ਪਾਕਿਸਤਾਨੀ ਏਜੰਸੀ ISI ਨੂੰ ਖੁਫੀਆ ਜਾਣਕਾਰੀ ਭੇਜਣ ਦੇ ਮਾਮਲੇ ਵਿੱਚ ਫੌਜ ਦੇ ਨੌਜਵਾਨ ਖਿਲਾਫ ਮਾਮਲਾ ਦਰਜ
ਚੰਡੀਗੜ੍ਹ 20 ਅਕਤੂਬਰ(ਵਿਸ਼ਵ ਵਾਰਤਾ)- ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨੀ ਖੁਫੀਆ ਏਜੰਸੀ ISI ਨੂੰ ਸੂਚਨਾ ਦੇਣ ਦੇ ਦੋਸ਼ ‘ਚ ਫੌਜ ਦੇ ਜਵਾਨ ਖਿਲਾਫ ਮਾਮਲਾ ਦਰਜ ਕੀਤਾ ਹੈ।ਜਾਣਕਾਰੀ ਅਨੁਸਾਰ ਪੁਲੀਸ ਨੇ ਇਹ ਕਾਰਵਾਈ ਕੇਂਦਰੀ ਸੁਰੱਖਿਆ ਏਜੰਸੀਆਂ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਕੀਤੀ ਹੈ। ਫਿਲਹਾਲ ਫੌਜ ਦੇ ਜਵਾਨ ਨੂੰ ਗ੍ਰਿਫਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਉੱਤਰ ਪ੍ਰਦੇਸ਼ ਦੇ ਪਿੰਡ ਉਸਰਾਹ ਰਸੂਲਪੁਰ ਦੇ ਰਹਿਣ ਵਾਲੇ ਫੌਜੀ ਜਵਾਨ ਮਨੋਜ ਚੌਧਰੀ ਬਾਰੇ ਜਾਣਕਾਰੀ ਦਿੱਤੀ ਸੀ ਅਤੇ ਦੱਸਿਆ ਕਿ ਉਹ ਇਸ ਸਮੇਂ ਅੰਮ੍ਰਿਤਸਰ ਵਿੱਚ ਤੈਨਾਤ ਹੈ ਅਤੇ ਉਹ ਵਟਸਐਪ ਅਤੇ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨੀ ਸਮੱਗਲਰਾਂ ਅਤੇ ਖੁਫੀਆ ਏਜੰਸੀਆਂ ਨਾਲ ਜੁੜਿਆ ਹੋਇਆ ਹੈ। ਮਨੋਜ ਭਾਰਤੀ ਫੌਜ ਦੀ ਜਾਣਕਾਰੀ ਅਤੇ ਸੰਵੇਦਨਸ਼ੀਲ ਥਾਵਾਂ ਦੀਆਂ ਫੋਟੋਆਂ ਅਤੇ ਨਕਸ਼ੇ ਪਾਕਿਸਤਾਨੀ ਏਜੰਸੀਆਂ ਨੂੰ ਵੀ ਭੇਜ ਰਿਹਾ ਹੈ। ਕੇਂਦਰੀ ਸੁਰੱਖਿਆ ਏਜੰਸੀਆਂ ਦੀ ਸੂਚਨਾ ਦੇ ਆਧਾਰ ‘ਤੇ ਥਾਣਾ ਘਰਿੰਡਾ ਦੀ ਪੁਲਸ ਨੇ ਮਨੋਜ ਚੌਧਰੀ ਖਿਲਾਫ 3,4,5,9 ਆਫੀਸ਼ੀਅਲ ਸੀਕ੍ਰੇਟ ਐਕਟ 1923 ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਸ ਨੂੰ ਗ੍ਰਿਫਤਾਰ ਕਰਨ ਲਈ ਫੌਜ ਤੱਕ ਪਹੁੰਚ ਕੀਤੀ ਗਈ ਹੈ। ਜਲਦੀ ਹੀ ਮਨੋਜ ਚੌਧਰੀ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।