ਮਾਣਹਾਨੀ ਮਾਮਲੇ ਵਿੱਚ ਅੱਜ ਮਾਨਸਾ ਅਦਾਲਤ ‘ਚ ਪੇਸ਼ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ 20 ਅਕਤੂਬਰ(ਵਿਸ਼ਵ ਵਾਰਤਾ)- ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਪਾਏ ਗਏ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਮਾਨਸਾ ਦੀ ਅਦਾਲਤ ਨੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ ਭਗਵੰਤ ਮਾਨ ਵੱਲੋਂ ਜੁਲਾਈ 2019 ‘ਚ ਨਾਜ਼ਰ ਸਿੰਘ ਮਾਨਸ਼ਾਹੀਆ ਦੇ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋਣ’ਤੇ ਬਿਆਨ ਦਿੱਤਾ ਗਿਆ ਸੀ, ਉਦੋਂ ਭਗਵੰਤ ਮਾਨ ਨੇ ਕਿਹਾ ਸੀ ਕਿ ਉਨ੍ਹਾਂ ਨੇ(ਮਾਨਸ਼ਾਹੀਆ ਨੇ) ਕਾਂਗਰਸ ਨਾਲ 10 ਕਰੋੜ ਰੁਪਏ ਦਾ ਸੌਦਾ ਕੀਤਾ ਸੀ ਜਿਸ ਤੋਂ ਬਾਅਦ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।ਇਸ ਮਾਮਲੇ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ 21 ਅਪ੍ਰੈਲ 2022 ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ 9 ਹੋਰ ਵਿਅਕਤੀਆਂ ਖ਼ਿਲਾਫ਼ ਸੰਮਨ ਜਾਰੀ ਕੀਤੇ ਸਨ। ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ 28 ਜੁਲਾਈ 2019 ਨੂੰ ਭਗਵੰਤ ਸਿੰਘ ਮਾਨ ਹੋਰਨਾਂ ਖਿਲਾਫ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ।