ਪੰਚਾਇਤੀ ਜ਼ਮੀਨਾਂ ਦੱਬਣ ਵਾਲਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਅਲਟੀਮੇਟਮ
ਇਸ ਤਰੀਕ ਤੱਕ ਨਹੀਂ ਛੱਡਿਆ ਨਜਾਇਜ਼ ਕਬਜ਼ਾ ਤਾਂ ਹੋਵੇਗੀ ਸਖ਼ਤ ਕਾਰਵਾਈ
ਚੰਡੀਗੜ੍ਹ,11 ਮਈ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਸਾਰੇ ਕਾਬਜ਼ਕਾਰਾਂ ਨੂੰ 31 ਮਈ ਤੱਕ ਜ਼ਮੀਨ ਸਰਕਾਰ ਨੂੰ ਸੌਂਪਣ ਲਈ ਸਖ਼ਤ ਚਿਤਾਵਨੀ ਦਿੱਤੀ ਹੈ।
ਇੱਕ ਟਵੀਟ ਵਿੱਚ ਭਗਵੰਤ ਮਾਨ ਨੇ ਸਿਆਸਤਦਾਨਾਂ, ਅਫਸਰਾਂ ਜਾਂ ਹੋਰ ਰਸੂਖਦਾਰਾਂ ਸਮੇਤ ਕਿਸੇ ਵੀ ਵਿਅਕਤੀ ਤੋਂ ਅਜਿਹੀਆਂ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਾ ਛੁਡਵਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਮੁੱਖ ਮੰਤਰੀ ਨੇ ਅੱਗੇ ਚਿਤਾਵਨੀ ਦਿੱਤੀ ਕਿ ਜੇਕਰ ਇਹ ਜ਼ਮੀਨਾਂ ਸਵੈ-ਇੱਛਾ ਨਾਲ ਸਪੁਰਦ ਨਹੀਂ ਕੀਤੀਆਂ ਜਾਂਦੀਆਂ ਹਨ ਤਾਂ ਸਰਕਾਰ ਅਜਿਹੇ ਕਸੂਰਵਾਰ ਲੋਕਾਂ ਵਿਰੁੱਧ ਨਵੇਂ ਸਿਰਿਓਂ ਐਫਆਈਆਰ ਦਰਜ ਕਰਨ ਦੇ ਨਾਲ-ਨਾਲ ਗੈਰ-ਕਾਨੂੰਨੀ ਕਬਜ਼ੇ ਵਾਲੀਆਂ ਜ਼ਮੀਨਾਂ ਦੀਆਂ ਪਿਛਲੀਆਂ ਦੇਣਦਾਰੀਆਂ ਦਾ ਭੁਗਤਾਨ ਕਰਨ ਲਈ ਮਜਬੂਰ ਹੋਵੇਗੀ।
ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਤੇ ਨਾਜਇਜ਼ ਕਬਜ਼ੇ ਕੀਤੇ ਹੋਏ ਨੇ ਭਾਂਵੇ ਓਹ ਰਾਜਨੀਤਕ ਲੋਕ ਨੇ ਜਾਂ ਅਫਸਰ ਨੇ ਜਾਂ ਫੇਰ ਕੋਈ ਰਸੂਖਦਾਰ ਲੋਕ ਨੇ..ਓਹਨਾਂ ਨੂੰ ਮੈਂ ਅਪੀਲ ਕਰਦਾ ਹਾਂ ਕਿ 31 ਮਈ ਤੱਕ ਆਪਣੇ ਨਜਾਇਜ਼ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਨੂੰ ਦੇ ਦੇਣ .ਨਹੀਂ ਤਾਂ ਪੁਰਾਣੇ ਖ਼ਰਚੇ ਅਤੇ ਨਵੇਂ ਪਰਚੇ ਪਾਏ ਜਾ ਸਕਦੇ ਨੇ
— Bhagwant Mann (@BhagwantMann) May 11, 2022























