ਖੇਡ ਮੰਤਰੀ ਮੀਤ ਹੇਅਰ ਵੱਲੋਂ ਭਾਰਤ ਨੂੰ ਉਲੰਪਿਕ ਤਮਗਾ ਜਿਤਵਾਉਣ ਵਾਲੇ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਘਰ ਦਾ ਦੌਰਾ
ਬਲਬੀਰ ਸਿੰਘ ਦਾ ਕੌਮਾਂਤਰੀ ਹਾਕੀ ਵਿੱਚ ਬੁੱਤ ਲਾਉਣ ਅਤੇ ਕੇਂਦਰ ਸਰਕਾਰ ਕੋਲੋਂ ‘ਭਾਰਤ ਰਤਨ’ ਦੇਣ ਦੀ ਕੀਤੀ ਮੰਗ
ਚੰਡੀਗੜ੍ਹ,26 ਮਈ(ਵਿਸ਼ਵ ਵਾਰਤਾ)- ਪੰਜਾਬ ਦੇ ਖੇਡ ਅਤੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਭਾਰਤ ਦੇ ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਘਰ ਦਾ ਦੌਰਾ ਕੀਤਾ। ਇਸ ਦੌਰਾਨ ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਤੇ ਲਿਖਿਆ ਕਿ “ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਜੀ ਦੀ ਬਰਸੀ ਮੌਕੇ ਅੱਜ ਉਨ੍ਹਾਂ ਦੇ ਘਰ ਜਾ ਕੇ ਸ਼ਰਧਾਂਜਲੀ ਭੇਂਟ ਕੀਤੀ। ਬਲਬੀਰ ਸਿੰਘ ਜੀ ਨੇ ਆਪਣੀ ਖੇਡ ਨਾਲ ਪੰਜਾਬ ਦਾ ਨਾਮ ਪੂਰੇ ਦੇਸ਼ ਵਿੱਚ ਚਮਕਾਇਆ।ਹਾਕੀ ਖੇਡ ਨੂੰ ਉਨ੍ਹਾਂ ਦੀ ਦੇਣ ਭੁਲਾਈ ਨਹੀਂ ਜਾ ਸਕਦੀ। ਉਨ੍ਹਾਂ ਦੀ ਬੇਟੀ ਸੁਸ਼ਬੀਰ ਕੌਰ ਤੇ ਦੋਹਤੇ ਕਬੀਰ ਸਿੰਘ ਨੇ ਬਲਬੀਰ ਸਿੰਘ ਸੀਨੀਅਰ ਜੀ ਨਾਲ ਜੁੜੀਆਂ ਅਨਮੋਲ ਯਾਦਾਂ ਸਾਂਝੀਆਂ ਕੀਤੀਆਂ। ਪਰਿਵਾਰ ਵੱਲੋਂ ਉਨ੍ਹਾਂ ਦੀ ਜੀਵਨੀ “ਗੋਲਡਨ ਗੋਲ” ਦਿੱਤੀ ਗਈ। ਸੱਚਮੁੱਚ ਉਹ ਜਿੰਨੇ ਵੱਡੇ ਖਿਡਾਰੀ ਉਨੇ ਹੀ ਮਹਾਨ ਇਨਸਾਨ ਸਨ।ਇਸ ਮੌਕੇ ਮੈਂ ਦੱਸਣਾ ਚਾਹਾਂਗਾ ਕਿ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ ਮੁਹਾਲੀ ਸਥਿਤ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਕੌਮਾਂਤਰੀ ਹਾਕੀ ਸਟੇਡੀਅਮ ਵਿਖੇ ਉਨ੍ਹਾਂ ਦਾ ਬੁੱਤ ਸਥਾਪਤ ਕਰਨ ਦਾ ਫੈਸਲਾ ਕੀਤਾ ਜਾਵੇਗਾ। ਸਿੱਖਿਆ ਵਿਭਾਗ ਵੱਲੋਂ ਉਨ੍ਹਾਂ ਦੀ ਜੀਵਨੀ ਨੂੰ ਸਕੂਲੀ ਬੱਚਿਆਂ ਦੇ ਸਿਲੇਬਸ ਵਿੱਚ ਸ਼ਾਮਲ ਕੀਤਾ ਜਾਵੇਗਾ।ਇਸ ਮੌਕੇ ਮੈਂ ਭਾਰਤ ਸਰਕਾਰ ਨੂੰ ਗੁਜ਼ਾਰਿਸ਼ ਕਰਦਾ ਹਾਂ ਕਿ ਇਸ ਮਹਾਨ ਖਿਡਾਰੀ ਨੂੰ ਦੇਸ਼ ਦੇ ਸਰਵੋਤਮ ਨਾਗਰਿਕ ਸਨਮਾਨ ‘ਭਾਰਤ ਰਤਨ’ ਨਾਲ ਸਨਮਾਨਿਆ ਜਾਵੇ।“























