ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਤੋਂ ਖੋਹਣ ਖਿਲਾਫ ਸੰਘਰਸ਼ ਨਾਲ ਡੀ.ਟੀ.ਐਫ. ਨੇ ਪ੍ਰਗਟਾਈ ਇੱਕਜੁੱਟਤਾ
ਚੰਡੀਗੜ੍ਹ, 10 ਜੂਨ ( ਵਿਸ਼ਵ ਵਾਰਤਾ): ਕੇਂਦਰ ਸਰਕਾਰ ਦੁਆਰਾ ਲਿਆਂਦੀ ਨਵੀਂ ਸਿੱਖਿਆ ਨੀਤੀ -2020 ਅਤੇ ਪੰਜਾਬ ਯਨੀਵਰਸਿਟੀ ਉੱਤੇ ਕੇਂਦਰੀ ਕਾਨੂੰਨ ਲਾਗੂ ਕਰਨ ਦੇ ਵਿਰੋਧ ਦੇ ਵਿੱਚ 10 ਵਿਦਿਆਰਥੀ ਜਥੇਬੰਦੀਆਂ ਦੇ ਸੂਬਾ ਪੱਧਰੀ ਸੱਦੇ ਤਹਿਤ, ਮੋਹਾਲੀ ਤੋਂ ਚੰਡੀਗਡ਼੍ਹ ਵੱਲ ਵਧ ਰਹੇ ਕਾਫ਼ਲੇ ‘ਤੇ ਪੰਜਾਬ ਪੁਲੀਸ ਵੱਲੋਂ ਲਾਠੀਚਾਰਜ਼ ਅਤੇ ਤਿੱਖੀ ਖਿੱਚਧੂਹ ਕਰਨ ਦੀ, ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ, ਸਿੱਖਿਆ ਦੇ ਖੇਤਰ ਵਿੱਚ ਤਾਕਤਾਂ ਦੇ ਕੇਂਦਰੀਕਰਨ ਦੀ ਫਾਸ਼ੀ ਨੀਤੀ ਅਤੇ ਪੰਜਾਬ ਦੇ ਹੱਕਾਂ ਉਪਰ ਮਾਰੇ ਜਾ ਰਹੇ ਡਾਕੇ ਦਾ ਵਿਰੋਧ ਕਰ ਰਹੇ ਵਿਦਿਆਰਥੀਆਂ ਉੱਪਰ ਪੰਜਾਬ ਪੁਲੀਸ ਵੱਲੋਂ ਕੀਤੀ ਧੱਕੇਸ਼ਾਹੀ, ਕੇਂਦਰੀਕਰਨ ਦੇ ਮਾਮਲੇ ਵਿੱਚ ਪੰਜਾਬ ਦੀ ‘ਆਪ’ ਅਤੇ ਕੇਂਦਰ ਦੀ ਬੀ.ਜੇ.ਪੀ. ਸਰਕਾਰ ਦੀ ਇਕਸੁਰਤਾ ਦਾ ਪ੍ਰਗਟਾਵਾ ਹੈ। ਡੀ.ਟੀ.ਐੱਫ.ਆਗੂਆਂ ਨੇ ਕਿਹਾ ਕਿ ਪੰਜਾਬ ਤੇ ਪੰਜਾਬੀਅਤ ਦੀ ਸਾਂਝੀ ਵਿਰਾਸਤ ‘ਪੰਜਾਬ ਯੂਨੀਵਰਸਿਟੀ’ ਨੂੰ ਕੇਂਦਰ ਸਰਕਾਰ ਦੇ ਨਿੱਜੀਕਰਨ, ਕੇਂਦਰੀਕਰਨ ਤੇ ਭਗਵੇਂਕਰਨ ਦੇ ਏਜੰਡੇ ਤੋਂ ਬਚਾਉਣ ਲਈ, ਹਰ ਸੰਘਰਸ਼ੀ ਹਿੱਸੇ ਨੂੰ ਮੈਦਾਨ ਵਿੱਚ ਨਿੱਤਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਚੰਡੀਗੜ੍ਹ ਦੇ ਮੁਲਾਜ਼ਮਾਂ ਉੱਪਰ ਲਾਗੂ ਪੰਜਾਬ ਦੇ ਸੇਵਾ ਨਿਯਮਾਂ ਨੂੰ ਹਟਾ ਕੇ ਕੇਂਦਰੀ ਨਿਯਮ ਲਾਗੂ ਕਰਨ, ਡੈਮ ਸੁਰੱਖਿਆ ਐਕਟ ਰਾਹੀਂ ਪੰਜਾਬ ਦੇ ਪਾਣੀਆਂ ‘ਤੇ ਕੇਂਦਰੀ ਕੰਟਰੋਲ ਵਧਾਉਣ ਅਤੇ ਪੰਜਾਬ ਵਿੱਚ ਬੀ.ਐੱਸ.ਐੱਫ. ਦਾ ਦਾਇਰਾ ਅੰਤਰਰਾਸ਼ਟਰੀ ਸਰਹੱਦ ਦੇ 50 ਕਿਲੋਮੀਟਰ ਅੰਦਰ ਤਕ ਲਿਜਾਉਣ ਵਰਗੇ ਫ਼ੈਸਲਿਆਂ ਰਾਹੀਂ ਵੀ, ਕੇਂਦਰ ਸਰਕਾਰ ਵੱਲੋਂ ਦੇਸ਼ ਵਿੱਚ ਸੱਤਾ ਦੇ ਕੇਂਦਰੀਕਰਨ ਨੂੰ ਲਗਾਤਾਰ ਵਧਾਇਆ ਗਿਆ ਹੈ, ਜੋ ਕਿ ਦੇਸ਼ ਵਿਚ ਰਹਿੰਦੀ ਖੂੰਹਦੀ ਜਮਹੂਰੀਅਤ ਨੂੰ ਵੀ ਖ਼ਤਮ ਕਰਕੇ ਕੇਂਦਰੀਕ੍ਰਿਤ ਮੁਲਕ ਬਣਾਉਣ ਦੇ ਮਨਸੂਬਿਆਂ ਦਾ ਹਿੱਸਾ ਹੈ।
ਇਸ ਮੌਕੇ ਡੀ.ਟੀ.ਐਫ. ਦੇ ਸੂਬਾਈ ਆਗੂਆਂ ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਬੇਅੰਤ ਫੂਲੇਵਾਲਾ, ਜਗਪਾਲ ਬੰਗੀ, ਰਘਵੀਰ ਭਵਾਨੀਗਡ਼੍ਹ, ਜਸਵਿੰਦਰ ਔਜਲਾ, ਦਲਜੀਤ ਸਫੀਪੁਰ ਅਤੇ ਪਵਨ ਕੁਮਾਰ ਆਦਿ ਨੇ ਕੇਂਦਰੀਕਰਨ ਦੀ ਨੀਤੀ ਦਾ ਤਿੱਖਾ ਵਿਰੋਧ ਕਰਦਿਆਂ ਵਿਦਿਆਰਥੀ ਜਥੇਬੰਦੀਆਂ ਨਾਲ ਪੂਰਨ ਇਕਜੁੱਟਤਾ ਪ੍ਰਗਟਾਈ ਅਤੇ ਸੰਘਰਸ਼ ਦੀ ਹਰ ਪੱਖੋਂ ਹਮਾਇਤ ਕਰਨ ਦਾ ਐਲਾਨ ਵੀ ਕੀਤਾ।























