ਅੱਜ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
ਚੰਡੀਗੜ੍ਹ, 27ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਹੋਣ ਜਾ ਰਿਹਾ ਹੈ। ਗੌਰਤਲਬ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ ਇਜਲਾਸ ਦਾ ਏਜੰਡਾ ਦੱਸਣ ‘ਤੇ ਸਰਕਾਰ ਨੂੰ ਇਸ ਦੀ ਮਨਜ਼ੂਰੀ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਰਾਜਪਾਲ ਨੂੰ ਦਿੱਤੇ ਜਵਾਬ ‘ਚ ਇਸ ਇਜਲਾਸ ਦਾ ਏਜੰਡਾ ਜੀ. ਐੱਸ. ਟੀ., ਬਿਜਲੀ ਅਤੇ ਪਰਾਲੀ ਦੇ ਮੁੱਦੇ ਦੱਸੇ ਗਏ ਹਨ। ਦੱਸ ਦੱਈਏ ਕਿ ਇਜਲਾਸ ਤੋਂ ਇਕ ਦਿਨ ਪਹਿਲਾਂ ਯਾਨਿ ਕਿ ਬੀਤੇ ਦਿਨ 26 ਸਤੰਬਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਵੀ ਸੱਦੀ ਗਈ ਸੀ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਭਾਜਪਾ ਤੇ ਆਪਰੇਸ਼ਨ ਲੋਟਸ ਦੇ ਦੋਸ਼ ਲਾ ਕੇ ਬਹਿਸ ਕਰਵਾਏਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 22 ਸਤੰਬਰ ਨੂੰ ਸਰਕਾਰ ਵੱਲੋਂ ਵਿਸ਼ੇਸ਼ ਇਜਲਾਸ ਬੁਲਾ ਕੇ ਭਰੋਸਗੀ ਮਤਾ ਸਾਬਿਤ ਕਰਨ ਦੀ ਤਿਆਰੀ ਕੀਤੀ ਗਈ ਸੀ, ਪਰ 92 ਵਿਧਾਇਕ ਹੋਣ ਦੇ ਬਾਵਜੂਦ ਭਰੋਸਗੀ ਮਜ਼ਾ ਲਿਆਉਣ ਨੂੰ ਅਸੰਵਿਧਾਨਿਕ ਦੱਸਦੇ ਹੋਏ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਜਲਾਸ ਬੁਲਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਸੀ। ਇਸ ਦੇ ਚਲਦਿਆਂ ਹੀ ਹੁਣ ਸਰਕਾਰ ਨੇ ਆਪਣੇ ਪਲਾਨ ‘ਚ ਫੇਰਬਦਲ ਕੀਤਾ ਹੈ ਅਤੇ ਅੱਜ 27 ਸਤੰਬਰ ਨੂੰ ਜੀ. ਐੱਸ. ਟੀ. ਬਿਜਲੀ ਅਤੇ ਪਰਾਲੀ ਦੇ ਮੁੱਦੇ ਤੇ ਇਜਲਾਸ ਬੁਲਾਉਣ ਦੀ ਤਿਆਰੀ ਕੀਤੀ ਹੈ।
ਪਰ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਦੇ ਇਜਲਾਸ ਦੀ ਆੜ ‘ਚ ਭਰੋਸਗੀ ਮਤਾ ਲਿਆ ਸਕਦੀ ਹੈ, ਜਿਸ ਕਾਰਨ ਇਸ ਇਜਲਾਸ ਦੇ ਹੰਗਾਮੇਦਾਰ ਰਹਿਣ ਦੇ ਆਸਾਰ ਹਨ।






















