ਲਖੀਮਪੁਰ ਖੀਰੀ ਕਤਲਕਾਂਡ ਦੇ ਚਸ਼ਮਦੀਦ ਗਵਾਹ ਦਿਲਬਾਗ ਸਿੰਘ ‘ਤੇ ਕੀਤੇ ਗਏ ਜਾਨਲੇਵਾ ਹਮਲੇ ਦੀ ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਜ਼ੋਰਦਾਰ ਨਿੰਦਾ
ਹਮਲਾਵਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਸਾਰੇ ਗਵਾਹਾਂ ਨੂੰ ਸੁਰੱਖਿਆ ਦੇਣ ਦੀ ਕੀਤੀ ਮੰਗ
ਚੰਡੀਗੜ੍ਹ 2 ਜੂਨ (ਵਿਸ਼ਵ ਵਾਰਤਾ ) ਕੱਲ੍ਹ ਗੋਲਾ ਕੋਤਵਾਲੀ (ਯੂ ਪੀ) ਦੇ ਇਲਾਕੇ ਵਿੱਚ ਘਰ ਵੱਲ ਜਾ ਰਹੇ ਲਖੀਮਪੁਰ ਖੀਰੀ ਕਤਲਕਾਂਡ ਦੇ ਚਸ਼ਮਦੀਦ ਗਵਾਹ ਦਿਲਬਾਗ ਸਿੰਘ ਦੀ ਕਾਰ ਉੱਤੇ ਗੁੰਡਾ ਅਨਸਰਾਂ ਵੱਲੋਂ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕਰਨ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਹਮਲਾਵਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਇਸ ਕੇਸ ਦੇ ਸਾਰੇ ਗਵਾਹਾਂ ਨੂੰ ਸੁਰੱਖਿਆ ਦੇਣ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਸਾਂਝਾ ਬਿਆਨ ਇੱਥੋਂ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੋਸ਼ ਲਾਇਆ ਕਿ ਭਾਜਪਾ ਮੰਤਰੀ ਅਜੇ ਮਿਸ਼ਰਾ ਟੈਣੀ ਦੀ ਸ਼ਹਿ ਨਾਲ ਗਵਾਹਾਂ ਉੱਤੇ ਕੀਤਾ ਗਿਆ ਇਹ ਦੂਜਾ ਹਮਲਾ ਕਿਸਾਨਾਂ ਦੇ ਕਤਲਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਖਾਤਰ ਗਵਾਹਾਂ ਨੂੰ ਮੁਕਰਾਉਣ ਦੀ ਸਾਜ਼ਿਸ਼ ਦਾ ਪੱਕਾ ਸਬੂਤ ਹੋ ਨਿੱਬੜਿਆ ਹੈ। ਪਹਿਲਾਂ ਵੀ ਇਸ ਮੰਤਰੀ ਦੇ ਬੇਟੇ ਅਤੇ ਕੇਸ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਉੱਤੇ ਰਿਹਾਈ ਸਮੇਂ ਗੁੰਡਾ ਗ੍ਰੋਹ ਵੱਲੋਂ ਇਸ ਕੇਸ ਦੇ ਹੋਰ ਗਵਾਹਾਂ ਉੱਤੇ ਅਜਿਹਾ ਹੀ ਜਾਨਲੇਵਾ ਹਮਲਾ ਕੀਤਾ ਗਿਆ ਸੀ। ਉਸ ਤੋਂ ਬਾਅਦ ਅਦਾਲਤ ਵੱਲੋਂ ਉਸ ਦੀ ਜ਼ਮਾਨਤ ਰੱਦ ਕਰਕੇ ਮੁੜ ਜੇਲ੍ਹ ਵਿੱਚ ਡੱਕਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇਹ ਗਵਾਹ ਦਿਲਬਾਗ ਸਿੰਘ ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦਾ ਜ਼ਿਲ੍ਹਾ ਪ੍ਰਧਾਨ ਹੈ ਅਤੇ ਦੋ ਦਿਨ ਪਹਿਲਾਂ ਹੀ ਇਸ ਜਥੇਬੰਦੀ ਦੇ ਕੌਮੀ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੀ ਕੌਮੀ ਤਾਲਮੇਲ ਕਮੇਟੀ ਦੇ ਮੈਂਬਰ ਰਾਕੇਸ਼ ਟਿਕੈਤ ਉੱਤੇ ਵੀ ਬੰਗਲੂਰੂ ਵਿਖੇ ਕਾਲ਼ੀ ਸਿਆਹੀ ਸੁੱਟਣ ਦੇ ਦੋਸ਼ੀਆਂ ਦਾ ਭਾਜਪਾ ਨਾਲ ਸਿੱਧਾ ਸਬੰਧ ਜੱਗ ਜ਼ਾਹਰ ਹੋ ਚੁੱਕਿਆ ਹੈ। ਕਿਸਾਨ ਆਗੂਆਂ ਵੱਲੋਂ ਸਮੂਹ ਇਨਸਾਫਪਸੰਦ ਤੇ ਜਮਹੂਰੀ ਲੋਕਾਂ ਨੂੰ ਇਸ ਤਾਨਾਸ਼ਾਹ ਹਕੂਮਤ ਦੀਆਂ ਅਜਿਹੀਆਂ ਜ਼ਾਲਮਾਨਾ ਕਰਤੂਤਾਂ ਦੀ ਜ਼ੋਰਦਾਰ ਨਿੰਦਾ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਸੇ ਹਕੂਮਤ ਨੇ ਦਰਜਨਾਂ ਨਿਰਦੋਸ਼ ਬੁੱਧੀਜੀਵੀਆਂ ਨੂੰ ਵੀ ਦੇਸ਼ਧ੍ਰੋਹੀ ਦੇ ਝੂਠੇ ਕੇਸ ਪਾ ਕੇ ਜੇਲ੍ਹਾਂ ਅੰਦਰ ਡੱਕ ਰੱਖਿਆ ਹੈ ਅਤੇ ਅੰਦਰੇ ਹੀ ਬੇਇਲਾਜੇ ਮਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ।
ਕਿਸਾਨ ਆਗੂਆਂ ਵੱਲੋਂ ਯੂ ਪੀ ਅਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਅਜਿਹੀਆਂ ਜਾਬਰ ਫਾਸ਼ੀ ਚਾਲਾਂ ਤੋਂ ਬਾਜ਼ ਆਉਣ ਦੀ ਚਿਤਾਵਨੀ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਦੇਸ਼ ਭਰ ਦੇ ਕਿਸਾਨਾਂ ਨੂੰ ਇਸ ਜ਼ਾਲਮ ਕਿਸਾਨ-ਵਿਰੋਧੀ ਭਾਜਪਾ ਹਕੂਮਤ ਵੱਲੋਂ ਨਜ਼ਰਅੰਦਾਜ਼ ਕੀਤੀ ਗਈ ਸਾਰੀਆਂ ਫ਼ਸਲਾਂ ਦੀ ਐਮ ਐੱਸ ਪੀ ‘ਤੇ ਖਰੀਦ ਦੀ ਕਾਨੂੰਨੀ ਗਰੰਟੀ ਸਮੇਤ ਦਿੱਲੀ ਮੋਰਚੇ ਦੀਆਂ ਲਟਕ ਰਹੀਆਂ ਪੰਜਾਂ ਮੰਗਾਂ ਦੀ ਪੂਰਤੀ ਲਈ ਪਹਿਲਾਂ ਵਰਗਾ ਵਿਸ਼ਾਲ ਜਾਨਹੂਲਵਾਂ ਘੋਲ਼ ਲੜਨ ਲਈ ਤਿਆਰ ਬਰ ਤਿਆਰ ਰਹਿਣ ਦਾ ਸੱਦਾ ਦਿੱਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਦੀ ਕੌਮੀ ਤਾਲਮੇਲ ਕਮੇਟੀ ਵੱਲੋਂ ਫ਼ੈਸਲਾ ਕਰ ਕੇ ਇਸਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ।























