ਮਾਲੇਰਕੋਟਲਾ ਤੋਂ ‘ਆਪ’ ਕੌਂਸਲਰ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ
ਚੰਡੀਗੜ੍ਹ, 31 ਜੁਲਾਈ(ਵਿਸ਼ਵ ਵਾਰਤਾ)-ਮਾਲੇਰਕੋਟਲਾ ਵਿੱਚ ਅੱਜ ਸਵੇਰੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਜਿਥੇ ਸਵੇਰੇ ਆਮ ਆਦਮੀ ਪਾਰਟੀ ਦੇ ਇਕ ਕੌਂਸਲਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਸਵੇਰੇ ਕਰੀਬ 8 ਵਜੇ ਦੀ ਹੈ। ਮਿਲੀ ਜਾਣਕਾਰੀ ਅਨੁਸਾਰ ਵਾਰਡ ਨੰਬਰ 18 ਦੇ ਕੌਂਸਲਰ ਅਕਬਰ ਭੋਲੀ ਨੂੰ ਉਸ ਵੇਲੇ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ, ਜਦੋਂ ਉਹ ਜਿਮ ਵੱਲ ਜਾ ਰਹੇ ਸਨ। ਘਟਨਾ ਨੂੰ ਅੰਜਾਮ ਦੇਣ ਮਗਰੋਂ ਹਮਲਾਵਰ ਫ਼ਰਾਰ ਹੋ ਗਏ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ ਪੁਲਿਸ ਟੀਮ ਨਾਲ ਮੌਕੇ ’ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਿਸ ਨੇ ਅਣਪਛਾਤਿਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਜ਼ਿਕਰਯੋਗ ਹੈ ਕਿ 3 ਸਾਲ ਪਹਿਲਾਂ ਹੀ ਕੌਂਸਲਰ ਅਕਬਰ ਭੋਲੀ ਦੇ ਵੱਡੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।























