ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਸੁਰੱਖਿਆ ਦਾ ਸਖ਼ਤ ਪਹਿਰਾ
ਪੜ੍ਹੋ, ਕਿੰਨੇ ਜ਼ਿਲ੍ਹਿਆਂ ਦੀ ਪੁਲਿਸ ਮੋਹਾਲੀ ‘ਚ ਤੈਨਾਤ
ਚੰਡੀਗੜ੍ਹ, 24 ਅਗਸਤ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਅਤੇ ਹਰਿਆਣਾ ਦਾ ਦੌਰਾ ਕਰਨਗੇ। ਦੋ ਦਿਨਾਂ ਦੌਰਾਨ ਪ੍ਰਧਾਨ ਮੰਤਰੀ ਦੋ ਮਹੱਤਵਪੂਰਨ ਸਿਹਤ ਸਹੂਲਤਾਂ ਦਾ ਉਦਘਾਟਨ ਕਰਨਗੇ। ਪੀਐਮ ਮੋਦੀ ਦੀ ਅੱਜ ਪੰਜਾਬ ਫੇਰੀ ਨੂੰ ਲੈ ਕੇ ਪੰਜਾਬ ਪੁਲਿਸ ਨੇ ਮੋਹਾਲੀ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਚੰਡੀਗੜ੍ਹ ਵਿੱਚ ਵੀ ਦੌਰੇ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸਮਾਗਮ ਵਾਲੀ ਥਾਂ ਦੇ 2 ਕਿਲੋਮੀਟਰ ਦੇ ਖੇਤਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਇਲਾਕੇ ਨੂੰ ਨੋ ਫਲਾਈ ਜ਼ੋਨ ਬਣਾ ਦਿੱਤਾ ਗਿਆ ਹੈ। ਪੂਰੇ ਇਲਾਕੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਮੋਹਾਲੀ ਤੋਂ ਇਲਾਵਾ ਤਿੰਨ ਹੋਰ ਜ਼ਿਲ੍ਹਿਆਂ ਦੇ 7 ਹਜ਼ਾਰ ਦੇ ਕਰੀਬ ਜਵਾਨ ਡਿਊਟੀ ‘ਤੇ ਤੈਨਾਤ ਹਨ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਜਦੋਂ ਪਿਛਲੀ ਵਾਰ ਪੰਜਾਬ ਆਏ ਸਨ ਤਾਂ ਉਹਨਾਂ ਦੀ ਸੁਰੱਖਿਆ ਵਿੱਚ ਭਾਰੀ ਅਣਗਹਿਲੀ ਕਾਰਨ ਕਾਫੀ ਹੰਗਾਮਾ ਹੋਇਆ ਸੀ। ਜਿਸ ਨੂੰ ਦੇਖਦੇ ਹੋਏ ਇਸ ਵਾਰ ਸੁਰੱਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਨਹੀਂ ਛੱਡੀ ਜਾ ਰਹੀ।























