
ਚੰਡੀਗੜ੍ਹ, 11 ਅਪਰੈਲ (ਵਿਸ਼ਵ ਵਾਰਤਾ) : ਪੰਜਾਬ ਦੇ ਅਨੁਸੂਚਿਤ ਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਕਰਜ਼ਦਾਰਾਂ ਨੂੰ ਕਰਜ਼ੇ ਦੇ ਜੰਜਾਲ ਵਿੱਚੋਂ ਕੱਢਣ ਦਾ ਫੈਸਲਾ ਕੀਤਾ ਹੈ। ਇਸ ਤਹਿਤ ਅਨੁਸੂਚਿਤ ਜਾਤੀਆਂ ਦੇ 14260 ਅਤੇ ਪੱਛੜੀਆਂ ਸ਼੍ਰੇਣੀਆਂ ਦੇ 1630 ਕਰਜ਼ਦਾਰਾਂ ਦਾ 50-50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ, ਜੋ ਤਕਰੀਬਨ 52 ਕਰੋੜ ਰੁਪਏ ਬਣਦਾ ਹੈ।
ਅੱਜ ਇੱਥੇ ਮੀਡੀਆ ਕਰਮੀਆਂ ਨਾਲ ਗੱਲਬਾਤ ਦੌਰਾਨ ਧਰਮਸੋਤ ਨੇ ਦੱਸਿਆ ਕਿ ਜਿਨ੍ਹਾਂ ਐਸ.ਸੀ./ਬੀ.ਸੀ. ਕਰਜ਼ਦਾਰਾਂ ਨੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ (ਪੀ.ਐਸ.ਸੀ.ਐਫ.ਸੀ) ਅਤੇ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਤੋਂ ਕਰਜ਼ਾ ਲਿਆ ਹੈ, ਉਨ੍ਹਾਂ ਦਾ 50-50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਮੁਆਫ਼ ਹੋ ਜਾਵੇਗਾ। ਇਨ੍ਹਾਂ ਵਿੱਚ ਡਿਫਾਲਟਰ ਤੇ ਜਿਹੜੇ ਭੁਗਤਾਨ ਕਰ ਰਹੇ ਸਨ, ਸਭ ਤਰ੍ਹਾਂ ਦੇ ਕਰਜ਼ਦਾਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਐਸ.ਸੀ./ਬੀ.ਸੀ. ਕਾਰਪੋਰੇਸ਼ਨਾਂ ਵਲੋਂ ਇਹ ਕਰਜ਼ੇ ਦੁਕਾਨ, ਜਨਰਲ ਸਟੋਰ, ਰਿਪੇਅਰ, ਡਾਕੂਮੈਂਟ ਸੈਂਟਰ, ਲੱਕੜ ਦੇ ਕੰਮ ਆਦਿ ਆਮਦਨ ਵਧਾਊ ਧੰਦੇ ਕਰਨ ਹਿੱਤ ਦਿੱਤੇ ਜਾਂਦੇ ਹਨ।
ਸ. ਧਰਮਸੋਤ ਨੇ ਦੱਸਿਆ ਕਿ ਸਰਕਾਰ ਗਰੀਬਾਂ ਦਾ ਕੁੱਲ 125 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰੇਗੀ, ਜਿਸ ਦੀ ਸ਼ੁਰੂਆਤ 52 ਕਰੋੜ ਦੇ ਕਰਜ਼ ਮੁਆਫ਼ੀ ਦੇ ਸਰਟੀਫਿਕੇਟ ਵੰਡ ਕੇ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਸਰਟੀਫਿਕੇਟ 14 ਅਪਰੈਲ ਨੂੰ ਜਲੰਧਰ ਵਿੱਚ ਹੋ ਰਹੇ ਡਾ. ਅੰਬੇਦਕਰ ਜੈਯੰਤੀ ਸਮਾਰੋਹ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੰਡੇ ਜਾਣਗੇ।
