ਮੁੱਖ ਮੰਤਰੀ ਵੱਲੋਂ ‘ਮੱਤੇਵਾੜਾ ਇੰਡਸਟਰੀਅਲ ਪਾਰਕ ਯੋਜਨਾ’ ਰੱਦ ਕਰਨ ਦੇ ਫੈਸਲੇ ਦਾ ਵਿਧਾਨ ਸਭਾ ਦੇ ਸਪੀਕਰ ਵੱਲੋਂ ਸਵਾਗਤ
ਚੰਡੀਗੜ, 11 ਜੁਲਾਈ (ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ‘ਮੱਤੇਵਾੜਾ ਇੰਡਸਟਰੀਅਲ ਪਾਰਕ ਯੋਜਨਾ’ ਨੂੰ ਰੱਦ ਕਰਨ ਦੇ ਫੈਸਲੇ ਦਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਸਵਾਗਤ ਕੀਤਾ ਹੈ।
ਅੱਜ ਏਥੇ ਜਾਰੀ ਇੱਕ ਬਿਆਨ ਵਿੱਚ ਉਨਾਂ ਕਿਹਾ ਕਿ ਮੁੱਖ ਮੰਤਰੀ ਨੇ ਇਹ ਫੈਸਲਾ ਪੰਜਾਬ ਦੇ ਲੋਕਾਂ ਅਤੇ ਵਾਤਾਵਰਨ ਪ੍ਰੇਮੀਆਂ ਦੀ ਭਾਵਨਾ ਦੇ ਮੱਦੇ ਨਜ਼ਰ ਲਿਆ ਹੈ। ਸ੍ਰੀ ਸੰਧਵਾਂ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਵਾਤਾਵਰਣ ਨੂੰ ਅਤੇ ਸੱਤਲੁਜ ਦੇ ਪਾਣੀ ਨੂੰ ਹੋਣ ਵਾਲੇ ਸੰਭਵੀ ਨੁਕਸਾਨ ਤੋਂ ਬਚਿਆ ਜਾ ਸਕੇਗਾ। ਉਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਨੇ ਅਜਿਹਾ ਕਰਕੇ ਖੁਸ਼ਹਾਲ ਪੰਜਾਬ ਪ੍ਰਤੀ ਆਪਣੀ ਜ਼ਿੰਮੇਵਾਰੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਪੁਰਾਣੀ ਸਰਕਾਰ ਵਲੋਂ ਸ਼ੁਰੂ ਕੀਤੇ ‘ਮੱਤੇਵਾੜਾ ਇੰਡਸਟਰੀਅਲ ਪਾਰਕ ਯੋਜਨਾ’ ਨੂੰ ਆਉਣ ਵਾਲੀਆਂ ਪੀੜੀਆਂ ਦੇ ਬਿਹਤਰ ਭਵਿੱਖ ਲਈ ਰੱਦ ਕੀਤਾ ਹੈ।
ਸ੍ਰੀ ਸੰਧਵਾਂ ਨੇ ਕਿਹਾ ਕਿ ਇਹ ਇੱਕ ਲੋਕ ਪੱਖੀ ਫੈਸਲਾ ਹੈ ਅਤੇ ਉਹ ਮੁੱਖ ਮੰਤਰੀ ਦੇ ਇਸ ਲੋਕ ਪੱਖੀ ਫੈਸਲੇ ਦਾ ਤਹਿ ਦਿਲੋਂ ਸਵਾਗਤ ਕਰਦੇ ਹਨ।