ਪਟਿਆਲਾ ਵਿਖੇ ਵਾਪਰੀ ਹਿੰਸਕ ਘਟਨਾ ਦਾ ਮਾਮਲਾ:
ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਅਫ਼ਸਰਾਂ ਨੂੰ ਦਿੱਤੀ ਇਹ ਸਖ਼ਤ ਹਦਾਇਤ
ਚੰਡੀਗੜ੍ਹ, 29ਅਪ੍ਰੈਲ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿਖੇ ਵਾਪਰੀ ਹਿੰਸਕ ਘਟਨਾ ਨੂੰ ਲੈ ਕੇ ਡੀਜੀਪੀ ਪੰਜਾਬ ਸਮੇਤ ਸਾਰੇ ਵੱਡੇ ਅਫਸਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਮਾਮਲੇ ਦੀ ਤੁਰੰਤ ਜਾਂਚ ਦੇ ਹੁਕਮ ਦਿੱਤੇ ਹਨ, ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਅਫ਼ਸਰਾਂ ਨੂੰ ਸਖ਼ਤ ਹਦਾਇਤ ਦਿੱਤੀ ਕਿ ਇਕ ਵੀ ਦੋਸ਼ੀ ਨੂੰ ਬਖਸ਼ਿਆ ਨਾ ਜਾਵੇ।
https://twitter.com/BhagwantMann/status/1520021737093566464?t=xeQwl7Meua2zHWsRZTlRTQ&s=19
ਜ਼ਿਕਰਯੋਗ ਹੈ ਕਿ ਅੱਜ ਪਟਿਆਲਾ ‘ਚ ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਹਿੰਦੂ ਤੇ ਸਿੱਖ ਜਥੇਬੰਦੀਆਂ ਦੇ ਲੋਕ ਆਹਮੋ-ਸਾਹਮਣੇ ਆ ਗਏ। ਹਿੰਦੂ ਜਥੇਬੰਦੀਆਂ ਮਾਰਚ ਕੱਢਣ ਦੀ ਤਿਆਰੀ ਕਰ ਰਹੀਆਂ ਸਨ। ਇਸ ਦੌਰਾਨ ਕੁਝ ਜਥੇਬੰਦੀਆਂ ਨੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਮਾਹੌਲ ਇੰਨਾ ਖਰਾਬ ਹੋ ਗਿਆ ਕਿ ਦੋਵਾਂ ਧਿਰਾਂ ਵਿਚਾਲੇ ਇੱਟਾਂ-ਪੱਥਰ ਵੀ ਚੱਲੇ, ਤੇ ਮਾਹੌਲ ਨੇ ਇਕ ਹਿੰਸਕ ਘਟਨਾ ਦਾ ਰੂਪ ਧਾਰਨ ਕਰ ਲਿਆ। ਇਹ ਵੀ ਦੱਸ ਦੱਈਏ ਕਿ ਇਸ ਘਟਨਾ ਤੋਂ ਬਾਅਦ ਕਾਨੂੰਨ ਵਿਵਸਥਾ ਤੇ ਸ਼ਾਂਤੀ ਬਹਾਲ ਕਰਨ ਲਈ ਜ਼ਿਲ੍ਹੇ ਵਿੱਚ ਕਰਫਿਊ ਲਾ ਦਿੱਤਾ ਗਿਆ ਹੈ। ਇਹ ਹੁਕਮ ਅੱਜ ਸ਼ਾਮ 7 ਵਜੇ ਤੋਂ ਲਾਗੂ ਹੋ ਜਾਣਗੇ ਤੇ ਭਲਕੇ 30 ਅਪ੍ਰੈਲ ਸਵੇਰੇ 6 ਵਜੇ ਤੱਕ ਜਾਰੀ ਰਹਿਣਗੇ। ਡੀਸੀ ਸਾਕਸ਼ੀ ਸਾਹਨੀ ਵੱਲੋਂ ਧਾਰਾ 144 ਅਧੀਨ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤੇ ਗਏ ਹਨ।























