ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੋਗਾ ਅਦਾਲਤ ਵੱਲੋਂ ਤਲਬ
ਚੰਡੀਗੜ੍ਹ, 16ਅਕਤੂਬਰ(ਵਿਸ਼ਵ ਵਾਰਤਾ)-ਮੋਗਾ ਅਦਾਲਤ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੰਮਨ ਭੇਜਿਆ ਹੈ ਅਤੇ ਉਨ੍ਹਾਂ ਨੂੰ 15 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਨੇ ਅਦਾਲਤ ‘ਚ ਇਕ ਸ਼ਿਕਾਇਤ ਦਰਜ ਕਰਵਾਈ ਸੀ ਕਿ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿਖੇ ਸਾਲ 2020 ‘ਚ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਵਿਧਾਇਕ ਡਾ. ਹਰਜੋਤ ਕਮਲ ਤੇ ਇਹ ਦੋਸ਼ ਲਗਾਏ ਸਨ ਕਿ ਉਸ ਵੱਲੋਂ ਖੇਤੀ ਵਾਲੀ ਜ਼ਮੀਨ ਨੂੰ ਵਪਾਰਕ ਬਣਾ ਕੇ ਕਰੋੜਾਂ ਰੁਪਏ ਦਾ ਘਪਲਾ ਕੀਤਾ ਗਿਆ ਹੈ। ਪਰ ਹਰਜੋਤ ਕਮਲ ਨੇ ਉਸ ‘ਤੇ ਲਗਾਏ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਸੀ ਅਤੇ ਉਸ ਦਾ ਮੰਨਣਾ ਸੀ ਕਿ ਉਸ ਦੇ ਅਕਸ ਨੂੰ ਵਿਗਾੜਨ ਲਈ ਹੀ ਹਰਪਾਲ ਸਿੰਘ ਚੀਮਾ ਨੇ ਅਜਿਹਾ ਕੀਤਾ ਸੀ। ਉਨ੍ਹਾਂ ਕਿਹਾ ਕਿ ਹਰਪਾਲ ਚੀਮਾ ਵੱਲੋਂ ਉਨ੍ਹਾਂ ’ਤੇ ਲਾਏ ਗਏ ਦੋਸ਼ਾਂ ਵਿੱਚ ਨਾ ਤਾਂ ਕੋਈ ਸਚਾਈ ਹੈ ਅਤੇ ਨਾ ਹੀ ਉਨ੍ਹਾਂ ਕੋਲ ਕੋਈ ਸਬੂਤ ਹੈ।























