ਬੇਰੁਜ਼ਗਾਰ ਲਾਇਨਮੈਨਾਂ ‘ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਖ਼ਤ ਨਿਖੇਧੀ
ਬੇਰੁਜ਼ਗਾਰ ਖੇਤੀਬਾੜੀ ਮਾਹਿਰਾਂ ਦੇ ਹੱਕੀ ਸੰਘਰਸ਼ ਦੀ ਜ਼ੋਰਦਾਰ ਹਮਾਇਤ
ਚੰਡੀਗੜ੍ਹ 24 ਅਗਸਤ -(ਵਿਸ਼ਵ ਵਾਰਤਾ)- ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਬੀਤੇ ਦਿਨ ਪਾਵਰਕੌਮ ਦਫ਼ਤਰ ਪਟਿਆਲਾ ਅੱਗੇ ਸ਼ਾਂਤਮਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਲਾਇਨਮੈਨਾਂ ‘ਤੇ ਪੁਲਿਸ ਦੁਆਰਾ ਕੀਤੇ ਗਏ ਅੰਨ੍ਹੇਵਾਹ ਤਸ਼ੱਦਦ ਦਾ ਗੰਭੀਰ ਨੋਟਿਸ ਲੈਂਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇਸ ਜਾਬਰ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ। ਅੱਜ ਇੱਥੇ ਜਾਰੀ ਕੀਤੇ ਗਏ ਸਾਂਝੇ ਪ੍ਰੈੱਸ ਬਿਆਨ ਵਿੱਚ ਆਗੂਆਂ ਦੁਆਰਾ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਦਾ ਸਪੀਕਰ ਤੋੜਨ, ਟੈਂਟ ਪਾੜਨ, ਬੇਰੁਜ਼ਗਾਰ ਔਰਤਾਂ ‘ਤੇ ਮਰਦ ਪੁਲਿਸ ਮੁਲਾਜ਼ਮਾਂ ਵੱਲੋਂ ਲਾਠੀਆਂ ਵਰ੍ਹਾਉਣ ਤੋਂ ਇਲਾਵਾ ਮੀਡੀਆ ਕਰਮੀਆਂ ‘ਤੇ ਵੀ ਲਾਠੀਆਂ ਵਰ੍ਹਾਉਣ ਦੀ ਬਰਬਰਤਾ ਲਈ ਆਪਣੇ ਚੋਣ ਵਾਅਦਿਆਂ ਤੋਂ ਭੱਜ ਰਹੀ ਆਪ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਲਾਠੀਚਾਰਜ ਨਾਲ ਬੁਰੀ ਤਰ੍ਹਾਂ ਜ਼ਖ਼ਮੀ ਕਈ ਨੌਜਵਾਨਾਂ ਨੂੰ ਹਸਪਤਾਲ ਭਰਤੀ ਕਰਵਾਉਣਾ ਪਿਆ ਅਤੇ ਕਈ ਨੌਜਵਾਨ ਲਾਈਨਮੈਨਾਂ ਨੂੰ ਪੁਲਿਸ ਚੱਕ ਕੇ ਜੁਲਕਾਂ ਥਾਣੇ ਅਤੇ ਪੁਲਿਸਲਾਈਨ ਪਟਿਆਲਾ ਵਿੱਚ ਲੈ ਗਈ। ਬੇਸ਼ੱਕ ਉਗਰਾਹਾਂ ਜਥੇਬੰਦੀ ਦੇ ਤੁਰਤਪੈਰੇ ਦਖ਼ਲ ਮਗਰੋਂ ਉਨ੍ਹਾਂ ਨੂੰ ਛੱਡਣਾ ਪਿਆ। ਜਥੇਬੰਦੀ ਵੱਲੋਂ ਮੰਗ ਕੀਤੀ ਗਈ ਹੈ ਕਿ ਬੇਰੁਜ਼ਗਾਰੀ ਦੇ ਝੰਬੇ ਇਨ੍ਹਾਂ ਅੰਦੋਲਨਕਾਰੀ ਨੌਜਵਾਨਾਂ ਦੀ ਪੱਕੇ ਰੁਜ਼ਗਾਰ ਦੀ ਹੱਕੀ ਮੰਗ ਤੁਰੰਤ ਪੂਰੀ ਕੀਤੀ ਜਾਵੇ। ਲਾਠੀਚਾਰਜ ਕਰਨ/ਕਰਵਾਉਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ ‘ਤੇ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਜ਼ਖ਼ਮੀਆਂ ਦਾ ਪੂਰਾ ਇਲਾਜ ਮੁਫ਼ਤ ਕਰਵਾਇਆ ਜਾਵੇ।
ਆਪਣਾ ਬਿਆਨ ਜਾਰੀ ਰਖਦਿਆਂ ਕਿਸਾਨ ਆਗੂਆਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਗੇਟ ਅੱਗੇ ਪੱਕੇ ਰੁਜ਼ਗਾਰ ਦੀ ਹੱਕੀ ਮੰਗ ਨੂੰ ਲੈ ਕੇ ਹਫ਼ਤਿਆਂ ਬੱਧੀ ਧਰਨਾ ਮਾਰੀ ਬੈਠੇ ਬੇਰੁਜ਼ਗਾਰ ਸਿੱਖਿਅਤ ਖੇਤੀਬਾੜੀ ਮਾਹਿਰਾਂ ਦੇ ਅੰਦੋਲਨ ਨੂੰ ਪੰਜਾਬ ਸਰਕਾਰ ਵੱਲੋਂ ਨਜ਼ਰਅੰਦਾਜ਼ ਕਰਨ ਦੀ ਵੀ ਨਿਖੇਧੀ ਕੀਤੀ ਗਈ ਹੈ। ਇਸ ਹੱਕੀ ਅੰਦੋਲਨ ਦੀ ਜ਼ੋਰਦਾਰ ਹਮਾਇਤ ਕੀਤੀ ਗਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਆਪਣੇ ਚੋਣ ਵਾਅਦੇ ‘ਤੇ ਖਰਾ ਉੱਤਰਦਿਆਂ 1000 ਤੋਂ ਵੱਧ ਗਿਣਤੀ ਵਿੱਚ ਖਾਲੀ ਪਈਆਂ ਅਸਾਮੀਆਂ ਉੱਤੇ ਇਨ੍ਹਾਂ ਬੇਰੁਜ਼ਗਾਰਾਂ ਦੀ ਭਰਤੀ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਹੈ।
























