ਡਿਪਟੀ ਕਮਿਸ਼ਨਰ ਵਲੋਂ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦੀ ਪ੍ਰਗਤੀ ਦਾ ਜਾਇਜ਼ਾ
ਐਕਵਾਇਰ ਕੀਤੀਆਂ ਜ਼ਮੀਨਾਂ ਬਦਲੇ ਕਿਸਾਨ ਤੁਰੰਤ ਮੁਆਵਜ਼ਾ ਹਾਸਿਲ ਕਰਨ
ਐਵਾਰਡ ਪ੍ਰਾਪਤ ਕਰ ਚੁੱਕੇ ਕਿਸਾਨ ਅਗਲੀ ਫਸਲ ਦੀ ਬਿਜਾਈ ਨਾ ਕਰਨ
ਕਪੂਰਥਲਾ, 20 ਜੂਨ : ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀ ਵਿਸ਼ੇਸ਼ ਸਾਰੰਗਲ ਵਲੋਂ ਅੱਜ ਕਪੂਰਥਲਾ ਜਿਲ੍ਹੇ ਵਿਚੋਂ ਗੁਜ਼ਰਨ ਵਾਲੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਕੌਮੀ ਹਾਈਵੇ ਅਥਾਰਟੀ ਦੇ ਅਧਿਕਾਰੀਆਂ, ਐਸ.ਡੀ.ਐਮਜ਼ ਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਹੋਈਆਂ ਹਨ ਉਹ ਤੁਰੰਤ ਐਸ.ਡੀ.ਐਮਜ਼ ਕੋਲੋਂ ਆਪਣਾ ਐਵਾਰਡ ਪ੍ਰਾਪਤ ਕਰਨ।
ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਕਿਸਾਨਾਂ ਨੇ ਐਵਾਰਡ ਪ੍ਰਾਪਤ ਕਰ ਲਏ ਹਨ ਉਹ ਸਬੰਧਿਤ ਜ਼ਮੀਨ ਵਿਚ ਅਗਲੀ ਫਸਲ ਦੀ ਬਿਜਾਈ ਨਾ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁਨਿਆਦੀ ਵੀ ਕਰਵਾਈ ਜਾਵੇ।
ਇਸ ਤੋਂ ਇਲਾਵਾ ਕਿਸਾਨਾਂ ਨੂੰ ਅਦਾਇਗੀ ਵਿਚ ਤੇਜੀ ਲਿਆਉਣ ਲਈ ਸਬੰਧਿਤ ਐਸ.ਡੀ.ਐਮਜ਼ ਨੂੰ ਨਿਰਦੇਸ਼ ਜਾਰੀ ਕੀਤੇ ਗਏ।
ਉਨ੍ਹਾਂ ਕਪੂਰਥਲਾ ਸਬ ਡਿਵੀਜ਼ਨ ਅੰਦਰ ਪੈਂਦੇ ਜਿਨ੍ਹਾਂ ਪਿੰਡਾਂ ਬਾਰੇ 3 ਡੀ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ, ਉਹ 5 ਜੁਲਾਈ ਤੱਕ ਕਰਨ ਦੇ ਹੁਕਮ ਦਿੱਤੇ ਹਨ ਜਦਕਿ 3 ਜੀ ਨੋਟੀਫੀਕੇਸ਼ਨ 7 ਜੁਲਾਈ ਤੱਕ ਮੁਕੰਮਲ ਕਰਨ ਲਈ ਕਿਹਾ ਗਿਆ ਹੈ।
ਇਸ ਮੌਕੇ ਐਸ.ਡੀ.ਐਮ. ਕਪੂਰਥਲਾ ਡਾ. ਜੈਇੰਦਰ ਸਿੰਘ, ਸਹਾਇਕ ਕਮਿਸ਼ਨਰ ਕਮ ਐਸ.ਡੀ.ਐਮ. ਭੁਲੱਥ ਰਣਜੀਤ ਸਿੰਘ, ਜਿਲ੍ਹਾ ਮਾਲ ਅਫਸਰ ਜੀ.ਐਸ. ਬੈਨੀਪਾਲ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਕੈਪਸ਼ਨ-ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦੀ ਪ੍ਰਗਤੀ ਸਬੰਧੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਤੇ ਹੋਰ।























