ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਖਾਲੂ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕਤਾ ਕੈਂਪ
ਵਿਧੀ ਅਪਨਾਉਣ ਵਾਲੇ ਕਿਸਾਨਾਂ ਨੂੰ ਸੂਬਾ ਸਰਕਾਰ ਵੱਲੋਂ ਦਿੱਤੀ ਜਾਵੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ
ਕਪੂਰਥਲਾ,25 ਮਈ(ਵਿਸ਼ਵ ਵਾਰਤਾ)ਪੰਜਾਬ ਸਰਕਾਰ ਦੇ ਮਿਸ਼ਨ ਪਾਣੀ ਬਚਾਉ ਪੰਜਾਬ ਬਚਾਉ ਤਹਿਤ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਕਪੂਰਥਲਾ ਵੱਲੋਂ ਪਿੰਡ ਖਾਲੂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਅ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ. ਗੁਰਪਾਲ ਸਿੰਘ ਇੰਡੀਅਨ ਅਤੇ ਹਲਕਾ ਇੰਚਾਰਜ ਸੁਲਤਾਨਪੁਰ ਲੋਧੀ ਸ. ਸੱਜਣ ਸਿੰਘ ਚੀਮਾ ਵਿਸੇਸ਼ ਤੌਰ ਤੇ ਹਾਜਰ ਹੋਏ।
ਸ. ਸੱਜਣ ਸਿੰਘ ਚੀਮਾ ਨੇ ਕੈਂਪ ਵਿੱਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜੋ ਕਿਸਾਨ ਇਹ ਵਿਧੀ ਅਪਨਾਉਣਗੇ, ਉਹਨਾਂ ਨੂੰ ਸੂਬਾ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ। ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ. ਗੁਰਪਾਲ ਸਿੰਘ ਇੰਡੀਅਨ ਨੇ ਕਿਸਾਨਾਂ ਨੂੰ ਪਾਣੀ,ਹਵਾ ਅਤੇ ਧਰਤੀ ਨੂੰ ਸੰਭਾਲਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਪੂਰਾ ਕਰਨ ਲਈ ਸਹਿਯੋਗ ਦੀ ਅਪੀਲ ਕੀਤੀ।
ਡਾ. ਤੇਜ਼ਪਾਲ ਸਿੰਘ ਜਿਲ੍ਹਾ ਸਿਖਲਾਈ ਅਫਸਰ ਅਤੇ ਡਾ. ਐਚ.ਪੀ.ਐਸ ਭਰੋਤ ਬਲਾਕ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਕਿਹਾ ਕਿ ਤਰ ਵੱਤਰ ਤਕਨੀਕ ਰਾਹੀਂ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਨਾਲ ਜਿੱਥੇ ਪਾਣੀ ਅਤੇ ਲੇਬਰ ਦੀ ਬੱਚਤ ਹੁੰਦੀ ਹੈ,ਉੱਥੇ ਧਰਤੀ ਹੇਠਲੇ ਪਾਣੀ ਨੂੰ ਰਿਚਾਰਜ ਕਰਨ ਵਿੱਚ ਵੀ ਸਹਾਇਤਾ ਮਿਲਦੀ ਹੈ। ਉਹਨਾਂ ਦੱਸਿਆ ਕਿ ਖੇਤੀਬਾੜੀ, ਬਾਗਬਾਨੀ, ਭੂਮੀ ਰੱਖਿਆ, ਮੰਡੀ ਬੋਰਡ ਦੇ ਕਰਮਚਾਰੀ ਪਿੰਡ-ਪਿੰਡ ਕੇ ਕਿਸਾਨਾਂ ਨੂੰ ਸਿੱਧੀ ਬਿਜਾਈ ਸਬੰਧੀ ਜਾਗਰੂਕ ਕਰ ਰਹੇ ਹਨ।
ਡਾ. ਸਖਦੇਵ ਸਿੰਘ ਖੇਤੀਬਾੜੀ ਸੂਚਨਾ ਅਫਸਰ, ਕਪੂਰਥਲਾ ਨੇ ਹਰੇਕ ਕਿਸਾਨ ਨੂੰ ਥੋੜੇ-ਥੋੜੇ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ। ਇਸ ਕੈਂਪ ਵਿੱਚ ਇਲਾਕੇ ਦੇ ਅਗਾਂਹਵਧੂ ਕਿਸਾਨਾਂ ਦੀ ਹਾਜ਼ਰੀ ਵਿੱਚ ਕਿਸਾਨ ਸ੍ਰ. ਤਰਸੇਮ ਸਿੰਘ ਦੇ ਖੇਤਾਂ ਵਿੱਚ ਪ੍ਰਦਰਸ਼ਨੀ ਪਲਾਟ ਦੀ ਬਿਜਾਈ ਵੀ ਕਰਵਾਈ ਗਈ।
ਇਸ ਮੌਕੇ ਸ. ਮਨਜੀਤ ਸਿੰਘ, ਸ. ਜਗਵਿੰਦਰ ਸਿੰਘ, ਸ. ਪ੍ਰਿਤਪਾਲ ਸਿੰਘ, ਸ. ਮੇਜਰ ਸਿੰਘ ਪਿੰਡ ਖਾਲੂ, ਹਰਜਿੰਦਰ ਸਿੰਘ ਕੋਲੀਆਂਵਾਲ, ਸਰਪੰਚ ਇੰਦਰਜੀਤ ਸਿੰਘ, ਨੰਬਰਦਾਰ ਨਛੱਤਰ ਸਿੰਘ ਅਤੇ ਇਲਾਕੇ ਦੇ ਹੋਰ ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਖੇਤ ਦਿਵਸ ਨੂੰ ਕਾਮਯਾਬ ਕਰਨ ਲਈ ਖੇਤੀਬਾੜੀ ਵਿਭਾਗ ਦੀ ਟੀਮ ਸ਼੍ਰੀ ਜਗਜੀਤ ਸਿੰਘ, ਪਵਨਦੀਪ ਸਿੰਘ ਏ.ਟੀ.ਐਮ ਦਾ ਵਿਸੇਸ਼ ਯੋਗਦਾਨ ਰਿਹਾ।






















