ਹੋਮੀ ਭਾਬਾ ਕੈਂਸਰ ਹਸਪਤਾਲ ‘ਚ ਦੇਸ਼ ਦੇ 75ਵੇਂ ਆਜ਼ਾਦੀ ਮਹਾਂਉਤਸਵ ਨੂੰ ਸਮਰਪਿਤ ਖੂਨਦਾਨ ਕੈਂਪ ਦਾ ਆਯੋਜਨ
ਸੰਗਰੂਰ, 27 ਅਗਸਤ, 2022: ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਹੋਮੀ ਭਾਬਾ ਕੈਂਸਰ ਹਸਪਤਾਲ ਵਿਖੇ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ। ਇਸ ਮੌਕੇ ਐਡੀਸ਼ਨਲ ਡਿਪਟੀ ਕਮਿਸ਼ਨਰ ਸ੍ਰੀ ਲਤੀਫ਼ ਅਹਿਮਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖੂਨਦਾਨ ਕਰਨ ਵਾਲੇ ਵਲੰਟੀਅਰਾਂ ਦੀ ਹੌਂਸਲਾ ਅਫਜ਼ਾਈ ਕੀਤੀ।
ਦੇਸ਼ ਦੇ 75 ਵੇਂ ਆਜ਼ਾਦੀ ਮਹਾਂਉਤਸਵ ਨੂੰ ਸਮਰਪਿਤ ਖ਼ੂਨਦਾਨ ਕੈਂਪ ਦੌਰਾਨ ਸੰਬੋਧਨ ਕਰਦਿਆਂ ਐਡੀਸ਼ਨਲ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸਮੇਂ ਸਮੇਂ ਉਤੇ ਅਜਿਹੇ ਖੂਨਦਾਨ ਕੈਂਪਾਂ ਦਾ ਆਯੋਜਨ ਕਰਕੇ ਮਨੁੱਖਤਾ ਦੀ ਸੇਵਾ ਕਰਨ ਲਈ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ। ਉਨ੍ਹਾਂ ਇਸ ਮੌਕੇ ਰੈਡ ਕਰਾਸ ਦੇ ਸੰਸਥਾਪਕ ਸਰ ਹੈਨਰੀ ਡੁਨੈਂਟ ਦੀ ਮਨੁੱਖਤਾ ਦੀ ਸੇਵਾ ਵਾਲੀ ਸੋਚ ਨੂੰ ਵੀ ਯਾਦ ਕੀਤਾ ਅਤੇ ਉਨ੍ਹਾਂ ਦੀ ਸੋਚ ਨੂੰ ਅਪਣਾਉਂਦੇ ਹੋਏ ਹਰੇਕ ਤੰਦਰੁਸਤ ਵਿਅਕਤੀ ਨੂੰ ਖੂਨਦਾਨ ਕਰਦੇ ਰਹਿਣ ਲਈ ਪ੍ਰੇਰਿਆ।
ਸ੍ਰੀ ਅਹਿਮਦ ਨੇ ਕਿਹਾ ਕਿ ਹਸਪਤਾਲ ਦੇ ਬਲੱਡ ਬੈਂਕ ਵਿੱਚ ਲੋੜੀਂਦੀ ਮਾਤਰਾ ਵਿੱਚ ਹਰ ਵੇਲੇ ਖੂਨ ਦੇ ਯੂਨਿਟ ਮੌਜੂਦ ਰਹਿਣੇ ਚਾਹੀਦੇ ਹਨ ਤਾਂ ਜੋ ਲੋੜਵੰਦਾਂ ਨੂੰ ਖੂਨ ਪ੍ਰਾਪਤ ਕਰਨ ਵਿੱਚ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।
ਇਸ ਮੌਕੇ ਡਾ. ਵੰਦਨਾ ਨੇ ਕੈਂਸਰ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸਮੇਂ ਸਿਰ ਇਲਾਜ ਕਰਵਾਉਣ ਨਾਲ ਇਸ ਮਾਰੂ ਬਿਮਾਰੀ ਤੋਂ ਵੀ ਮੁਕਤੀ ਸੰਭਵ ਹੈ।
ਇਸ ਦੌਰਾਨ ਨੈਸ਼ਨਲ ਸਕੂਲ ਆਫ ਨਰਸਿੰਗ, ਹੋਮੀ ਭਾਬਾ ਕੈਂਸਰ ਹਸਪਤਾਲ ਦੇ ਪ੍ਰਬੰਧਕੀ ਅਫ਼ਸਰ ਡਾ. ਡਿੰਪਲ ਅਤੇ ਸਟਾਫ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਮਿੱਤਲ ਵੀ ਹਾਜ਼ਰ ਸਨ।