ਉਨ੍ਹਾਂ ਦੱਸਿਆ ਕਿ ਪੀ.ਐਸ.ਸੀ.ਐਫ.ਸੀ. ਸਾਲ 1971 ‘ਚ ਜਦਕਿ ਬੈਕਫਿੰਕੋ ਸਾਲ 1976 ‘ਚ ਹੋਂਦ ‘ਚ ਆਈ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵੇਂ ਕਾਰਪੋਰੇਸ਼ਨਾਂ ਵਲੋਂ ਦਿੱਤੇ ਕਰਜ਼ੇ ਨਾ ਮੋੜਨ ਵਾਲੇ 90 ਫੀਸਦੀ ਅਤੇ ਮੋੜਨ ਵਾਲੇ 10 ਫੀਸਦੀ ਹਨ, ਜਿਸ ਕਰਕੇ ਸੂਬਾ ਸਰਕਾਰ ਨੇ ਇਨ੍ਹਾਂ ਵਰਗਾਂ ਦੇ ਕਰਜ਼ੇ ਮੁਆਫ਼ ਕਰਨ ਦਾ ਫੈਸਲਾ ਕੀਤਾ ਹੈ। ਇੱਕ ਸਵਾਲ ਦੇ ਜਵਾਬ ‘ਚ ਉਨ੍ਹਾਂ ਦੱਸਿਆ ਕਿ ਚਾਲੂ ਸਾਲ 2017-2018 ਦੌਰਾਨ ਐਸ.ਸੀ. ਕਾਰਪੋਰੇਸ਼ਨ ਵਲੋਂ 317 ਅਨੁਸੂਚਿਤ ਜਾਤੀ ਨੌਜਵਾਨਾਂ ਨੂੰ 5.61 ਕਰੋੜ ਦੇ ਕਰਜ਼ੇ ਜਦਕਿ ਬੀ.ਸੀ. ਕਾਰਪੋਰੇਸ਼ਨ ਵਲੋਂ 347 ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਨੌਜਵਾਨਾਂ 5.87 ਕਰੋੜ ਦੇ ਕਰਜ਼ੇ ਮੁਹੱਈਆ ਕਰਵਾਏ ਗਏ ਹਨ।
ਕਾਲਜਾਂ ਵਿੱਚ ਵਜ਼ੀਫਿਆਂ ਦੀ ਰਾਸ਼ੀ ਨਾ ਵੰਡਣ ਦੇ ਸਵਾਲ ਦੇ ਜਵਾਬ ਵਿੱਚ ਭਲਾਈ ਮੰਤਰੀ ਨੇ ਕਿਹਾ ਕਿ ਕੇਂਦਰ ਵੱਲੋਂ ਆਏ 115 ਕਰੋੜ ਰੁਪਏ ਕਾਲਜਾਂ ਨੂੰ ਜਾਰੀ ਕਰ ਦਿੱਤੇ ਗਏ ਸਨ, ਜਿਸ ਦੇ ਵਰਤੋਂ ਸਰਟੀਫਿਕੇਟ ਵੀ ਕੇਂਦਰ ਸਰਕਾਰ ਨੂੰ ਭੇਜੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਐਸ.ਸੀ. ਸਕਾਲਰਸ਼ਿਪ ਸਕੀਮ ਪੂਰੀ ਤਰ੍ਹਾਂ ਭਾਰਤ ਸਰਕਾਰ ਵਲੋਂ ਚਲਾਈ ਜਾਂਦੀ ਹੈ, ਇਸਦੀ 1700 ਕਰੋੜ ਰੁਪਏ ਦੀ ਰਾਸ਼ੀ ਅਜੇ ਵੀ ਕੇਂਦਰ ਵੱਲ ਬਕਾਇਆ ਹੈ ਅਤੇ ਜਦੋਂ ਵੀ ਇਹ ਰਾਸ਼ੀ ਆ ਗਈ ਤਾਂ ਤੁਰੰਤ ਜਾਰੀ ਕਰ ਦਿੱਤੀ ਜਾਵੇਗੀ। ਇਸ ਰਾਸ਼ੀ ਦੇ ਵਰਤੋਂ ਸਰਟੀਫਿਕੇਟ ਦੇਣ ਵਿੱਚ ਦੇਰੀ ਬਾਬਤ ਉਨ੍ਹਾਂ ਆਖਿਆ ਕਿ ਆਡਿਟ ਚਲਦਾ ਹੋਣ ਕਾਰਨ ਰਾਸ਼ੀ ਜਾਰੀ ਕਰਨ ਵਿੱਚ ਦੇਰੀ ਹੋਈ, ਜਿਹੜੇ ਕਾਲਜ ਆਡਿਟ ਵਿੱਚ ਸਹੀ ਪਾਏ ਗਏ, ਉਨ੍ਹਾਂ ਨੂੰ ਪੂਰੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੇਂਦਰ ਸਰਕਾਰ ਨੇ ਵਜ਼ੀਫ਼ਿਆਂ ਦੀ ਬਕਾਇਆ ਰਾਸ਼ੀ ਦੇਣ ‘ਚ ਦੇਰੀ ਕੀਤੀ ਤਾਂ ਉਹ ਕੇਂਦਰੀ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲੇ ਅੱਗੇ ਇੱਕ ਦਿਨ ਦੀ ਭੁੱਖ ਹੜਤਾਲ ਉੱਤੇ ਬੈਠਣਗੇ। ਉਨ੍ਹਾਂ ਕਿਹਾ ਕਿ ਆਡਿਟ ਦੌਰਾਨ ਜਿਨ੍ਹਾਂ ਕਾਲਜਾਂ ਖ਼ਿਲਾਫ਼ ਇਤਰਾਜ਼ ਸਾਹਮਣੇ ਆਏ ਹਨ, ਉਨ੍ਹਾਂ ਨੂੰ ਰਾਸ਼ੀ ਜਾਰੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਆਡਿਟ ਦੌਰਾਨ 500 ਕਰੋੜ ਰੁਪਏ ਦੀ ਗੜਬੜ ਪਾਏ ਜਾਣ ਦਾ ਖ਼ਦਸ਼ਾ ਵੀ ਪ੍ਰਗਟ ਕੀਤਾ। ਉਨ੍ਹਾਂ ਸਪਸ਼ਟ ਕੀਤਾ ਕਿ ਆਡਿਟ ਦੀ ਰਿਪੋਰਟ ‘ਚ ਗੜਬੜ ਦੀਆਂ ਦੋਸ਼ੀ ਸੰਸਥਾਵਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ ਅਤੇ ਉਨ੍ਹਾਂ ਤੋਂ 9 ਫੀਸਦੀ ਵਿਆਜ ਸਮੇਤ ਰਾਸ਼ੀ ਵਾਪਸ ਲਈ ਜਾਵੇਗੀ।
ਸ. ਧਰਮਸੋਤ ਨੇ ਅੱਗੇ ਕਿਹਾ ਕਿ ਕਿਸਾਨਾਂ ਦੀ ਕਰਜ਼ਾ ਰਾਹਤ ਦਾ ਵਾਅਦਾ ਪੂਰਾ ਕਰਨ ਲਈ ਮੁੱਖ ਮੰਤਰੀ ਤਨਦੇਹੀ ਨਾਲ ਯਤਨ ਕਰ ਰਹੇ ਹਨ। ਇਸ ਤਹਿਤ ਭਲਕੇ ਸੰਗਰੂਰ ਵਿਖੇ ਹੋ ਰਹੇ ਸਮਾਗਮ ਦੌਰਾਨ ਕਿਸਾਨਾਂ ਨੂੰ ਕਰਜ਼ਾ ਰਾਹਤ ਦੇ ਸਰਟੀਫਿਕੇਟ ਵੰਡੇ ਜਾਣਗੇ। ਮੀਂਹ ਨਾਲ ਫ਼ਸਲਾਂ ਦੇ ਹੋਏ ਖ਼ਰਾਬੇ ਦੇ ਸਵਾਲ ਉੱਤੇ ਉਨ੍ਹਾਂ ਆਖਿਆ ਕਿ ਕਿਸਾਨਾਂ ਦੀ ਬਾਂਹ ਫੜਨੀ ਹਰੇਕ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਅਤੇ ਪੰਜਾਬ ਸਰਕਾਰ ਪੂਰੀ ਤਨਦੇਹੀ ਨਾਲ ਆਪਣੀ ਇਸ ਜ਼ਿੰਮੇਵਾਰੀ ਨੂੰ ਨਿਭਾਏਗੀ।
ਇਸ ਮੌਕੇ ਸ੍ਰੀ ਆਰ. ਵੈਂਕਟ ਰਤਨਮ, ਪ੍ਰਮੁੱਖ ਸਕੱਤਰ ਭਲਾਈ ਵਿਭਾਗ, ਸ. ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ, ਭਲਾਈ ਵਿਭਾਗ, ਸ. ਰਾਜ ਬਹਾਦਰ ਸਿੰਘ, ਡਾਇਰੈਕਟਰ, ਐਸ.ਸੀ. ਸਬ-ਪਲਾਨ ਸਮੇਤ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।





















