ਗੈਂਗਸਟਰ ਜੱਗੂ ਭਗਵਾਨਪੁਰੀਆ ਦੇ 2 ਸਾਥੀਆਂ ਨੂੰ ਪੁਲਿਸ ਨੇ ਕੀਤਾ ਕਾਬੂ
ਚੰਡੀਗੜ੍ਹ,18 ਅਗਸਤ(ਵਿਸ਼ਵ ਵਾਰਤਾ)- ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਪੁੱਛਗਿੱਛ ਲਈ ਪੰਜਾਬ ਲਿਆਂਦੇ ਗਏ ਖਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ 2 ਸਾਥੀਆਂ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਅਨੁਸਾਰ ਦੋਵਾਂ ਮੁਲਜ਼ਮਾਂ ਨੇ ਪਹਿਲਾਂ ਪੁਲੀਸ ਨਾਕਾ ਤੋੜਿਆ, ਫਿਰ ਜਦੋਂ ਪੁਲੀਸ ਨੇ ਪਿੱਛਾ ਕਰਨਾ ਸ਼ੁਰੂ ਕੀਤਾ ਤਾਂ ਉਨ੍ਹਾਂ ’ਤੇ ਵੀ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਮੁਲਜ਼ਮਾਂ ਕੋਲੋਂ 14 ਕਰੋੜ ਰੁਪਏ ਦੇ ਨਜਾਇਜ਼ ਹਥਿਆਰ ਅਤੇ ਹੈਰੋਇਨ ਵੀ ਬਰਾਮਦ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੁੱਧਵਾਰ ਸ਼ਾਮ ਨੂੰ ਦਿਹਾਤੀ ਪੁਲਿਸ ਨੇ ਜੰਡਿਆਲਾ ਗੁਰੂ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਮੁਲਜ਼ਮ ਇੱਕ ਬੋਲੈਰੋ ਕਾਰ ਵਿੱਚ ਨਾਕੇ ’ਤੇ ਪੁੱਜੇ, ਪਰ ਉਹ ਨਾ ਰੁਕੇ। ਮੁਲਜ਼ਮਾਂ ਨੇ ਨਾਕਾ ਤੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨੇ ਮੁਲਜ਼ਮਾਂ ਦਾ ਪਿੱਛਾ ਕੀਤਾ। ਪੁਲਿਸ ਨੂੰ ਵਾਪਸ ਆਉਂਦੀ ਵੇਖ ਮੁਲਜ਼ਮਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਵਾਲੇ ਪਾਸੇ ਤੋਂ ਵੀ ਜਵਾਬੀ ਗੋਲੀਬਾਰੀ ਕੀਤੀ ਗਈ। ਮੁਲਜ਼ਮਾਂ ਨੂੰ 11 ਕਿਲੋਮੀਟਰ ਅੱਗੇ ਜਾ ਕੇ ਫੜ ਲਿਆ ਗਿਆ। ਫੜੇ ਗਏ ਮੁਲਜ਼ਮਾਂ ਦੀ ਪਛਾਣ ਗੁਰਭੇਜ ਉਰਫ ਬਾਬਾ ਅਤੇ ਸ਼ਮਸ਼ੇਰ ਉਰਫ ਕਰਨ ਵਾਸੀ ਤਰਨਤਾਰਨ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇੱਕ .30 ਬੋਰ ਦਾ ਪਿਸਤੌਲ ਵੀ ਬਰਾਮਦ ਹੋਇਆ। ਦੋਵੇਂ ਮੁਲਜ਼ਮ ਗੈਂਗਸਟਰ ਜੱਗੂ ਦੇ ਕਰੀਬੀ ਦੱਸੇ ਜਾਂਦੇ ਹਨ। ਗੁਰਭੇਜ ਉਰਫ ਬਾਬਾ 3 ਕਤਲ ਕੇਸਾਂ ਵਿੱਚ ਨਾਮਜ਼ਦ ਹੈ। ਪੁਲਸ ਨੇ ਦੋਵਾਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।