ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਐਸਆਈਟੀ ਨੇ ਕੀਤਾ ਤਲਬ
ਪੜ੍ਹੋ ਕਦੋਂ ਪੇਸ਼ ਹੋਣ ਦੇ ਹੁਕਮ ਹੋਏ ਜਾਰੀ
ਚੰਡੀਗੜ੍ਹ,9ਜੁਲਾਈ(ਵਿਸ਼ਵ ਵਾਰਤਾ)-ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਪੁੱਛਗਿੱਛ ਲਈ ਤਲਬ ਕੀਤਾ ਹੈ। ਉਨ੍ਹਾਂ ਨੂੰ ਅੱਜ ਹੀ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਜਿਕਰਯੋਗ ਹੈ ਕਿ ਸੈਣੀ ਦੇ ਖਿਲਾਫ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਕੇਸਾਂ ਦੀ ਜਾਂਚ ਚੱਲ ਰਹੀ ਹੈ। ਸੈਣੀ ਉਸ ਸਮੇਂ ਪੰਜਾਬ ਦੇ ਡੀ.ਜੀ.ਪੀ. ਸਨ। ਇਸ ਦੇ ਨਾਲ ਹੀ ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਸੈਣੀ ਅਤੇ ਹੋਰ ਮੁਲਜ਼ਮਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਇਸ ਕੇਸ ਨੂੰ ਕੇਂਦਰੀ ਏਜੰਸੀ ਕੋਲ ਤਬਦੀਲ ਕਰਨ ਦੀ ਮੰਗ ਕੀਤੀ ਗਈ ਸੀ। ਹਾਲਾਂਕਿ ਹਾਈ ਕੋਰਟ ਨੇ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਜਿਸ ਤੋਂ ਬਾਅਦ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਸੈਣੀ ਨੂੰ ਸੰਮਨ ਭੇਜਿਆ ਹੈ।
ਸੈਣੀ ਦੀ ਪਟੀਸ਼ਨ ਨੂੰ ਖਾਰਜ ਕਰਦਿਆਂ ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ 2015 ਵਿੱਚ ਵਾਪਰੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਸੀ। ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਏ.ਡੀ.ਜੀ.ਪੀ. ਐਲ ਕੇ ਯਾਦਵ ਅਤੇ ਇਸ ਦੇ ਨਾਲ ਹੀ ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਟੀਮ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਹੈ। ਇਸ ਸੰਮਨ ਦੇ ਜਵਾਬ ਵਿੱਚ ਸੁਮੇਧ ਸੈਣੀ ਨੇ ਤਿੰਨ ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਐਸਆਈਟੀ ਨੂੰ ਭੇਜੇ ਪੱਤਰ ਵਿੱਚ ਸੈਣੀ ਨੇ ਕਿਹਾ ਕਿ ਉਹ ਅਦਾਲਤੀ ਕੇਸ ਦੀ ਸੁਣਵਾਈ ਲਈ ਨਵੀਂ ਦਿੱਲੀ ਵਿੱਚ ਹਨ। ਇਸ ਲਈ ਉਹ ਪੇਸ਼ ਨਹੀਂ ਹੋ ਸਕਣਗੇ। ਹਾਲਾਂਕਿ ਸੈਣੀ ਨੂੰ ਪੇਸ਼ ਹੋਣ ਤੋਂ ਰਾਹਤ ਮਿਲੀ ਹੈ ਜਾਂ ਨਹੀਂ ਇਸ ਬਾਰੇ ਵਿੱਚ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ ਹੈ।