ਮੰਤਰੀ ਮੰਡਲ ਵੱਲੋਂ ਇਕ ਵਿਧਾਇਕ, ਇਕ ਪੈਨਸ਼ਨ ਲਈ ‘ਦੀ ਪੰਜਾਬ ਸਟੇਟ ਲੈਜਿਸਲੇਚਰ ਮੈਂਬਰਜ਼ (ਪੈਨਸ਼ਨ ਅਤੇ ਮੈਡੀਕਲ ਫੈਸਿਲਟੀਜ਼ ਰੈਗੂਲੇਸ਼ਨ) ਐਕਟ-1977’ ਵਿਚ ਸੋਧ ਨੂੰ ਹਰੀ ਝੰਡੀ
ਚੰਡੀਗੜ੍ਹ,7 ਜੂਨ(ਵਿਸ਼ਵ ਵਾਰਤਾ)-ਅੱਜ ਹੋਈ ਕੈਬਨਿਟ ਮੀਟਿੰਗ ਦੌਰਾਨ ਪੰਜਾਬ ਮੰਤਰੀ ਮੰਡਲ ਨੇ ‘ਦੀ ਪੰਜਾਬ ਸਟੇਟ ਲੈਜਿਸਲੇਚਰ ਮੈਂਬਰਜ਼ (ਪੈਨਸ਼ਨ ਅਤੇ ਮੈਡੀਕਲ ਫੈਸਿਲਟੀਜ਼ ਰੈਗੂਲੇਸ਼ਨ) ਐਕਟ-1977’ ਦੀ ਧਾਰਾ 3 (1) ਵਿਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਪੰਜਾਬ ਵਿਧਾਨ ਸਭਾ ਦੇ ਵਿਧਾਇਕਾਂ ਨੂੰ ਇਕ ਪੈਨਸ਼ਨ (ਟਰਮਾਂ ਦੀ ਗਿਣਤੀ ਕੀਤੇ ਬਗੈਰ) ਨਵੀਂ ਦਰ ਅਨੁਸਾਰ (60,000 ਰੁਪਏ ਪ੍ਰਤੀ ਮਹੀਨਾ+ਮਹਿੰਗਾਈ ਭੱਤਾ ਜੋ ਪੰਜਾਬ ਸਰਕਾਰ ਦੇ ਪੈਨਸ਼ਨਰਾਂ ਉਤੇ ਲਾਗੂ ਹੁੰਦਾ ਹੈ) ਦੇ ਮੁਤਾਬਕ ਦਿੱਤੀ ਜਾਵੇਗੀ। ਇਹ ਮੌਜੂਦਾ ਵਿਵਸਥਾ ਨੂੰ ਬਦਲ ਦੇਵੇਗੀ ਜਿਸ ਅਨੁਸਾਰ ਪਹਿਲੀ ਟਰਮ ਲਈ 15,000 ਰੁਪਏ ਪੈਨਸ਼ਨ ਪ੍ਰਤੀ ਮਹੀਨਾ (ਸਮੇਤ ਮਹਿੰਗਾਈ ਭੱਤਾ, ਜੋ ਪੰਜਾਬ ਸਰਕਾਰ ਦੇ ਪੈਨਸ਼ਨਰਾਂ ਉਤੇ ਲਾਗੂ ਹੁੰਦਾ ਹੈ) ਅਤੇ ਹਰੇਕ ਬਾਅਦ ਵਾਲੀ ਟਰਮ ਲਈ 10,000 ਰੁਪਏ ਪੈਨਸ਼ਨ ਪ੍ਰਤੀ ਮਹੀਨਾ (ਸਮੇਤ ਮਹਿੰਗਾਈ ਭੱਤਾ, ਜੋ ਪੰਜਾਬ ਸਰਕਾਰ ਦੇ ਪੈਨਸ਼ਨਰਾਂ ਉਤੇ ਲਾਗੂ ਹੁੰਦਾ ਹੈ) ਸੀ। ਇਸ ਸੋਧ ਨਾਲ ਪੰਜਾਬ ਸਰਕਾਰ ਨੂੰ ਸਾਲਾਨਾ ਲਗਪਗ 19.53 ਕਰੋੜ ਰੁਪਏ ਦੀ ਬੱਚਤ ਹੋਵੇਗੀ।























