀਆਂ ਦੀ ਰਿਹਾਈ ਲਈ ਰਖਵਾਏ ਗਏ ਅਖੰਡ ਪਾਠ ਦੀ ਆਰੰਭਤਾ ਮੌਕੇ ਅਰਦਾਸ ਕਰਨ ਦਾ ਸੱਦਾ ਦਿੱਤਾ ਗਿਆ ਸੀ। ਇਸ ਦੌਰਾਨ ਪੰਥਕ ਏਕਤਾ ਦੀ ਅਪੀਲ ਕਰਦਿਆਂ ਸਰਨਾ ਨੇ ਅਕਾਲੀ ਦਲ(ਬਾਦਲ) ਨੂੰ ਕਿਹਾ ਕਿ ਉਹ ਉੱਘੇ ਸਿੱਖ ਬੁੱਧੀਜੀਵੀਆਂ ਨੂੰ ਬੁਲਾ ਕੇ ਪੁੱਛਣ ਕਿ ਅਕਾਲੀ ਦਲ ਨੂੰ ਮੁੜ ਸੁਰਜੀਤ ਕਿਵੇਂ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਸਰਨਾ ਨੇ ਉਹਨਾਂ ਕੋਲੋਂ ਸਲਾਹ ਲੈਣ ਅਤੇ ਉਸ ਸਲਾਹ ਦੀ ਪਾਲਣਾ ਕਰਨ ਉੱਤੇ ਵੀ ਜੋਰ ਦਿੱਤਾ । ਇਸ ਸਮਾਗਮ ਵਿੱਚ ਸੀਨੀਅਰ ਅਕਾਲੀ ਆਗੂ ਅਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਸੁਰਜੀਤ ਸਿੰਘ ਰੱਖੜਾ, ਮਹੇਸ਼ ਇੰਦਰ ਸਿੰਘ ਗਰੇਵਾਲ,ਵਿਰਸਾ ਸਿੰਘ ਵਲਟੋਹਾ ਅਤੇ ਰਣਜੀਤ ਸਿੰਘ ਢਿੱਲੋਂ ਆਦਿ ਹਾਜ਼ਰ ਸਨ। ਬਲਵਿੰਦਰ ਭੂੰਦੜ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਮੂਹ ਪੰਥਕ ਜਥੇਬੰਦੀਆਂ ਨੂੰ ਸਿੱਖ ਕੈਦੀਆਂ ਦੀ ਰਿਹਾਈ ਲਈ ਹੰਭਲਾ ਮਾਰਨਾ ਚਾਹੀਦਾ ਹੈ।























