ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਦਾ ਦਰਜਾ ਨਾ ਦਿੱਤਾ ਜਾਵੇ : ਮਨਜੀਤ ਸਿੰਘ ਭੋਮਾ
ਚੰਡੀਗੜ੍ਹ, 25ਮਈ (ਵਿਸ਼ਵ ਵਾਰਤਾ)-ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਜਨਰਲ ਸਕੱਤਰ ਤੇ ਬੁਲਾਰੇ ਸ. ਮਨਜੀਤ ਸਿੰਘ ਭੋਮਾ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਬਾਰੇ ਕੇਂਦਰ ਸਰਕਾਰ ਤੋਂ ਮੰਗੇ ਸੁਝਾਅ ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਆਪਣੀ ਸਖ਼ਤ ਪ੍ਰਤੀਕਿਰਿਆਂ ਦਿੰਦਿਆ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਪੰਜਾਬ ਨਾਲ ਡੂੰਘਾ ਇਤਿਹਾਸ ਜੁੜਿਆ ਹੋਇਆਂ ਹੈ । ਦੇਸ਼ ਦੀ ਵੰਡ ਸਮੇਂ ਪੰਜਾਬ ਦੀ ਰਾਜਧਾਨੀ ਲਾਹੌਰ ਦੇ ਬਦਲੇ ਵਜੋਂ ਸਿਰਫ਼ ਪੰਜਾਬ ਨੂੰ ਇੱਕ ਪੰਜਾਬ ਯੂਨੀਵਰਸਿਟੀ ਹੀ ਮਿਲੀ ਸੀ । ਜਿਹੜੀ ਬਾਅਦ ਵਿੱਚ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਸਥਾਪਿਤ ਕੀਤੀ ਗਈ ਸੀ । ਇਹ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪੰਜਾਬ ਦਾ ਮਾਣ, ਸ਼ਾਨ ਤੇ ਮਹਾਨ ਵਿਰਸਾ ਹੈ । ਇਹ ਪੰਜਾਬ ਦੇ ਲੋਕਾਂ ਦੀਆਂ ਦਿਲੀ ਭਾਵਨਾਵਾਂ ਦੀ ਤਰਜਮਾਨੀ ਕਰਦੀ ਹੈ ਇਸ ਨੂੰ ਕੇਂਦਰੀ ਯੂਨੀਵਰਸਿਟੀ ਵਜੋਂ ਤਬਦੀਲ ਕਰਨਾ ਪੰਜਾਬ ਦੇ ਹਿੱਤਾਂ ਨਾਲ ਇੱਕ ਵੱਡਾ ਖਿਲਵਾੜ ਹੋਵੇਗਾ । ਇਸ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਮਹਾਨਤਾ ਸੰਸਾਰ ਭਰ ਫੈਲੀ ਹੋਈ ਹੈ ।
ਸ. ਮਨਜੀਤ ਸਿੰਘ ਭੋਮਾ ਨੇ ਕਿਹਾ ਕਿ ਕੇਂਦਰ ਪਹਿਲਾਂ ਹੀ ਪੰਜਾਬ ਤੋਂ ਉਸਦੀ ਰਾਜਧਾਨੀ ,ਪਾਣੀ ਦੇ ਡੈਮ ਅਤੇ ਬਿਜਲੀ ਖੋਹ ਚੁੱਕਾ ਹੈ । । ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬ ਤੋਂ ਹਜ਼ਾਰਾਂ ਵਿਦਿਆਰਥੀ ਸਿੱਖਿਆਂ ਹਾਸਿਲ ਕਰਦੇ ਹਨ। ਸ. ਭੋਮਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦਾ ਵਿਰਸਾ ਸੰਭਾਲੀ ਬੈਠੀ ਹੈ। ਇਸ ਕਰਕੇ ਪੰਜਾਬਯੂਨੀਵਰਸਿਟੀ ਦੇ ਸੈਨਿਟ ਤੇ ਸਿੰਡੀਕੇਟ ਮੈਂਬਰਾਂ ਤੇ ਸਮੂਹ ਪ੍ਰੋਫੈਸਰਾਂ ਤੇ ਮੁਲਾਜ਼ਮਾਂ ਨੂੰ ਆਪਣੇ ਨਿੱਜੀ ਹਿੱਤਾਂ ਤੋਂ ਉੱਪਰ ਉੱਠਕੇ ਇਸ ਮਹਾਨ ਵਿਰਸੇ ਦੀ ਵਫਾਦਾਰੀ ਨਾਲ਼ ਕਦਰ ਕਰਨ । ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਦੀ ਬਜਾਏ ਇਸ ਨੂੰ ਆਰਥਿਕ ਪੱਖੋਂ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ ਅਤੇ ਯੂਨੀਵਰਸਿਟੀ ਦੇ ਪ੍ਰੋਫੈਸਰਾਂ ਤੇ ਮੁਲਾਜ਼ਮਾਂ ਦੀਆਂ ਵਾਜਿਬ ਮੰਗਾਂ ਤੁਰੰਤ ਮੰਨਣੀਆਂ ਚਾਹੀਦੀਆਂ ਹਨ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਨੂੰ ਅੰਮ੍ਰਿਤਸਰ ਵਿਖੇ ਕੇਂਦਰੀ ਯੂਨੀਵਰਸਿਟੀ ਸਥਾਪਿਤ ਕਰਨ ਦੀ ਪੁਰਜ਼ੋਰ ਮੰਗ ਕੀਤੀ ਹੈ । ਪਰ ਪੰਜਾਬ ਨਾਲ ਜੁੜੀ ਹੋਈ ਵਿਰਸਾਤੀ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਨਹੀਂ ਕਰਨਾ ਚਾਹੀਦਾ ਸਗੋਂ ਇਸ ਦਾ ਵਾਈਸ ਚਾਂਸਲਰ ਪੰਜਾਬ ਤੋਂ ਹੋਣਾ ਲਾਜ਼ਮੀ ਬਣਾਉਣਾ ਚਾਹੀਦਾ ਹੈ ।























