ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਭਾਰਤ ਭੂਸ਼ਣ ਆਸ਼ੂ ਦੀ 9 ਦਿਨਾਂ ਵਿੱਚ ਚੌਥੀ ਪੇਸ਼ੀ ਅੱਜ
ਚੰਡੀਗੜ੍ਹ,31 ਅਗਸਤ(ਵਿਸ਼ਵ ਵਾਰਤਾ)- ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਚੌਥੀ ਵਾਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਵਿਜੀਲੈਂਸ ਇਸ ਤੋਂ ਪਹਿਲਾਂ ਵੀ ਤਿੰਨ ਵਾਰ ਆਸ਼ੂ ਦਾ ਰਿਮਾਂਡ ਲੈ ਚੁੱਕੀ ਹੈ। 22 ਅਗਸਤ ਨੂੰ ਵਿਜੀਲੈਂਸ ਨੇ ਆਸ਼ੂ ਨੂੰ ਉਸ ਦੇ ਘਰ ਦੇ ਨਜ਼ਦੀਕ ਇੱਕ ਸੈਲੂਨ ਤੋਂ ਕਾਬੂ ਕੀਤਾ ਸੀ। ਜਿਸ ਤੋਂ ਬਾਅਦ ਆਸ਼ੂ ਨੂੰ 23 ਅਗਸਤ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਉਸ ਦਾ 27 ਅਗਸਤ ਤੱਕ ਰਿਮਾਂਡ ਲਿਆ ਗਿਆ। ਇਸ ਤੋਂ ਬਾਅਦ 27 ਨੂੰ ਦੁਬਾਰਾ 29 ਅਗਸਤ ਤੱਕ 2 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਫਿਰ 29 ਅਗਸਤ ਤੋਂ 31 ਅਗਸਤ ਤੱਕ ਰਿਮਾਂਡ ਹਾਸਲ ਕੀਤਾ ਗਿਆ।
ਇਸ ਦੇ ਨਾਲ ਹੀ ਦੱਸ ਦਈਏ ਕਿ ਬੀਤੇ ਕੱਲ੍ਹ ਵਿਜੀਲੈਂਸ ਵੱਲੋਂ ਮੇਅਰ ਬਲਕਾਰ ਸੰਧੂ, ਸੰਨੀ ਭੱਲਾ ਅਤੇ ਹੇਮੰਤ ਸੂਦ ਨੂੰ ਕੁਝ ਰਿਕਾਰਡਾਂ ਸਮੇਤ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ। ਇਹ ਤਿੰਨੇ ਵਿਅਕਤੀ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੋਏ ਸਨ ਅਤੇ ਅੱਜ ਉਨ੍ਹਾਂ ਨੂੰ ਮੁੜ ਵਿਜੀਲੈਂਸ ਦਫ਼ਤਰ ਬੁਲਾਇਆ ਗਿਆ ਹੈ।
ਦੱਸ ਦਈਏ ਕਿ ਆਸ਼ੂ ‘ਤੇ 2 ਹਜ਼ਾਰ ਕਰੋੜ ਦੇ ਟੈਂਡਰ ਘੁਟਾਲੇ ਦਾ ਦੋਸ਼ ਹੈ। ਆਸ਼ੂ ‘ਤੇ ਛੋਟੇ ਠੇਕੇਦਾਰਾਂ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਟੈਂਡਰਾਂ ਵਿੱਚ ਦੁਰਵਿਵਹਾਰ ਕਰਨ ਦੇ ਦੋਸ਼ ਲਾਏ ਗਏ ਸਨ ਕਿ ਆਸ਼ੂ ਨੇ ਛੋਟੇ ਠੇਕੇਦਾਰਾਂ ਨੂੰ ਨਜ਼ਰਅੰਦਾਜ਼ ਕਰਕੇ 20-25 ਲੋਕਾਂ ਨੂੰ ਫਾਇਦਾ ਪਹੁੰਚਾਇਆ ਹੈ। ਹਾਲਾਂਕਿ ਆਸ਼ੂ ਦਾ ਕਹਿਣਾ ਹੈ ਕਿ ਇਹ ਟੈਂਡਰ ਡੀਸੀ ਦੀ ਅਗਵਾਈ ਵਿੱਚ ਕਮੇਟੀਆਂ ਵੱਲੋਂ ਅਲਾਟ ਕੀਤਾ ਜਾਂਦਾ ਹੈ। ਉਸ ‘ਤੇ ਸਾਜ਼ਿਸ਼ ਤਹਿਤ ਦੋਸ਼ ਲਾਏ ਜਾ ਰਹੇ ਹਨ।























