ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਸਿੰਗਲ ਯੂਜ਼ ਪਲਾਸਿਟਕ ਦੀ ਵਰਤੋਂ ਵਿਰੁੱਧ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਜਿਲ੍ਹਾ ਪ੍ਰਸ਼ਾਸ਼ਨ ਤੇ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਵਲੋਂ ਵਿਰਸਾ ਵਿਹਾਰ ਵਿਖੇ ਜਿਲ੍ਹਾ ਪੱਧਰੀ ਸਮਾਗਮ
ਕਪੂਰਥਲਾ, 5 ਅਗਸਤ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵਲੋਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਅਨੁਸਾਰ ਅੱਜ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਜਿਲ੍ਹੇ ਅੰਦਰ ਪਲਾਸਟਿਕ ਦੀ ਥਾਂ ਬਦਲਵੇਂ ਸ੍ਰੋਤਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਇਸ ਸਬੰਧੀ ਵਿਰਸਾ ਵਿਹਾਰ ਵਿਖੇ ਜਿਲ੍ਹਾ ਪ੍ਰਸ਼ਾਸ਼ਨ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਕਰਵਾਏ ਗਏ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਗੁਰਬਾਣੀ ਤੋਂ ਸੇਧ ਲੈ ਕੇ ਵਾਤਾਵਰਣ ਸੰਭਾਲ ਲਈ ਮਿਲਕੇ ਹੰਭਲਾ ਮਾਰਨ ਦੀ ਲੋੜ ਹੈ, ਤਾਂ ਜੋ ਭਵਿੱਖ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
ਉਨ੍ਹਾਂ ਇਸ ਮੌਕੇ ਇਕ ਵਿਆਪਕ ਪੇਸ਼ਕਾਰੀ ਰਾਹੀਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੇ ਇਸ਼ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਹਾਜ਼ਰ ਸਕੂਲੀ ਵਿਦਿਆਰਥੀਆਂ, ਗੈਰ ਸਰਕਾਰੀ ਸੰਗਠਨਾਂ, ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਪਲਾਸਟਿਕ ਦੀ ਵਰਤੋਂ ਦੀ ਥਾਂ ਜੂਟ ਤੇ ਕੱਪੜੇ ਦੇ ਬੈਗਾਂ ਦੀ ਵਰਤੋਂ ਕਰਨ ਬਾਰੇ ਮੁਹਿੰਮ ਦਾ ਹਿੱਸਾ ਬਣਨ।
ਉਨ੍ਹਾਂ ਇਸ ਮੌਕੇ ਜਿਲ੍ਹਾ ਪ੍ਰਸ਼ਾਸ਼ਨ ਤੇ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਵਲੋਂ ਜੂਟ ਦੇ ਬੈਗ ਵੰਡਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਤੇ 10 ਵਿਦਿਆਰਥੀਆਂ ਨੂੰ ਰਸਮੀ ਤੌਰ ’ਤੇ ਬੈਗ ਵੰਡੇ।
ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ਼੍ਰੀਮਤੀ ਅਨੁਪਮ ਕਲੇਰ ਨੇ ਮੁੱਖ ਮਹਿਮਾਨ ਤੇ ਹੋਰਨਾਂ ਦਾ ਸਵਾਗਤ ਕੀਤਾ ਤੇ ਆਪਣੇ ਵਿਚਾਰ ਰੱਖੇ।
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਇਕ 10 ਮਿੰਟ ਦੀ ਦਸਤਾਵੇਜ਼ੀ ਫਿਲਮ ਵੀ ਦਿਖਾਈ ਗਈ, ਜਿਸ ਰਾਹੀਂ ਪਲਾਸਟਿਕ ਦੀ ਵਰਤੋਂ ਦੇ ਬਦਲਵੇਂ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਤੋਂ ਇਲਾਵਾ ਸਰਕਾਰੀ ਸਕੂਲ ਮਹੇੜੂ ਤੇ ਸਰਕਾਰੀ ਹਾਈ ਸਕੂਲ ਮਨਸੂਰਵਾਲ ਦੋਨਾ ਦੇ ਵਿਦਿਆਰਥੀਆਂ ਵਲੋਂ ਗੀਤ ਤੇ ਕੋਰੀਓਗ੍ਰਾਫੀ ਰਾਹੀਂ ਰੁੱਖਾਂ ਦੀ ਸਾਂਭ ਸੰਭਾਲ ਦਾ ਸੁਨੇਹਾ ਦਿੱਤਾ ਗਿਆ। ਇਸ ਤੋਂ ਇਲਾਵਾ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਜਾਗਰੂਕਤਾ ਲਈ ਪ੍ਰਦਰਸ਼ਨੀ ਵੀ ਲਗਾਈ ਗਈ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਪਹਿਲੀ ਜੁਲਾਈ ਤੋਂ ਸਿੰਗਲ ਯੂਜ ਵਾਲੀਆਂ ਪਲਾਸਟਿਕ ਦੀਆਂ 19 ਵਸਤਾਂ ’ਤੇ ਪਹਿਲੀ ਜੁਲਾਈ ਤੋਂ ਸਖਤੀ ਨਾਲ ਰੋਕ ਲਗਾਈ ਗਈ ਹੈ, ਜਿਸ ਵਿਚ ਈਅਰ ਬਰਡਜ਼, ਗੁਬਾਰਿਆਂ ਲਈ ਪਲਾਸਟਿਕ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਸਜਾਵਟ ਲਈ ਵਰਤੀ ਜਾਣ ਵਾਲੀ ਥਰਮੋਕੋਲ, ਪਲੇਟਾਂ, ਕੱਪ, ਗਲਾਸ, ਕਾਂਟੇ, ਚਮਚੇ, ਚਾਕੂ, ਟਰੇਆਂ ਆਦਿ ਸ਼ਾਮਿਲ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਜੈ ਅਰੋੜਾ, ਐਸ.ਡੀ.ਐਮ. ਕਪੂਰਥਲਾ ਹਰਦੀਪ ਸਿੰਘ, ਜਿਲ੍ਹਾ ਲੋਕ ਸੰਪਰਕ ਅਫਸਰ ਸੁਬੇਗ ਸਿੰਘ, ਪੀ.ਸੀ.ਐਸ. ਸਿਖਲਾਈ ਅਧੀਨ ਉਪਿੰਦਰਜੀਤ ਕੌਰ ਬਰਾੜ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਸੁਖਦੇਵ ਸਿੰਘ , ਐਸ.ਡੀ.ਓ ਰਵਦੀਪ ਸਿੰਘ ਤੇ ਬਚਨਪਾਲ ਸਿੰਘ , ਉਪ ਜਿਲ੍ਹਾ ਸਿੱਖਿਆ ਅਫਸਰ ਬਿਕਰਮਜੀਤ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ-ਵਿਰਸਾ ਵਿਹਾਰ ਵਿਖੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ।
ਕੈਪਸ਼ਨ- ਵਿਰਸਾ ਵਿਹਾਰ ਵਿਖੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਕਰਵਾਏ ਸਮਾਗਮ ਦੌਰਾਨ ਜੂਟ ਦੇ ਬੈਗ ਵੰਡਣ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਤੇ ਹੋਰ ਅਧਿਕਾਰੀ।























